ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 100 ਸਾਲਾ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਲਈ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਤਰ੍ਹਾਂ ਦੇ ਸਮਾਗਮ ਉਲੀਕੇ ਗਏ ਹਨ। ਸ਼੍ਰੋਮਣੀ ਕਮੇਟੀ ਦੇ 100 ਸਾਲਾ ਇਤਿਹਾਸ ਅਤੇ ਸਿੱਖ ਇਤਿਹਾਸ ਨੂੰ ਦਰਸਾਉਣ ਲਈ ਪਿਛਲੇ ਦਿਨੀਂ ਚਿੱਤਰਕਾਰਾਂ ਦੀ ਵਰਕਸ਼ਾਪ ਲਗਾਈ ਗਈ। ਇਸ ਦੌਰਾਨ ਚਿੱਤਰਾਂ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ (ਅੰਮ੍ਰਿਤਸਰ) ਦੇ ਅੱਗੇ ਪ੍ਰਦਰਸ਼ਤ ਕੀਤਾ ਗਿਆ। ਇਸ ਪ੍ਰਦਰਸ਼ਨੀ ਨੂੰ ਦੇਖਣ ਲਈ ਨੌਜਵਾਨ, ਬੱਚੇ, ਬਜ਼ੁਰਗ ਅਤੇ ਬੀਬੀਆਂ ਪਹੁੰਚ ਰਹੇ ਹਨ।
ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਨੌਜਵਾਨ ਹਰਸਹਿਬਾਜ਼ ਸਿੰਘ ਨੇ ਕਿਹਾ ਕਿ ਇਸ ਇਤਿਹਾਸਕ ਪ੍ਰਦਰਸ਼ਨੀ ਨੂੰ ਦੇਖਣ ਨਾਲ ਨੌਜਵਾਨਾਂ ਨੂੰ ਸੇਧ ਮਿਲਦੀ ਹੈ ਕਿਉਂਕਿ ਇਸ ਵਿੱਚ ਪਤਾ ਲੱਗਦਾ ਹੈ ਕਿ ਕਿਵੇਂ ਸਾਡੇ ਪੁਰਖਿਆਂ ਨੇ ਸ਼ਹਾਦਤਾਂ ਦੇ ਕੇ ਸਿੱਖੀ ਦੀ ਨੀਂਹ ਨੂੰ ਮਜ਼ਬੂਤ ਕੀਤਾ ਤੇ ਸਿੱਖ ਪੰਥ ਲਈ ਮਹਾਨ ਕੁਰਬਾਨੀਆਂ ਦਿੱਤੀਆਂ।
![An exhibition of 100 years of history a source of inspiration for young people](https://etvbharatimages.akamaized.net/etvbharat/prod-images/9549930_amrex1.jpg)
ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਵਡੇਰਿਆਂ ਦੀਆਂ ਅਥਾਹ ਕੁਰਬਾਨੀਆਂ ਨੂੰ ਸਿਧਾਂਤ ਬਣਾ ਕੇ ਗੁਰੂ ਸਾਹਿਬ ਜੀ ਦੀ ਸੋਚ ਨਾਲ ਜੋੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਜਵਾਨਾਂ ਨੂੰ ਇਤਿਹਾਸ ਤੇ ਸ਼੍ਰੋਮਣੀ ਕਮੇਟੀ ਬਾਰੇ ਜਾਣਕਾਰੀ ਦੇਣ ਲਈ ਇਹ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ।