ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਜਨਾਲਾ ਦੇ ਕਸਬਾ ਰਮਦਾਸ ’ਚ ਬਾਬਾ ਬੁੱਢਾ ਸਾਹਿਬ ਜੀ ਦੇ ਪਾਵਨ ਅਸਥਾਨ ਵਿਖੇ ਲੰਗਰ ਹਾਲ ਅਤੇ ਦੀਵਾਨ ਹਾਲ ਦਾ ਉਦਘਾਟਨ ਕਰਨ ਲਈ ਪੁੱਜੇ ਹੋਏ ਸਨ।
ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਭਾਰਤ ਸਰਕਾਰ ਨੂੰ ਤੁਰੰਤ ਖੋੋਲਣਾ ਚਾਹੀਦਾ ਹੈ, ਕਿਉਂਕਿ ਇਸ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਸਬੰਧ ਵਿੱਚ ਭਾਰਤ ਸਰਕਾਰ ਨੂੰ ਕਈ ਵਾਰ ਪੱਤਰ ਲਿਖੇ ਗਏ ਹਨ ਅਤੇ ਜਲਦੀ ਹੀ ਇਕ ਹੋਰ ਪੱਤਰ ਵੀ ਲਿਖਿਆ ਜਾਵੇਗਾ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਅਕਾਲੀ ਸਰਕਾਰ ਵੱਲੋਂ ਬਣਾਈਆਂ ਗਈਆਂ ਯਾਦਗਾਰਾਂ ਦੀ ਮੌਜੂਦਾ ਸਰਕਾਰ ਵੱਲੋਂ ਕੀਤੀ ਜਾ ਰਹੀ ਅਣਦੇਖੀ ਦੀ ਨਿੰਦਾ ਕਰਦੇ ਹਾਂ ਅਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਨ੍ਹਾਂ ਯਾਦਗਾਰਾਂ ਵਿਖੇ ਬੂਟੇ ਲਗਾ ਕੇ ਵਾਤਾਵਰਣ ਨੂੰ ਸਾਫ ਸੁਥਰਾ ਬਣਾਉਣ ਲਈ ਯਤਨ ਕਰੇਗੀ।
ਬੀਬੀ ਜਗੀਰ ਕੌਰ ਨੇ ਇਕ ਸਵਾਲ ਦੇ ਜਵਾਬ ਵਿਚ ਸੁਧੀਰ ਸੂਰੀ ਵੱਲੋਂ ਸਿੱਖ ਸਿਧਾਂਤਾਂ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਰੁੱਧ ਕੀਤੇ ਗਏ ਕੁੜ ਪ੍ਰਚਾਰ ਨੂੰ ਉਸ ਦੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਪੰਜਾਬ ਦਾ ਸ਼ਾਂਤਮਈ ਮਾਹੋਲ ਜਾਣਬੁਝ ਕੇ ਖਰਾਬ ਕਰਨਾ ਚਾਹੁੰਦੇ ਹਨ।