ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਥਾਪੇ ਗਏ ਨਵੇਂ ਪ੍ਰਧਾਨ ਜਰਨੈਲ ਸਿੰਘ ਨੇ ਅੱਜ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ, ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਹੋਰ ਪਾਰਟੀ ਆਗੂ ਤੇ ਵਰਕਰ ਮੌਜੂਦ ਸਨ।
ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵੀ ਸੱਦੀ ਗਈ ਹੈ, ਜਿਸ ਦੀ ਪ੍ਰਧਾਨਗੀ ਜਰਨੈਲ ਸਿੰਘ ਕਰਨਗੇ। ਇਸ ਤੋਂ ਬਾਅਦ ਦੁਪਹਿਰ ਉਹ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਜਾਣਗੇ। ਇੱਥੇ ਉਹ ਸ਼ਹੀਦਾਂ ਨੂੰ ਨਮਨ ਕਰਨਗੇ।
ਦੱਸ ਦੇਈਏ ਕਿ ਪੰਜਾਬ ਇਕਾਈ ਦਾ ਪ੍ਰਧਾਨ ਬਣਨ ਤੋਂ ਬਾਅਦ ਜਰਨੈਲ ਸਿੰਘ ਦਾ ਇਹ ਪਹਿਲਾ ਪੰਜਾਬ ਦੌਰਾ ਹੈ। ਜਰਨੈਲ ਸਿੰਘ ਦਿੱਲੀ ਦੇ ਤਿਲਕ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ।
ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਜਰਨੈਲ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੇ ਸਵਾਲ ਤੇ ਕਿਹਾ ਕਿ ਪੰਜਾਬ ਦਾ ਭਲਾ ਕਰਨ ਵਾਲੇ ਹਰ ਵਿਅਕਤੀ ਦਾ ਪਾਰਟੀ 'ਚ ਸਵਾਗਤ ਹੈ। ਇਸ ਤੋਂ ਇਲਾਵਾ ਭਗਵੰਤ ਮਾਨ ਨੇ ਸੂਬਾ ਸਰਕਾਰ 'ਤੇ ਨਿਸ਼ਾਨੇ ਵਿੰਨ੍ਹੇ।