ਅੰਮ੍ਰਿਤਸਰ: ਆਮ ਆਦਮੀ ਪਾਰਟੀ (Aam Aadmi Party) ਦੇ ਆਗੂਆਂ ਅਤੇ ਵਰਕਰਾਂ ਦੇ ਵੱਲੋਂ ਅੰਮ੍ਰਿਤਸਰ ਦੀ ਭਗਤਾਂ ਵਾਲੀ ਮੰਡੀ ਵਿੱਚ ਪਹੁੰਚ ਕਿਸਾਨਾਂ ਦੇ ਨਾਲ ਮੁਲਾਕਾਤ ਕੀਤੀ ਗਈ ਅਤੇ ਇਸ ਦੌਰਾਨ ਉਨ੍ਹਾਂ ਦੇ ਵੱਲੋਂ ਮੰਡੀ ਵਿੱਚ ਕਿਸਾਨਾਂ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਆਪ ਆਗੂਆਂ ਨੇ ਸਰਕਾਰ ‘ਤੇ ਇਲਜ਼ਾਮ ਲਗਾਇਆ ਕਿ ਮੰਡੀ ਦੇ ਵਿੱਚ ਕਿਸਾਨਾਂ ਦੀ ਕੋਈ ਸਾਰ ਨਹੀਂ ਲਈ ਜਾ ਰਹੀ ਜਿਸ ਕਰਕੇ ਕਿਸਾਨਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਚੰਨੀ ਸਰਕਾਰ (Channi government) ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਵਿੱਚ ਅਸਫਲ ਸਾਬਿਤ ਹੋਈ ਹੈ। ਅਜਨਾਲਾ ਹਲਕੇ ਤੋਂ ਹਲਕਾ ਇੰਚਾਰਜ ਕੁਲਦੀਪ ਸਿੰਘ ਧਾਲੀਵਾਲ ਤੇ ਆਮ ਆਦਮੀ ਪਾਰਟੀ ਦੇ ਆਗੂ ਡਾ. ਅਜੇ ਗੁਪਤਾ ਨੇ ਕਿਹਾ ਕਿ ਕਿਸਾਨ ਦੀ ਹਾਲਤ ਬਹੁਤ ਤਰਸਯੋਗ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਹੱਕੀ ਮੰਗਾਂ ਲਈ ਨਾ ਸਿਰਫ ਕੇਂਦਰ ਨਾਲ ਲੜਾਈ ਲੜ ਰਿਹਾ ਹੈ ਅਤੇ ਦੂਸਰੇ ਪਾਸੇ ਕੁਦਰਤ ਵੀ ਸਾਥ ਨਹੀਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨ੍ਹਾਂ ਦੇ ਵਿੱਚ ਪਏ ਬੇਮੌਸਮੇ ਮੀਂਹ ਨੇ ਕਿਸਾਨਾਂ ਦੀਆਂ ਫਸਲਾਂ ਤਬਾਹ ਕਰਕੇ ਰੱਖ ਦਿੱਤੀਆਂ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਗੁਲਾਬੀ ਸੁੰਡੀ ਕਰਕੇ ਵੀ ਕਿਸਾਨਾਂ ਦਾ ਨਰਮਾ ਤਬਾਹ ਹੋ ਗਿਆ ਅਤੇ ਹੁਣ ਜਿਹੜਾ ਬਚਿਆ ਹੈ ਉਸ ਨੂੰ ਲੈਕੇ ਮੰਡੀਆਂ ਦੇ ਵਿੱਚ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਆਪ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀ ਕੋਈ ਸਾਰ ਨਹੀਂ ਲੈ ਰਿਹਾ। ਉਨ੍ਹਾਂ ਕਿਹਾ ਕਿ ਨਾਂ ਹੀ ਕੇਂਦਰ ਸਰਕਾਰ ਦੀਆਂ ਏਜੰਸੀਆਂ ਅਤੇ ਨਾ ਹੀ ਪੰਜਾਬ ਸਰਕਾਰ ਦੀਆਂ ਏਜੰਸੀਆਂ ਫਸਲਾਂ ਖਰੀਦ ਰਹੀਆਂ ਹਨ ਜਿਸ ਪੱਧਰ ‘ਤੇ ਇਹ ਫਸਲਾਂ ਖਰੀਦੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਸ਼ਾਇਦ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਕਿਸਾਨਾਂ ਨਾਲ ਇਸ ਗੱਲ ਦਾ ਬਦਲਾ ਲੈ ਰਹੀ ਹੈ ਕਿ ਪਿਛਲੇ ਇਕ ਸਾਲ ਤੋਂ ਲਗਾਤਾਰ ਕਿਸਾਨ ਤਿੰਨ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ।
ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਕਾਫੀ ਦਿਨਾਂ ਤੋਂ ਮੰਡੀਆਂ ਵਿੱਚ ਰੁਲ ਰਹੇ ਹਨ ਅਤੇ ਸਰਕਾਰ ਉਨ੍ਹਾਂ ਨੂੰ ਐੱਮਐੱਸਪੀ ਰੇਟ ਨਹੀਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਰੇਟ 1950 ਰੁਪਏ ਹੈ ਜਦਕਿ ਉਨ੍ਹਾਂ ਨੂੰ ਆਪਣੀ ਫਸਲ 1400 ਜਾਂ 1500 ਰੁਪਏ ਵਿੱਚ ਵੇਚਣ ਨੂੰ ਮਜਬੂਰ ਹੋਣਾ ਪੈ ਰਿਹਾ ਹੈ। ਕਿਸਾਨਾਂ ਦਾ ਕਹਿਣੈ ਕਿ ਪੈਸਿਆਂ ਦੇ ਲੈਣ-ਦੇਣ ਨੂੰ ਲੈਕੇ ਵੀ ਉਨ੍ਹਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ
ਇਹ ਵੀ ਪੜ੍ਹੋ:ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ