ਅੰਮ੍ਰਿਤਸਰ: ਸਿੱਖਾਂ ਦੀ ਆਸਥਾ ਦਾ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿੱਥੇ ਰੋਜ਼ਾਨਾ ਹੀ ਲੱਖਾਂ ਦੀ ਗਿਣਤੀ 'ਚ ਸੰਗਤ ਦੇਸ਼ ਵਿਦੇਸ਼ ਤੋਂ ਨਤਮਸਤਕ ਹੋਣ ਪਹੁੰਚਦੀ ਹੈ, ਉੱਥੇ ਕਈ ਬਾਲੀਵੁੱਡ ਸਿਤਾਰੇ ਤੇ ਕਈ ਰਾਜਨੀਤਕ ਨੇਤਾ ਵੀ ਸੱਚਖੰਡ ਸ੍ਰੀ ਦਰਬਾਰ ਸਹਿਬ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਦਿਖਾਈ ਦਿੰਦੇ ਹਨ। ਜਿਸ ਦੇ ਚਲਦੇ ਆਮ ਆਦਮੀ ਪਾਰਟੀ ਦੇ ਆਗੂ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ।
ਪੰਜਾਬ ਵਿੱਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਾਅਦ ਜਿਥੇ ਵਿਧਾਇਕ ਅਤੇ ਕੈਬਨਿਟ ਮੰਤਰੀ ਬਣਨ ਤੋਂ ਬਾਅਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚ ਰਹੇ ਹਨ। ਉੱਥੇ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਬਣੇ ਕੁਲਤਾਰ ਸਿੰਘ ਸੰਧਵਾਂ ਵੀ ਦੇਰ ਸ਼ਾਮ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਅਤੇ ਕੁਲਤਾਰ ਸਿੰਘ ਸੰਧਵਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਮਗਰੋਂ ਉਨ੍ਹਾਂ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਨ ਕੀਤਾ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬਤੌਰ ਸਪੀਕਰ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ ਹਨ ਅਤੇ ਪ੍ਰਮਾਤਮਾ ਦੇ ਅੱਗੇ ਅਰਦਾਸ ਕਰਦੇ ਹਨ ਕਿ ਉਨ੍ਹਾਂ ਨੂੰ ਮਿਲੀ ਜ਼ਿੰਮੇਵਾਰੀ ਉਹ ਪੂਰੀ ਈਮਾਨਦਾਰੀ ਨਾਲ ਨਿਭਾਉਣ।
ਇਸ ਦੌਰਾਨ ਜਦੋਂ ਪੱਤਰਕਾਰਾਂ ਵੱਲੋਂ ਸਵਾਲ ਕੀਤਾ ਗਿਆ ਕਿ ਪੰਜਾਬ ਦੇ ਲੋਕਾਂ ਨੂੰ ਜੋ ਪਾਰਟੀ ਨੇ ਗਾਰੰਟੀਆਂ ਦਿੱਤੀਆਂ ਕਦੋਂ ਤੱਕ ਪੂਰੀਆਂ ਹੋਣਗੀਆਂ ਤਾਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਹ ਹੁਣ ਬਤੌਰ ਸਪੀਕਰ ਇੱਥੇ ਪਹੁੰਚੇ ਹਨ ਅਤੇ ਇਸ ਚੀਜ਼ ਦਾ ਜਵਾਬ ਉਹ ਵੀ ਵਿਧਾਨ ਸਭਾ 'ਚ ਬੈਠ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਮੰਤਰੀਆਂ ਕੋਲੋਂ ਲੈਣਗੇ।
ਇਹ ਵੀ ਪੜ੍ਹੋ: ਸ਼੍ਰੋਮਣੀ ਕਮੇਟੀ ਚੋਣਾਂ ਨੂੰ ਲੈ ਕੇ ਬਾਦਲ ਦੇ ਬਿਆਨ ਨੇ ਛੇੜੀ ਨਵੀਂ ਚਰਚਾ