ਅੰਮ੍ਰਿਤਸਰ: 'ਰੰਗਰੇਟੇ ਗੁਰੂ ਕੇ ਬੇਟੇ' ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 358ਵੇਂ ਜਨਮ ਦਿਹਾੜੇ ਨੂੰ ਸਮਰਪਿਤ 20ਵਾਂ ਚੇਤਨਾ ਮਾਰਚ ਮੰਗਲਵਾਰ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਆਰੰਭ ਹੋਇਆ। ਬਾਬਾ ਜੀਵਨ ਸਿੰਘ ਵਿੱਦਿਅਕ ਅਤੇ ਭਲਾਈ ਟਰੱਸਟ ਚੰਡੀਗੜ੍ਹ ਵਲੋਂ ਆਯੋਜਿਤ ਇਸ ਚੇਤਨਾ ਮਾਰਚ 'ਚ ਵੱਖ ਵੱਖ ਸੂਬਿਆਂ ਦੇ ਲੋਕਾਂ ਨੇ ਹਿੱਸਾ ਲਿਆ।
ਫੁੱਲਾਂ ਨਾਲ ਸਜਾਈ ਹੋਈ ਬਸ 'ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਰਦਾਸ ਉਪਰੰਤ ਆਰੰਭ ਹੋਏ ਇਸ ਨਗਰ ਕੀਰਤਨ ਦਾ ਸੰਗਤਾਂ ਨੇ ਫੁੱਲਾਂ ਦੀ ਵਰਖਾ ਨਾਲ ਨਿੱਘਾ ਸਵਾਗਤ ਕੀਤਾ।
ਇਹ ਵੀ ਪੜ੍ਹੋ- ਪੀਯੂ ਦਾ ਚੋਣ ਅਖਾੜਾ: ਅਕਾਲੀਆਂ ਨੇ ਲਾਈ ਪੂਰੀ ਵਾਹ
ਬਾਬਾ ਜੀਵਨ ਸਿੰਘ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ਟਰੱਸਟ ਦੇ ਚੇਅਰਮੈਨ ਜਸਵੰਤ ਸਿੰਘ ਨੇ ਦੱਸਿਆ ਕਿ ਬਾਬਾ ਜੀਵਨ ਸਿੰਘ ਨੇ ਦਸ਼ਮ ਪਿਤਾ ਗੁਰੂ ਗੋਬਿੰਦ ਸਿੰਘ ਨਾਲ ਲਗਭਗ ਸਾਰੀਆਂ ਜੰਗਾਂ 'ਚ ਵੱਧ ਚੜ ਕੇ ਹਿੱਸਾ ਲਿਆ ਅਤੇ ਇਸ ਦੌਰਾਨ ਆਪਣੇ ਸਾਰੇ ਪਰਿਵਾਰ ਦਾ ਬਲੀਦਾਨ ਵੀ ਦਿੱਤਾ। ਜਾਣਕਾਰੀ ਸਾਂਝੀ ਕਰਦਿਆਂ ਜਸਵੰਤ ਸਿੰਘ ਨੇ ਦੱਸਿਆ ਕਿ ਇਹ 20ਵਾਂ ਚੇਤਨਾ ਮਾਰਚ ਬਾਬਾ ਜੀਵਨ ਸਿੰਘ ਦੀ ਮਹਾਨ ਸ਼ਹਾਦਤ ਤੋਂ ਸੰਗਤਾਂ ਨੂੰ ਜਾਣੂ ਕਰਵਾਉਂਦਾ ਹੋਇਆ ਵੱਖ ਵੱਖ ਪਿੰਡਾਂ ਸ਼ਹਿਰਾਂ 'ਚੋਂ ਹੁੰਦਾ ਹੋਇਆ ਅੱਜ ਰਾਤ ਫਤਹਿਗੜ੍ਹ ਸਾਹਿਬ ਪਹੁੰਚੇਗਾ ਅਤੇ ਰਾਤ ਅਰਾਮ ਕਰਨ ਤੋਂ ਬਾਅਦ ਕਲ ਰਾਤ ਗੁਰਦੁਆਰਾ ਨਾਢਾ ਸਾਹਿਬ ਪੰਚਕੁਲਾ ਪਹੁੰਚ ਕੇ ਸੰਪਨ ਹੋਵੇਗਾ। ਉਨ੍ਹਾਂ ਦੱਸਿਆ ਕਿ 5 ਸਤੰਬਰ ਨੂੰ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਨਾਢਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਦੀਵਾਨ ਸਜਾਏ ਜਾਣਗੇ।