ਮੁੰਬਈ: ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਮਸ਼ਹੂਰ ਕਾਰੋਬਾਰੀ ਰਾਜ ਕੁੰਦਰਾ ਨੂੰ ਸੋਮਵਾਰ ਨੂੰ ਮੁੰਬਈ ਕ੍ਰਾਈਮ ਬ੍ਰਾਂਚ ਨੇ ਹਿਰਾਸਤ ਵਿੱਚ ਲੈ ਲਿਆ। ਰਾਜ ਕੁੰਦਰਾ 'ਤੇ ਅਸ਼ਲੀਲ ਫਿਲਮਾਂ ਬਣਾਉਣ ਅਤੇ ਐਪਸ ਦੇ ਜ਼ਰੀਏ ਉਨ੍ਹਾਂ ਨੂੰ ਦਿਖਾਉਣ ਦਾ ਇਲਜ਼ਾਮ ਲਗਾਇਆ ਗਿਆ ਹੈ।
ਇਸ ਸਬੰਧੀ ਮੁੰਬਈ ਦੇ ਪੁਲਿਸ ਕਮਿਸ਼ਨਰ ਹੇਮੰਤ ਨਾਗ੍ਰਾਲੇ ਨੇ ਦੱਸਿਆ ਕਿ ਰਾਜ ਕੁੰਦਰਾ ਦੇ ਖਿਲਾਫ਼ ਉਨ੍ਹਾਂ ਕੋਲ ਸਬੂਤ ਹਨ ਜਿਸ ਦੇ ਚੱਲਦੇ ਗ੍ਰਿਫਤਾਰ ਕੀਤਾ ਗਿਆ ਹੈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕੁੰਦਰਾ (45) ਨੂੰ ਕ੍ਰਾਈਮ ਬ੍ਰਾਂਚ ਨੇ ਗ੍ਰਿਫਤਾਰ ਕੀਤਾ ਹੈ। ਉਸ ਨੂੰ ਪੂਰੇ ਮਾਮਲੇ ਦਾ ਮਾਸਟਰਮਾਈਂਡ ਹੋਣ ਦੇ ਸ਼ੱਕ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਫਰਵਰੀ 2021 ਵਿਚ, ਕ੍ਰਾਈਮ ਬ੍ਰਾਂਚ ਨੇ ਮੁੰਬਈ ਵਿਚ ਅਸ਼ਲੀਲ ਫਿਲਮਾਂ ਬਣਾਉਣ ਅਤੇ ਕੁਝ ਐਪਸ ਰਾਹੀਂ ਉਨ੍ਹਾਂ ਨੂੰ ਜਾਰੀ ਕਰਨ ਲਈ ਕੇਸ ਦਰਜ ਕੀਤਾ ਸੀ।
ਅਸ਼ਲੀਲ ਫਿਲਮਾਂ ਬਣਾਉਣ ਦੇ ਲੱਗੇ ਇਲਜ਼ਾਮ
ਦਰਅਸਲ, ਪਹਿਲਾਂ ਰਾਜ ਕੁੰਦਰਾ ਨੂੰ ਅਪਰਾਧ ਸ਼ਾਖਾ ਵਿੱਚ ਜਾਂਚ ਪੜਤਾਲ ਦੇ ਲਈ ਬੁਲਾਇਆ ਗਿਆ ਸੀ। ਕ੍ਰਾਈਮ ਬ੍ਰਾਂਚ ਦਾ ਪ੍ਰਾਪਰਟੀ ਸੈੱਲ ਉਸ ਤੋਂ ਪੁੱਛਗਿੱਛ ਕਰ ਰਿਹਾ ਹੈ। ਇੱਕ ਰਿਪੋਰਟ ਮੁਤਾਬਕ ਪੁਲਿਸ ਨੇ ਪਿਛਲੇ ਹਫਤੇ ਦੋ ਐਫਆਈਆਰ ਦਰਜ ਕੀਤੀਆਂ ਸਨ । ਇਸ ਦੌਰਾਨ ਪੁਲਿਸ ਨੇ 9 ਲੋਕਾਂ ਨੂੰ ਅਸ਼ਲੀਲ ਫਿਲਮ ਲਈ ਨਿਊਡ ਸੀਨ ਸ਼ੂਟ ਕਰਨ ਦੇ ਲਈ ਮਜ਼ਬੂਰ ਕਰਨ ਦੇ ਇਲਜ਼ਾਮ ਹੇਠ ਗ੍ਰਿਫਤਾਰ ਕੀਤਾ ਸੀ। ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਇਨ੍ਹਾਂ ਫਿਲਮਾਂ ਨੂੰ ਮੋਬਾਇਲ ਪੇਡ ਐਪਲੀਕੇਸ਼ਨ ਤੇ ਰਿਲੀਜ਼ ਕੀਤਾ ਗਿਆ ਸੀ।