ਅੰਮ੍ਰਿਤਸਰ : ਨੌਂਵੀ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਭਗਤੀ ਸਥਾਨ ਵਜੋਂ ਦੁਨੀਆ ਭਰ ਵਿੱਚ ਜਾਣੇ ਜਾਂਦੇ ਇਤਿਹਾਸਕ ਨਗਰ ਸ਼੍ਰੀ ਬਾਬਾ ਬਕਾਲਾ ਸਾਹਿਬ ਵਿਖੇ ਸਥਿਤ ਗੁਰਦੁਆਰਾ ਸਾਹਿਬ ਨੌਂਵੀ ਪਾਤਸ਼ਾਹੀ ਵਿਖੇ ਵੈਸਾਖੀ ਦੇ ਤਿਉਹਾਰ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪੁੱਜੀਆਂ ਅਤੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਗੁਰਦੁਆਰਾ ਨੌਂਵੀ ਪਾਤਸ਼ਾਹੀ ਦੇ ਮੁੱਖ ਮੈਨੇਜਰ ਸਤਿੰਦਰ ਸਿੰਘ ਬਾਜਾਵਾ ਨੇ ਦੱਸਿਆ ਕਿ ਮਾਝੇ ਵਿੱਚ ਸਥਿਤ ਬਾਬਾ ਬਕਾਲਾ ਸਾਹਿਬ ਵਿਖੇ ਹਰ ਸਾਲ ਵੈਸਾਖੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ ਅਤੇ ਇਸ ਵਾਰ ਵੀ ਵੱਡੀ ਗਿਣਤੀ ਵਿੱਚ ਪੁੱਜੀਆਂ ਸੰਗਤਾਂ ਨੇ ਗੁਰੁਦਆਰਾ ਨੌਂਵੀ ਪਾਤਸ਼ਾਹੀ ਵਿਖੇ ਸਰੋਵਰ ਵਿੱਚ ਇਸ਼ਨਾਨ ਕਰਕੇ ਵੈਸਾਖੀ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਜਿਕਰਯੋਗ ਹੈ ਕਿ ਇਸ ਮੌਕੇ ਜਿੱਥੇ ਗੁਰੂ ਘਰ ਦੇ ਕੀਰਤਨੀ ਜੱਥੇ ਵਲੋਂ ਇਲਾਹੀ ਬਾਣੀ ਰਸ ਭਿੰਨਾ ਕੀਰਤਨ ਕਰਦੇ ਹੋਏ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆਂ ਉਥੇ ਇਤਿਹਾਸਕਾਰਾਂ ਵਲੋਂ ਵੈਸਾਖੀ ਨਾਲ ਸਬੰਧਿਤ ਸਿੱਖ ਧਰਮ ਦੇ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਗੁਰਦੁਆਰਾ ਸਾਹਿਬ ਵਿੱਚ ਸੁੰਦਰ ਸਜਾਵਟ ਕੀਤੀ ਗਈ।