ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਅਧੀਨ ਆਉਂਦੇ ਸਾਰੇ ਗੁਰੂ ਘਰਾਂ ਵਿੱਚ ਅੱਜ ਤੋਂ ਸ੍ਰੀ ਅਖੰਡ ਸਾਹਿਬ ਦੇ ਪਾਠ ਆਰੰਭ ਕਰਵਾ ਦਿੱਤੇ ਗਏ ਹਨ। ਇਸੇ ਤਹਿਤ ਹੀ ਗੁਰਦੁਆਰਾ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਸਾਹਿਬ ਦੇ ਪਾਠ ਦੇ ਪ੍ਰਕਾਸ਼ ਕਰਵਾਏ ਗਏ।
ਇਸ ਮੌਕੇ ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਪੂਰੀ ਮਨੁੱਖਤਾ ਨੂੰ ਬਚਾਉਣ ਲਈ ਸ੍ਰੀ ਗ੍ਰੰਥ ਸਾਹਿਬ ਦੇ ਸਨਮੁੱਖ ਅਰਦਾਸ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਸਾਰੇ ਹੀ ਗੁਰੂ ਘਰਾਂ ਦੇ ਮੈਨੇਜਰਾਂ ਨੂੰ 17 ਮਾਰਚ ਤੋਂ ਲੈ ਕੇ 19 ਮਾਰਚ ਤੱਕ ਸ੍ਰੀ ਅਖੰਡ ਸਾਹਿਬ ਦੇ ਪਾਠ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਇਸ ਮੌਕੇ ਉਨ੍ਹਾਂ ਨੇ ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੀਆਂ ਸੰਗਤਾਂ ਦੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਵਿਸਾਖੀ 'ਤੇ ਸੰਗਤਾਂ ਜ਼ਰੂਰ ਜਾਣਗੀਆਂ, ਕਿਉਂਕਿ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਕਰ ਲਏ ਗਏ ਹਨ ਤੇ ਪਾਕਿਸਤਾਨ ਸਰਕਾਰ ਵੱਲੋਂ ਵੀ ਤਿਆਰੀਆਂ ਕਰ ਲਈਆਂ ਗਈਆਂ ਹਨ।
ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਦੀ ਅਰਦਾਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਤੇ ਕੁਲਵਿੰਦਰ ਸਿੰਘ ਸਮੇਤ ਹੋਰ ਕਮੇਟੀ ਦੇ ਅਧਿਕਾਰੀ ਵੀ ਮੌਜੂਦ ਰਹੇ।
ਇਹ ਵੀ ਪੜ੍ਹੋ: ਕੋਰੋਨਾ ਵਾਇਰਸ ਨਾਲ ਭਾਰਤ ਵਿੱਚ ਤੀਜੀ ਮੌਤ