ਅੰਮ੍ਰਿਤਸਰ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ 1 ਅਗਸਤ ਨੂੰ ਨਨਕਾਣਾ ਸਾਹਿਬ ਤੋਂ ਅੰਤਰ ਰਾਸ਼ਟਰੀ ਨਗਰ ਕੀਰਤਨ ਸ਼ੁਰੂ ਹੋਣ ਜਾ ਰਿਹਾ ਹੈ। ਨਗਰ ਕੀਰਤਨ ਵਿੱਚ ਸ਼ਾਮਲ ਹੋਣ ਲਈ 508 ਸ਼ਰਧਾਲੂਆਂ ਦਾ ਇੱਕ ਜੱਥਾ ਕੱਲ ਪਾਕਿਸਤਾਨ ਲਈ ਰਵਾਨਾ ਹੋਵੇਗਾ।
ਐੱਸ.ਜੀ.ਪੀ.ਸੀ. ਵੱਲੋ ਸ਼ਰਧਾਲੂਆਂ ਨੂੰ ਪਾਸਪੋਰਟ ਵੀ ਦੇ ਦਿੱਤੇ ਗਏ ਹਨ ਜੋ ਗੁਰੂਧਾਮਾਂ ਦੇ ਦਰਸ਼ਨ ਕਰਕੇ ਨਗਰ ਕੀਰਤਨ ਨਾਲ ਹੀ ਵਾਪਸ ਭਾਰਤ ਪਰਤਣਗੇ। ਸ਼ਰਧਾਲੂਆਂ ਦਾ ਕਹਿਣਾ ਹੈ ਕਿ ਉਹ ਖੁਸ਼ ਕਿਸਮਤ ਹਨ ਕਿ ਉਹ ਇਸ ਅੰਤਰਾਸ਼ਟਰੀ ਨਗਰ ਕੀਰਤਨ ਦਾ ਹਿੱਸਾ ਬਣਨ ਜਾ ਰਹੇ ਹਨ ਅਤੇ ਪਾਕਿਸਤਾਨ ਦੇ ਗੁਰੂਦੁਆਰਿਆਂ ਦੇ ਦਰਸ਼ਨ ਕਰ ਸਕਣਗੇ।
ਐੱਸ.ਜੀ.ਪੀ.ਸੀ. ਦੇ ਮੈਂਬਰ ਜੋਗਿੰਦਰ ਸਿੰਘ ਜੌੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ 1 ਅਗਸਤ ਨੂੰ ਨਨਕਾਣਾ ਸਾਹਿਬ ਤੋਂ ਅੰਤਰ ਰਾਸ਼ਟਰੀ ਨਗਰ ਕੀਰਤਨ 'ਚ ਸ਼ਾਮਲ ਹੋਣ ਲਈ 508 ਸ਼ਰਧਾਲੂਆਂ ਦੇ ਵੀਜ਼ੇ ਲੱਗੇ ਹਨ 'ਤੇ ਉਹ ਕੱਲ ਪਾਕਿਸਤਾਨ ਲਈ ਰਵਾਨਾ ਹੋਣਗੇ। ਜਾਣਕਾਰੀ ਲਈ ਦੱਸ ਦੇਈਏ ਕਿ ਇਹ ਜੱਥਾ ਪਾਕਿਸਤਾਨ ਸਥਿਤ ਗੁਰੂਦੁਆਰਿਆਂ ਦੇ ਦਰਸ਼ਨ ਕਰਕੇ 1 ਅਗਸਤ ਨੂੰ ਨਗਰ ਕੀਰਤਨ ਨਾਲ ਭਾਰਤ ਵਾਪਸ ਪਰਤੇਗਾ ।