ਚੰਡੀਗੜ੍ਹ: ਸੁੱਖਾ ਕਾਹਲਵਾਂ ਦੇ ਜੀਵਨ 'ਤੇ ਆਧਾਰਿਤ ਫ਼ਿਲਮ 'ਸ਼ੂਟਰ' 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੋਕ ਲਗਾਉਣ ਦੇ ਹੁਕਮ ਦੇ ਦਿੱਤੇ ਹਨ। ਇਹ ਫ਼ੈਸਲਾ ਬੀਤੇ ਸ਼ੁੱਕਰਵਾਰ ਹੋਈ ਬੈਠਕ ਵਿੱਚ ਲਿਆ ਗਿਆ। ਪੰਜਾਬ ਸਰਕਾਰ ਦੇ ਇਸ ਫ਼ੈਸਲੇ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਵਕੀਲ ਐਚਸੀ ਅਰੋੜਾ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕੀਤੀ। ਐਚਸੀ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਫ਼ਿਲਮ 'ਸ਼ੂਟਰ' ਦਾ ਗੀਤ 'ਆਰਡਰ' ਸੁਣਿਆ ਸੀ। ਉਨ੍ਹਾਂ ਮੁਤਾਬਕ ਇਸ ਗੀਤ 'ਚ ਗੈਂਗਸਟਰ ਕਲਚਰ ਅਤੇ ਹਥਿਆਰਾਂ ਨੂੰ ਪੂਰੀ ਤਰ੍ਹਾਂ ਪ੍ਰਮੋਟ ਕੀਤਾ ਜਾ ਰਿਹਾ ਸੀ। ਇਸ ਕਾਰਨ ਉਨ੍ਹਾਂ 6 ਫ਼ਰਵਰੀ ਨੂੰ ਫ਼ਿਲਮ ਨੂੰ ਬੈਨ ਕਰਨ ਦੀ ਅਰਜ਼ੀ ਪੰਜਾਬ ਸਰਕਾਰ ਨੂੰ ਪਾਈ ਸੀ।
ਸੀਨੀਅਰ ਵਕੀਲ ਐਚ ਸੀ ਅਰੋੜਾ ਨੇ ਕਿਹਾ ਕਿ ਅਜਿਹੀਆਂ ਫ਼ਿਲਮਾਂ ਨੌਜਵਾਨਾਂ ਨੂੰ ਪ੍ਰਭਾਵਿਤ ਕਰਨ ਦਾ ਕੰਮ ਕਰਦੀਆਂ ਹਨ। ਇਨ੍ਹਾਂ ਫ਼ਿਲਮਾਂ ਕਰਕੇ ਪ੍ਰਦੇਸ਼ ਵਿੱਚ ਅਣਸੁਖਾਵੀਆਂ ਘਟਨਾਵਾਂ ਵਾਪਰਨ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਵਕੀਲ ਐਚ ਸੀ ਅਰੋੜਾ ਨੇ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਇਸ ਕਦਮ ਦੀ ਸ਼ਲਾਘਾ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਸੈਂਸਰ ਬੋਰਡ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਪੰਜਾਬੀ ਇੰਡਸਟਰੀ 'ਚ ਕਿਸੇ ਗੈਂਗਸਟਰ ਉੱਤੇ ਫ਼ਿਲਮ ਬਣੀ ਹੋਵੇ। ਇਸ ਤੋਂ ਪਹਿਲਾਂ ਫ਼ਿਲਮ ਰੁਪਿੰਦਰ ਗਾਂਧੀ ਨੂੰ ਵੀ ਦਰਸ਼ਕਾਂ ਨੇ ਪਸੰਦ ਕੀਤਾ ਸੀ। ਕੈਪਟਨ ਅਮਰਿੰਦਰ ਸਿੰਘ ਨੇ ਇਸ ਫ਼ਿਲਮ 'ਤੇ ਰੋਕ ਤਾਂ ਲਗਾ ਦਿੱਤੀ ਹੈ ਇਸ ਤੋਂ ਇਲਾਵਾ ਉਨ੍ਹਾਂ ਫ਼ਿਲਮ ਦੇ ਪ੍ਰੋਡਿਊਸਰ 'ਤੇ ਵੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।