ਅੰਮ੍ਰਿਤਸਰ: ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਦੇ ਚੱਲਦਿਆਂ ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਸੰਘਰਸ਼ ਕਰ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਜਦੋਂ ਤੱਕ ਖੇਤੀ ਦੇ ਤਿੰਨੋਂ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤੱਕ ਉਹ ਸੰਘਰਸ਼ ਜਾਰੀ ਰੱਖਣਗੇ। ਜਿਸ ਨੂੰ ਲੈਕੇ ਕਿਸਾਨਾਂ ਵਲੋਂ ਪੰਜਾਬ ਤੋਂ ਦਿੱਲੀ ਵੱਲ ਲਗਾਤਾਰ ਚਾਲੇ ਪਾਏ ਜਾ ਰਹੇ ਹਨ। ਇਸ ਦੇ ਚੱਲਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ 13ਵਾਂ ਜਥਾ ਦਿੱਲੀ ਸੰਘਰਸ਼ 'ਚ ਸ਼ਾਮਲ ਹੋਣ ਲਈ ਰਵਾਨਾ ਹੋਇਆ ਹੈ। ਜਿਸ 'ਚ ਵੱਡੀ ਗਿਣਤੀ 'ਚ ਔਰਤਾਂ, ਨੌਜਵਾਨ ਅਤੇ ਬਜ਼ੁਰਗ ਵੀ ਸ਼ਾਮਲ ਸੀ।
ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਦਾ ਕਹਿਣਾ ਕਿ ਸਰਕਾਰਾਂ ਵਲੋਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਲਈ ਇਹ ਕਾਨੂੰਨ ਬਣਾਏ ਗਏ ਹਨ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਕਿਸਾਨਾਂ ਦੀ ਜ਼ਮੀਨ ਖੋਹ ਕੇ ਕਾਰਪੋਰੇਟ ਘਰਾਣਿਆਂ ਦੇ ਹਵਾਲੇੁ ਕਰਨਾ ਚਾਹੁੰਦੀ ਹੈ, ਜਿਸ ਕਾਰਨ ਅਜਿਹੇ ਕਾਨੂੰਨ ਬਣਾਏ ਜਾ ਰਹੇ ਹਨ। ਕਿਸਾਨਾਂ ਦਾ ਕਹਿਣਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਅਤੇ ਐੱਮ.ਐੱਸ.ਪੀ 'ਤੇ ਕਾਨੂੰਨੀ ਗਰੰਟੀ ਅਤੇ ਬਿਜਲੀ ਸੋਧ ਬਿੱਲ ਅਤੇ ਪਰਾਲੀ ਐਕਟ ਰੱਦ ਨਹੀਂ ਹੁੰਦੇ ੳਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਕਿਸਾਨਾਂ ਦਾ ਕਹਿਣਾ ਕਿ ਉਨ੍ਹਾਂ ਨੂੰ ਅੰਦੋਲਨ ਭਾਵੇ 2024 ਤੱਕ ਲੜਨਾ ਪਵੇ ਤਾਂ ਵੀ ਉਨ੍ਹਾਂ ਵਲੋਂ ਪੂਰੀ ਤਿਆਰੀ ਹੈ। ਇਸ ਦੇ ਨਾਲ ਹੀ ਕਿਸਾਨਾਂ ਦਾ ਕਹਿਣਾ ਕਿ ਪ੍ਰਧਾਨ ਮੰਤਰੀ ਵਲੋਂ ਪੀ.ਐੱਮ ਹਾਊਸ ਬਣਾਉਣ ਲਈ ਕਰੋੜਾਂ ਖਰਚ ਕੀਤੇ ਜਾ ਰਹੇ ਹਨ, ਜਦਕਿ ਉਨ੍ਹਾਂ ਪੈਸਿਆਂ ਨੂੰ ਲੋਕਾਂ ਦੀ ਭਲਾਈ ਲਈ ਖਰਚ ਕੀਤਾ ਜਾ ਸਕਦਾ ਸੀ।
ਇਹ ਵੀ ਪੜ੍ਹੋ:ਆਪਣੇ ਹੀ ਸਰਕਾਰ ਖ਼ਿਲਾਫ਼ ਨਵਜੋਤ ਸਿੰਘ ਸਿੱਧੂ ਦੀ ਟਵੀਟ ਜੰਗ ਜਾਰੀ