ਅੰਮ੍ਰਿਤਸਰ: ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ‘ਚ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਅੱਗੇ 14 ਸਤੰਬਰ ਤੋਂ ਪੱਕਾ ਧਰਨਾ ਲਗਾਇਆ ਸੀ। ਇਸ ਧਰਨੇ ਦੌਰਾਨ ਮੰਗਲਵਾਰ ਨੂੰ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤੇ ਪ੍ਰਦਰਸ਼ਨ ਕਰ ਰਹੇ ਸਿੱਖ ਜਥੇਬੰਦੀਆਂ ਵਿਚਾਲੇ ਹਿੰਸਕ ਝੜਪ ਹੋ ਗਈ, ਜਿਸ ਵਿੱਚ ਕੁਝ ਵਿਅਕਤੀਆਂ ਦੇ ਸੱਟਾਂ ਵੀ ਲੱਗੀਆਂ।
ਬੀਤੇ ਦਿਨ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਅਤੇ ਸਿੱਖ ਜਥੇਬੰਦੀਆਂ ਦਰਮਿਆਨ ਮੀਟਿੰਗ ਵੀ ਹੋਈ ਸੀ ਪਰ ਕੋਈ ਸਮਝੌਤਾ ਨਹੀਂ ਹੋ ਸਕਿਆ। ਫਿਰ ਅੱਜ ਉਸ ਵੇਲੇ ਮਾਹੌਲ ਖਰਾਬ ਹੋ ਗਿਆ ਜਦੋਂ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਨੇ ਜਥੇਬੰਦੀਆਂ ਦਾ ਧਰਨਾ ਹਟਾਉਣ ਲਈ ਬਲ ਦਾ ਪ੍ਰਯੋਗ ਕੀਤਾ।
ਸ਼੍ਰੋਮਣੀ ਕਮੇਟੀ ਨੇ ਹਿੰਸਕ ਝੜਪ ਤੋਂ ਬਾਅਦ ਗੁਰਦੁਆਰਾ ਬਾਬਾ ਅਟੱਲ ਰਾਏ ਵਾਲਾ ਰਸਤਾ, ਗੁਰੂ ਰਾਮਦਾਸ ਸਰਾਂ ਦੇ ਨਜ਼ਦੀਕ ਅਤੇ ਮੰਜੀ ਸਾਹਿਬ ਦੀਵਾਨ ਹਾਲ ਨੂੰ ਜਾਂਦਾ ਰਸਤਾ ਬੰਦ ਕਰ ਦਿੱਤਾ। ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਲੰਗਰ ਗੁਰੂ ਰਾਮਦਾਸ ਜੀ ਵਾਲੇ ਰਸਤੇ ਰਾਹੀਂ ਜਾਂ ਘੰਟਾ ਘਰ ਮਾਈ ਸੇਵਾ ਵਾਲਾ ਬਾਜ਼ਾਰ ਅਤੇ ਆਟਾ ਮੰਡੀ ਵਾਲੇ ਰਸਤਿਆਂ ਰਾਹੀਂ ਦਰਸ਼ਨ ਕਰਨ ਜਾ ਰਹੇ ਹਨ।