ਅੰਮ੍ਰਿਤਸਰ: ਦਿੱਲੀ ਹੱਦਾਂ ਉੱਤੇ ਚੱਲ ਰਿਹਾ ਕਿਸਾਨ ਅੰਦੋਲਨ ਅੱਜ 52ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਕਿਸਾਨ ਅੰਦੋਲਨ ਵਿੱਚ ਹਰੇਕ ਵਰਗ ਸ਼ਮੂਲੀਅਤ ਕਰਕੇ ਕਿਸਾਨਾਂ ਦਾ ਸਮਰਥਨ ਕਰ ਰਿਹਾ ਹੈ। ਹੁਣ ਇਸ ਧਰਨੇ ਨੂੰ ਤਾਰਪੀਡੋ ਕਰਨ ਲਈ ਐਨਆਈਏ ਨੇ ਨੋਟਿਸ ਭੇਜਣੇ ਸ਼ੁਰੂ ਕਰ ਦਿੱਤੇ ਹਨ। ਐਨਆਈਏ ਨੇ ਕਿਸਾਨ ਅੰਦੋਲਨ ਵਿੱਚ ਮੁੱਖ ਭੂਮਿਕਾ ਨਿਭਾ ਰਹੇ ਬਲਦੇਵ ਸਿੰਘ ਸਿਰਸਾ ਨੂੰ ਨੋਟਿਸ ਜਾਰੀ ਕੀਤਾ ਹੈ। ਐਨਆਈਏ ਨੇ ਇਸ ਦੇ ਨਾਲ ਹੀ ਕਈ ਪੱਤਰਕਾਰਾਂ ਤੇ ਕਈ ਸਮਾਜ ਸੇਵੀ ਤੇ ਕਈ ਸਿੱਖ ਜਥੇਬੰਦੀਆਂ ਦੇ ਆਗੂਆਂ ਨੂੰ ਵੀ ਨੋਟਿਸ ਜਾਰੀ ਕੀਤੇ ਹਨ। ਨੋਟਿਸ ਜਾਰੀ ਹੋਣ ਤੋਂ ਬਾਅਦ ਅੱਜ ਬਲਦੇਵ ਸਿੰਘ ਸਿਰਸਾ ਨੇ ਪ੍ਰੈੱਸ ਵਾਰਤਾ ਕੀਤੀ।
ਇਸ ਪ੍ਰੈਸ ਕਾਨਫੰਰਸ ਵਿੱਚ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਐਨਆਈਏ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ ਜਿਸ ਵਿੱਚ ਉਨ੍ਹਾਂ ਨੂੰ ਐਨਆਈਏ ਨੇ 17 ਤਰੀਕ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਐਨਆਈਆਈ ਨੇ ਉਨ੍ਹਾਂ ਨੂੰ ਨੋਟਿਸ ਕਿਸੇ ਡਾਕ ਰਾਹੀਂ ਨਹੀਂ ਵਟਸਅਪ ਰਾਹੀਂ ਭੇਜੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਉਨ੍ਹਾਂ ਦੇ ਘਰ ਪ੍ਰੋਗਰਾਮ ਹੈ ਜਿਸ ਦੀਆਂ ਤਿਆਰੀਆਂ ਵਿੱਚ ਉਹ ਰੁੱਝੇ ਹੋਏ ਹਨ। ਇਸ ਕਰਕੇ ਉਹ ਕੱਲ ਨੂੰ ਐਨਆਈਏ ਦੇ ਸਾਹਮਣੇ ਪੇਸ਼ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਉਹ ਫਰਵਰੀ ਮਹੀਨੇ ਵਿੱਚ ਐਨਆਈਏ ਦੇ ਸਾਹਮਣੇ ਪੇਸ਼ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧ ਵਿੱਚ ਐਨਆਈਏ ਨੂੰ ਚਿੱਠੀ ਲਿਖ ਕੇ ਸੂਚਿਤ ਕਰਨਗੇ। ਉਨ੍ਹਾਂ ਕਿਹਾ ਕਿ ਉਹ ਐਨਆਈਏ ਨੂੰ ਚਿੱਠੀ ਵਟਸਐਪ ਰਾਹੀਂ ਭੇਜਣਗੇ।
ਐਨਆਈਏ ਵੱਲੋਂ ਹੋਰ ਜਥੇਬੰਦੀਆਂ ਨੂੰ ਭੇਜੇ ਗਏ ਨੋਟਿਸ ਉੱਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਉਹ ਐਨਆਈਏ ਵੱਲੋਂ ਨਿਰਧਾਰਿਤ ਤਰੀਕ ਉੱਤੇ ਐਨਆਈਏ ਅੱਗੇ ਪੇਸ਼ ਹੋਣਗੇ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇਵਾਂਗੇ।