ਅੰਮ੍ਰਿਤਸਰ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦਾ ਦਿੱਲੀ 'ਚ ਸੰਘਰਸ਼ ਚੱਲ ਰਿਹਾ ਹੈ। ਇਸ ਸੰਘਰਸ਼ ਦੇ ਚੱਲਦੇ ਦਿੱਲੀ ਤੇ ਵੱਖ-ਵੱਖ ਥਾਵਾਂ 'ਤੇ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ ਨੇੜਲੇ ਪਿੰਡ ਵੱਲਾ ਵਿੱਚ ਖੇਤੀ ਕਾਨੂੰਨਾਂ ਦੇ ਸੰਘਰਸ਼ ਦੌਰਾਨ ਇੱਕ ਵੱਡਾ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਿੱਚ 2 ਔਰਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਤਿੰਨ ਔਰਤਾਂ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਈਆਂ। ਜ਼ਖ਼ਮੀ ਔਰਤ ਨੂੰ ਅੰਮ੍ਰਿਤਸਰ ਦੇ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਪੁਲਿਸ ਅਧਿਕਾਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰ ਮਾਰਚ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਟਰੈਕਟਰ ਤੇਜ਼ ਰਫ਼ਤਾਰ 'ਚ ਸੀ, ਜਿਸ ਕਾਰਨ ਸੰਤੁਲਨ ਵਿਗੜ ਜਾਣ ਕਾਰਨ ਇਹ ਹਾਦਸਾ ਵਾਪਰਿਆ। ਇਸ ਤੇਜ਼ ਰਫ਼ਤਾਰ ਟਰੈਕਟਰ ਨੇ ਕੁੱਝ ਔਰਤਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ।
ਉਨ੍ਹਾਂ ਦੱਸਿਆ ਕਿ ਇਸ ਹਦਸੇ ਵਿੱਚ 2 ਔਰਤਾਂ ਦੀ ਮੌਤ ਹੋ ਗਈ ਤੇ ਤਿੰਨ ਔਰਤਾਂ ਗੰਭੀਰ ਰੂਪ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਦਾ ਇਲਾਜ ਅੰਮ੍ਰਿਤਸਰ ਨੇੜਲੇ ਹਸਪਤਾਲ ਵਿੱਚ ਕਰਵਾਇਆ ਜਾ ਰਿਹਾ ਹੈ।
ਟਰੈਕਟਰ ਚਾਲਕ ਨੂੰ ਸੰਘਰਸ਼ ਵਿੱਚ ਆਏ ਵਿਅਕਤੀਆਂ ਨੇ ਮੌਕੇ 'ਤੇ ਕਾਬੂ ਕਰ ਲਿਆ ਅਤੇ ਇਤਲਾਹ ਪੁਲਿਸ ਨੂੰ ਦਿੱਤੀ ਗਈ। ਪੁਲਿਸ ਅਧਿਕਾਰੀ ਸੰਜੀਵ ਕੁਮਾਰ ਨੇ ਕਿਹਾ ਕਿ ਦੋਸ਼ੀ ਖਿਲਾਫ਼ ਮਾਮਲਾ ਦਰਜ਼ ਕਰਕੇ ਇਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।