ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਵੱਲੋਂ ਅੱਜ ਡੀਸੀ ਦਫਤਰ ਤੱਕ ਰੋਸ ਮਾਰਚ ਕੱਢਿਆ ਗਿਆ। ਰੋਸ ਮਾਰਚ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਮੈਬਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰੇਕ ਜਥੇਬੰਦੀ ਨੂੰ ਅਧਿਕਾਰ ਹੈ ਆਪਣੀ ਗੱਲ ਰੱਖਣ ਦਾ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਖ਼ਿਲਾਫ਼ ਵਿੱਢੀ ਗਈ ਕਾਰਵਾਈ ਦੌਰਾਨ ਪੰਜਾਬ ਪੁਲਿਸ ਨੇ ਬਹੁਤ ਸਾਰੇ ਨੌਜਵਾਨਾਂ ਨੂੰ ਬਗੈਰ ਕਿਸੇ ਕਸੂਰ ਤੋਂ ਜੇਲ੍ਹਾਂ ਵਿੱਚ ਡੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪੰਜਾਬ ਸਰਕਾਰ ਜਲਦ ਤੋਂ ਜਲਦ ਰਿਹਾਅ ਕਰਕੇ ਉਨ੍ਹਾਂ ਉੱਤੇ ਦਰਜ ਕੀਤੇ ਮੁਕੱਦਮਿਆਂ ਨੂੰ ਵੀ ਰੱਦ ਕਰੇ। ਧਾਮੀ ਨੇ ਕਿਹਾ ਕਿ ਪੁਲਿਸ ਨੇ ਨੌਜਵਾਨਾਂ ਉੱਤੇ ਫੌਜਦਾਰੀ ਦੇ ਵੀ ਮੁਕੱਦਮੇ ਦਰਜ ਕੀਤੇ ਨੇ ਜੋ ਕਿ ਨਾ-ਇਨਸਾਫ਼ੀ ਹੈ।
ਨੈੱਟ ਬੰਦ ਕਰਕੇ ਨੌਜਵਾਨਾਂ ਖ਼ਿਲਾਫ਼ ਐਕਸ਼ਨ: ਉਨ੍ਹਾਂ ਇਸ ਮੌਕੇ ਉਚੇਚੇ ਤੌਰ ਉੱਤੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਪੰਜਾਬ ਸਰਕਾਰ ਨੂੰ ਨੌਜਵਾਨਾਂ ਦੀ ਰਿਹਾਈ ਲਈ ਸੂਬਾ ਸਰਕਾਰ ਨੂੰ ਅਲਟੀਮੇਟਮ ਦਿੱਤਾ ਪਰ ਪੰਜਾਬ ਦੇ ਮੁੱਖ ਮੰਤਰੀ ਨੇ ਜਿੱਥੇ ਸਿੱਖਾਂ ਦੀ ਸਿਰਮੋਰ ਸੰਸਥਾ ਦੇ ਮੁਖੀ ਨੂੰ ਅਪੱਤੀਜਨਕ ਸ਼ਬਦ ਬੋਲੇ ਉੱਥੇ ਹੀ ਉਨ੍ਹਾਂ ਦਾ ਟਵਿੱਟਰ ਵੀ ਬੰਦ ਕਰ ਦਿੱਤਾ। ਧਾਮੀ ਨੇ ਕਿਹਾ ਕਿ ਸੂਬੇ ਦੇ ਸੀਐੱਮ ਭਗਵੰਤ ਮਾਨ ਨੂੰ ਇਹ ਗੱਲਾਂ ਸ਼ੋਭਾ ਨਹੀਂ ਦਿੰਦੀਆਂ। ਇਸ ਤੋਂ ਇਲਾਵਾ ਪ੍ਰਦਰਸ਼ਨ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਸੀਐੱਮ ਮਾਨ ਦੇ ਐਕਸ਼ਨ ਦੇ ਵਿਰੋਧ ਕਰਦਿਆਂ ਪ੍ਰਦਰਸ਼ਨਕਾਰੀਆਂ ਨੇ ਡੀਸੀ ਦਫ਼ਤਰ ਬਹਰ ਧਰਨਾ ਦਿੱਤਾ ਅਤੇ ਮੂਲ ਮੰਤਰ ਦਾ ਜਾਪ ਕੀਤਾ। ਇਸ ਮੌਕੇ ਹਰਜਿੰਦਰ ਸਿੰਘ ਧਾਮੀ ਨੇ ਮੁੜ ਦੋਹਰਾਇਆ ਕਿ ਸਰਕਾਰ ਵੱਲੋਂ ਨੈੱਟ ਬੰਦ ਕਰਕੇ ਨੌਜਵਾਨਾਂ ਖ਼ਿਲਾਫ਼ ਜੋ ਐਕਸ਼ਨ ਕੀਤਾ ਉਸ ਨੇ 84 ਦੇ ਸਮੇਂ ਦੀਆਂ ਯਾਦਾਂ ਤਾਜ਼ਾ ਕਰ ਦਿੱਤੀਆਂ। ਧਾਮੀ ਨੇ ਕਿਹਾ ਕਿ ਸਾਰੇ ਨੌਜਵਾਨਾਂ ਨੂੰ ਰਿਹਾਅ ਕਰਕੇ ਪਰਚੇ ਰੱਦ ਕੀਤੇ ਜਾਣ ਤਾਂ ਜੋ ਨੌਜਵਾਨਾਂ ਪਰਿਵਾਰਾਂ ਨੂੰ ਮਿਲ ਸਕਣ।
ਸਰਬੱਤ ਖ਼ਾਲਸਾ ਬੁਲਾਉਣ ਦੀ ਮੰਗ: ਇਸ ਮੌਕੇ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਉਹ ਮੰਗ ਪੱਤਰ ਦੇਣ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸ਼ਾਂਤੀ ਨਾਲ ਰਹਿਣਾ ਚਾਹੁੰਦੇ ਹਨ, ਉਨ੍ਹਾਂ ਨੂੰ ਸ਼ਾਂਤੀ ਨਾਲ ਰਹਿਣ ਦਿਓ ਅਤੇ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰੋ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਅੰਮ੍ਰਿਤਪਾਲ ਨੇ ਜੋ ਸਰਬੱਤ ਖ਼ਾਲਸਾ ਬੁਲਾਉਣ ਦੀ ਮੰਗ ਕੀਤੀ ਹੈ ਉਸ ਉੱਤੇ ਫੈਸਲਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਲੈਣਗੇ।
ਇਹ ਵੀ ਪੜ੍ਹੋ: Jaggu Bhagwanpuria Gang: ਜੱਗੂ ਭਗਵਾਨਪੁਰੀਆ ਗਿਰੋਹ ਦਾ ਇਕ ਮੈਂਬਰ ਗ੍ਰਿਫਤਾਰ, ਹਥਿਆਰ ਸਣੇ ਕਾਰਤੂਸ ਬਰਾਮਦ