ਅੰਮ੍ਰਿਤਸਰ : ਪੰਜਾਬ ਵਿੱਚ ਆਏ ਦਿਨ ਇਹ ਲਗਾਤਾਰ ਚੋਰੀ ਅਤੇ ਲੁੱਟ ਦੀਆਂ ਵਾਰਦਾਤਾਂ ਇਕ ਵਾਰ ਫਿਰ ਤੋਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਹਾਲਾਤ ਇਹ ਬਣ ਰਹੇ ਹਨ ਕਿ ਲੁਟੇਰੇ ਪੁਲਿਸ ਦਾ ਖੌਫ ਇਕ ਪਾਸੇ ਕਰਕੇ ਵੱਡੀਆਂ-ਵੱਡੀਆਂ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਆ ਰਹੇ ਹਨ। ਤਾਜ਼ਾ ਮਾਮਲਾ ਅਮ੍ਰਿਤਸਰ ਦੇ ਅਜਨਾਲੇ ਇਲਾਕੇ ਦਾ ਹੈ, ਜਿੱਥੇ ਇੱਕ ਪਟਰੋਲ ਪੰਪ ਦੇ ਉੱਪਰ ਦੋ ਨਕਾਬਪੋਸ਼ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਵਾਰਦਾਤ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ।
ਰਾਤ ਨੂੰ ਹੋਈ ਲੁੱਟ ਦੀ ਵਾਰਦਾਤ : ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਟਰੋਲ ਪੰਪ ਦੇ ਕਰਿੰਦੇ ਨੇ ਦੱਸਿਆ ਕਿ ਰਾਤ 9 ਵਜੇ ਤੋਂ ਬਾਅਦ ਜਦੋਂ ਪਟਰੋਲ ਪੰਪ ਬੰਦ ਕਰਕੇ ਚਲੇ ਗਏ ਤਾਂ ਕਰੀਬ ਰਾਤ 11 ਵਜੇ ਨੂੰ ਨਕਾਬਪੋਸ਼ ਵਿਅਕਤੀ ਆਏ, ਜਿਨ੍ਹਾਂ ਨੇ ਪਟਰੋਲ ਪੰਪ ਦੇ ਦਫ਼ਤਰ ਦਾ ਦਰਵਾਜਾ ਤੋੜ ਕੇ ਅੰਦਰੋਂ ਸਮਾਨ ਚੋਰੀ ਕੀਤਾ ਹੈ ਅਤੇ ਕੁਝ ਨਕਦੀ ਵੀ ਚੋਰੀ ਕਰਕੇ ਲੈ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਪ੍ਰਸ਼ਾਸ਼ਨ ਤੇ ਸਰਕਾਰ ਪਾਸੋਂ ਇਨਸਾਫ ਦੀ ਗੁਹਾਰ ਲਗਾਈ ਹੈ
ਇਹ ਵੀ ਪੜ੍ਹੋ : ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟ੍ਰੈਕਟ ਵਰਕਰਜ਼ ਯੂਨੀਅਨ ਭਲਕੇ ਕਰੇਗੀ ਪੀਏਪੀ ਚੌਂਕ ਜਾਮ, ਜਾਣੋ ਕਾਰਨ
ਦੂਜੇ ਪਾਸੇ ਇਸ ਮਾਮਲੇ ਵਿਚ ਪੁਲਿਸ ਵਲੋਂ ਵੀ ਬਿਆਨ ਆਇਆ ਹੈ। ਪੁਲਿਸ ਅਧਿਕਾਰੀ ਪ੍ਰਵੇਸ਼ ਚੋਪੜਾ ਨੇ ਕਿਹਾ ਕਿ ਪਿਛਲੇ ਦਿਨੀ ਅਜਨਾਲਾ ਏਰੀਏ ਦੇ ਵਿੱਚ ਪਟਰੋਲ ਪੰਪ ਉੱਤੇ ਲੁੱਟ ਦੀ ਵਾਰਦਾਤ ਹੋਣ ਦੀ ਖਬਰ ਸਾਹਮਣੇ ਆਈ ਸੀ, ਜਿਸ ਤੋਂ ਬਾਅਦ ਅੱਜ ਉਹ ਮੌਕਾ ਦੇਖਣ ਪਹੁੰਚੇ ਹਨ। ਉਨ੍ਹਾਂ ਵੱਲੋਂ ਸੀਸੀਟੀਵੀ ਕੈਮਰੇ ਦੀ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਿਆਨ ਦਰਜ ਕਰ ਲਏ ਗਏ ਹਨ ਅਤੇ ਜਲਦ ਹੀ ਇਸ ਵਾਰਦਾਤ ਦੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਉੱਧਰ, ਪਟਿਆਲਾ ਵਿੱਚ ਮੁੱਖ ਮੰਤਰੀ ਦੀ ਆਮਦ ਤੋਂ ਕਰੀਬ 8 ਤੋਂ 10 ਘੰਟੇ ਪਹਿਲਾਂ ਦੋ ਕਤਲਾਂ ਦੀ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਬਸ ਸਟੈਂਡ ਦੇ ਨੇੜੇ ਦੋ ਨੌਜਵਾਨਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ ਗਈ ਹੈ। ਇਨ੍ਹਾਂ ਦੀ ਉਮਰ 19 ਸਾਲ ਅਤੇ 23 ਸਾਲ ਸੀ। ਹੈਰਾਨੀ ਵਾਲੀ ਗੱਲ ਹੈ ਕਿ ਪੁਲਿਸ ਪੂਰੀ ਤਰ੍ਹਾਂ ਨਾਲ ਮੁਸ਼ਤੈਦ ਹੈ। ਕਿਉਂਕਿ ਮੁੱਖ ਮੰਤਰੀ ਦੀ ਪਟਿਆਲਾ ਫੇਰੀ ਕਾਰਨ ਥਾਂ-ਥਾਂ ਉੱਤੇ ਨਾਕੇ ਲਗਾਏ ਗਏ ਹਨ। ਇਸਦੇ ਬਾਵਜੂਦ ਦੋ ਨੌਜਵਾਨਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਵੱਡੇ ਸਵਾਲ ਖੜ੍ਹੇ ਕਰਦੀ ਹੈ। ਹੈਰਾਨੀ ਵਾਲੀ ਗੱਲ ਇਹ ਵੀ ਹੈ ਕਿ ਸੂਬੇ ਵਿਚ ਕਾਨੂੰਨ ਪ੍ਰਬੰਧ ਨੂੰ ਬਰਕਰਾਰ ਰੱਖਣ ਲਈ ਜਿੱਥੇ ਪੰਜਾਬ ਪੁਲਿਸ ਵੱਲੋਂ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਂ ਕਰਕੇ ਆਪਸੀ ਭਾਈਚਾਰਕ ਸਾਂਝ ਬਣਾ ਕੇ ਰੱਖਣ ਦੀ ਅਪੀਲ ਕੀਤੀ ਜਾਂਦੀ ਹੈ ਪਰ ਇਸ ਦੇ ਬਾਵਜੂਦ ਵੀ ਸੂਬੇ ਵਿੱਚ ਆਏ ਦਿਨ ਹੋ ਰਹੀਆਂ ਲੁੱਟਾਂ ਖੋਹਾਂ ਅਤੇ ਕਤਲ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਦਰਅਸਲ ਪਟਿਆਲਾ ਦੇ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਲਾਗੇ ਬੀਤੀ ਰਾਤ 2 ਨੌਜਵਾਨਾਂ ਦਾ ਕਤਲ ਹੋ ਗਿਆ ਹੈ। ਕਤਲ ਕੀਤੇ ਗਏ ਨੌਜਵਾਨ ਦਾ ਨਾਂ ਨਕੂਲ ਅਤੇ ਅਨਿੱਲ ਦੱਸਿਆ ਜਾ ਰਿਹਾ ਹੈ। ਉਥੇ ਇਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੇ ਬੇਟੇ ਨੂੰ ਰਾਤ ਸਮੇਂ ਕਿਸੇ ਦਾ ਫੋਨ ਆਇਆ ਸੀ, ਜਿਸ ਤੋਂ ਬਾਅਦ ਉਹ ਘਰੋਂ ਮੋਟਰਸਾਈਕਲ ਉੱਤੇ ਸਵਾਰ ਹੋ ਕੇ ਨਿਕਲੇ ਸੀ ਕਿਉਂਕਿ ਉਹਨਾਂ ਦਾ ਕਿਸੇ ਨੌਜਵਾਨਾਂ ਨਾਲ ਝਗੜਾ ਚੱਲ ਰਿਹਾ ਸੀ। ਨੌਜਵਾਨਾਂ ਦੇ ਪਰਿਵਾਰ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਸਖਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ।