ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਦੇਸ਼ ਨੂੰ ਸੰਬੋਧਨ ਕਰਦਿਆਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ। ਇਸ ਐਲਾਨ ਤੋਂ ਬਾਅਦ ਕਿਸਾਨਾਂ ਚ ਖੁਸ਼ੀ ਦੀ ਲਹਿਰ ਛਾਈ ਹੋਈ ਹੈ। ਉੱਥੇ ਹੀ ਦੂਜੇ ਪਾਸੇ ਕਈ ਸਿਆਸੀ ਆਗੂ ਅਤੇ ਸਿਤਾਰਿਆਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਗਿਆ।
ਦੱਸ ਦਈਏ ਕਿ ਸੋਨੂੰ ਸੂਦ, ਰਿਚਾ ਚੱਢਾ, ਤਾਪਸੀ ਪੰਨੂ ਅਤੇ ਕਈ ਹੋਰਾਂ ਨੇ ਟਵਿੱਟਰ 'ਤੇ ਆਪਣੀ ਰਾਏ ਸਾਂਝੀ ਕੀਤੀ। ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵੱਲੋਂ ਵੀ ਸੋਸ਼ਲ ਮੀਡੀਆ ’ਤੇ ਆਪਣੇ ਵਿਚਾਰੇ ਸਾਂਝੇ ਕੀਤੇ ਗਏ ਹਨ।
ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਪੀਐੱਮ ਮੋਦੀ ਦੇ ਐਲਾਨ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਉਦਾਸ, ਸ਼ਰਮਨਾਕ ਅਤੇ ਬਿਲਕੁਲ ਬੇਇਨਸਾਫੀ…। ਕੰਗਨਾ ਨੇ ਅੱਗੇ ਕਿਹਾ ਕਿ ਜੇਕਰ ਸੰਸਦ ਚ ਬੈਠੀ ਸਰਕਾਰ ਦੀ ਥਾਂ ’ਤੇ ਸੜਕਾਂ 'ਤੇ ਬੈਠੇ ਲੋਕ ਕਾਨੂੰਨ ਬਣਾਉਣਾ ਸ਼ੁਰੂ ਕਰ ਦੇਣ ਤਾਂ ਇਹ ਵੀ ਇੱਕ ਜੇਹਾਦੀ ਦੇਸ਼ ਹੈ... ਉਨ੍ਹਾਂ ਸਾਰਿਆਂ ਨੂੰ ਵਧਾਈਆਂ ਜੋ ਇਸ ਤਰ੍ਹਾਂ ਚਾਹੁੰਦੇ ਸਨ।
ਇਹ ਵੀ ਪੜੋ: ਖੇਤੀ ਕਾਨੂੰਨ, ਕਿਸਾਨੀ ਅੰਦੋਲਨ ਅਤੇ ਸਿਆਸਤ
ਦੱਸ ਦਈਏ ਕਿ ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਗੁਰੂ ਪੁਰਬ ਅਤੇ ਕਾਰਤਿਕ ਪੂਰਨਿਮਾ ਦੇ ਮੌਕੇ 'ਤੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ (new agricultural laws) ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਦੇਸ਼ਵਾਸੀਆਂ ਤੋਂ ਮੁਆਫੀ ਮੰਗਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਨੂੰ ਕਹਿਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਤਪੱਸਿਆ 'ਚ ਕੋਈ ਨਾ ਕੋਈ ਕਮੀ ਜ਼ਰੂਰ ਆਈ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਕਿਸਾਨ ਭਰਾਵਾਂ ਨੂੰ ਮਨਾ ਨਹੀਂ ਸਕੇ। ਉਨ੍ਹਾਂ ਕਿਹਾ ਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਇਹ ਕਿਸੇ ਨੂੰ ਦੋਸ਼ੀ ਠਹਿਰਾਉਣ ਦਾ ਸਮਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਪੂਰੇ ਦੇਸ਼ ਨੂੰ ਸੂਚਿਤ ਕਰਨ ਆਏ ਹਨ ਕਿ ਤਿੰਨ ਖੇਤੀਬਾੜੀ ਕਾਨੂੰਨਾਂ (3 new agricultural laws) ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ।