ਮੁੰਬਈ: ਮੁੰਬਈ ਦੀ ਬਾਂਦਰਾ ਮੈਜਿਸਟ੍ਰੇਟ ਕੋਰਟ ਨੇ ਬਾਲੀਵੁੱਡ ਅਭਿਨੇਤਰੀ ਕੰਗਨਾ ਰਨੌਤ ਖਿਲਾਫ਼ ਐਫ਼ਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਕੰਗਨਾ ਦੇ ਖਿਲਾਫ਼ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਵਿੱਚ ਉਸ ਉੱਤੇ ਸਮਾਜਿਕ ਨਫ਼ਰਤ ਭੜਕਾਉਣ ਵਾਲੇ ਬਿਆਨ ਦੇਣ ਦਾ ਦੋਸ਼ ਹੈ। ਬਾਂਦਰਾ ਦੀ ਅਦਾਲਤ ਨੇ ਇਸ ਪਟੀਸ਼ਨ ਉੱਤੇ ਸੁਣਵਾਈ ਕਰਦਿਆਂ ਇਹ ਆਦੇਸ਼ ਦਿੱਤਾ ਹੈ।
ਕੰਗਨਾ ਰਣੌਤ ਸੋਸ਼ਲ ਮੀਡੀਆ ਪਲੇਟਫ਼ਾਰਮ ਤੋਂ ਲੈ ਕੇ ਟੀਵੀ ਤੱਕ ਹਰ ਜਗ੍ਹਾ ਬਾਲੀਵੁੱਡ ਵਿੱਚ ਕਥਿਤ ਬੁਰਾਈਆਂ ਖਿਲਾਫ਼ ਬੋਲਦੀ ਰਹੀ ਹੈ। ਉਹ ਬਾਲੀਵੁੱਡ 'ਚ ਕਥਿਤ ਤੌਰ 'ਤੇ ਨਸ਼ਿਆਂ ਦੇ ਜਾਲ ਅਤੇ ਭਤੀਜਾਵਾਦ ਖਿਲਾਫ਼ ਆਵਾਜ਼ ਉਠਾਉਂਦੀ ਰਹੀ ਹੈ। ਇਸਦੇ ਵਿਰੋਧ ਵਿੱਚ, ਦੋ ਮੁਸਲਮਾਨ ਵਿਅਕਤੀਆਂ ਨੇ ਬਾਂਦਰਾ ਦੀ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਕੰਗਨਾ ਰਣੌਤ ਆਪਣੇ ਟਵੀਟ ਰਾਹੀਂ ਦੋਵਾਂ ਭਾਈਚਾਰਿਆਂ ਦਰਮਿਆਨ ਨਫ਼ਰਤ ਵਧਾ ਰਹੀ ਹੈ, ਜਿਸ ਨਾਲ ਨਾ ਸਿਰਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਬਲਕਿ ਫ਼ਿਲਮ ਇੰਡਸਟਰੀ ਵਿੱਚ ਵੀ ਬਹੁਤ ਸਾਰੇ ਲੋਕ ਇਸ ਤੋਂ ਦੁਖੀ ਹਨ।
ਆਪਣੀ ਪਟੀਸ਼ਨ ਵਿੱਚ ਉਨ੍ਹਾਂ ਨੇ ਕੰਗਨਾ 'ਤੇ ਫਿਰਕਾਪ੍ਰਸਤੀ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾਇਆ ਹੈ। ਪਟੀਸ਼ਨਕਰਤਾਵਾਂ ਦੇ ਅਨੁਸਾਰ ਬਾਂਦਰਾ ਥਾਣੇ ਨੇ ਕੰਗਨਾ ਖਿਲਾਫ਼ ਲਗਾਏ ਗਏ ਦੋਸ਼ਾਂ ਦਾ ਨੋਟਿਸ ਲੈਣ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਨੇ ਮਾਮਲੇ ਦੀ ਜਾਂਚ ਲਈ ਅਦਾਲਤ ਵਿੱਚ ਪਹੁੰਚ ਕੀਤੀ। ਅਦਾਲਤ ਨੇ ਕੰਗਨਾ ਰਨੌਤ ਖਿਲਾਫ਼ ਐਫ਼ਆਈਆਰ ਦਰਜ ਕਰਨ ਦੇ ਆਦੇਸ਼ ਦਿੱਤੇ ਹਨ।
ਐਫ਼ਆਈਆਰ ਤੋਂ ਬਾਅਦ ਕੰਗਨਾ ਤੋਂ ਪੁੱਛਗਿੱਛ ਕੀਤੀ ਜਾਏਗੀ ਅਤੇ ਜੇ ਕੰਗਨਾ ਦੇ ਖਿਲਾਫ਼ ਕੋਈ ਸਬੂਤ ਹੈ ਕਿ ਉਸ ਦੀ ਗ੍ਰਿਫ਼ਤਾਰੀ ਵੀ ਕੀਤੀ ਜਾ ਸਕਦੀ ਹੈ।
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਰਨਾਟਕ ਦੇ ਤੁਮਕੁਰੂ ਜ਼ਿਲ੍ਹੇ 'ਚ ਅਦਾਕਾਰਾ ਕੰਗਨਾ ਰਣੌਤ ਖਿਲਾਫ਼ ਐਫ਼ਆਈਆਰ ਦਰਜ ਕੀਤੀ ਗਈ ਹੈ। ਸ਼ੁੱਕਰਵਾਰ ਨੂੰ ਇੱਕ ਅਦਾਲਤ ਨੇ ਪੁਲਿਸ ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ ਕੰਗਨਾ ਦੇ ਖਿਲਾਫ਼ ਇੱਕ ਟਵੀਟ ਸਬੰਧੀ ਐਫ਼ਆਈਆਰ ਦਰਜ ਕਰੇ।