ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨੋਂ ਦਿਨ ਵੱਧ ਰਿਹਾ ਹੈ, ਇਸ ਸਬੰਧੀ ਸਰਕਾਰਾਂ ਵੱਲੋਂ ਆਪਣੇ ਪੱਧਰ 'ਤੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸੇ ਤਹਿਤ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਲੋੜਵੰਦ ਲੋਕਾਂ ਤੱਕ ਲੰਗਰ ਪਹੁੰਚਾਇਆ ਜਾ ਰਿਹਾ ਹੈ, ਉੱਥੇ ਹੀ ਕੋਰੋਨਾ ਦੌਰਾਨ ਸੇਵਾ ਕਰਨ ਵਾਲੇ ਪੁਲਿਸ ਮੁਲਾਜ਼ਮਾਂ, ਸਿਹਤ ਵਿਭਾਗ ਅਤੇ ਹੋਰ ਮਹਿਕਮੇ ਦੇ ਮੁਲਾਜ਼ਮਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠਾਂ ਦੇ ਭੋਗ ਪਾਏ ਗਏ। ਅਰਦਾਸ ਉਪਰੰਤ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਪੁਲਸ ਕਮਿਸ਼ਨਰ ਡਾ.ਸੁਖਚੈਨ ਸਿੰਘ ਗਿੱਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਦਰਬਾਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਜਗਤਾਰ ਸਿੰਘ ਵੱਲੋਂ ਕਿਹਾ ਕਿ ਜੋ ਦੁਨੀਆਂ ਭਰ ਵਿੱਚ ਮਹਾਂਮਾਰੀ ਫੈਲ ਰਹੀ ਹੈ, ਉਸ ਨੂੰ ਵਾਹਿਗੁਰੂ ਹੀ ਖ਼ਤਮ ਕਰਨ ਵਾਲੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਦਰਬਾਰ ਸਾਹਿਬ ਦੇ ਪ੍ਰਬੰਧ ਹੇਠ ਅੱਜ ਸਮੂਹ ਮੁਲਾਜ਼ਮ ਜੋ ਇਸ ਬਿਪਤਾ ਦੌਰਾਨ ਲੋਕਾਂ ਦੀ ਸੇਵਾ ਕਰ ਰਹੇ ਹਨ ਅਤੇ ਜੋ ਲੋਕ ਕੋਰੋਨਾ ਤੋਂ ਪੀੜਤ ਹਨ,ਉਨ੍ਹਾਂ ਦੀ ਸਿਹਤਯਾਬੀ ਲਈ ਅਖੰਡ ਪਾਠਾਂ ਦੇ ਭੋਗ ਪਾਏ ਗਏ ਹਨ।
ਇਹ ਵੀ ਪੜੋ: ਜਲੰਧਰ: ਫੌਜ ਨੇ ਕੋਰੋਨਾ ਯੋਧਿਆਂ ਨੂੰ ਦਿੱਤੀ ਸਲਾਮੀ
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ,ਮੁੱਖ ਸਕੱਤਰ ਡਾ. ਰੂਪ ਸਿੰਘ,ਸਕੱਤਰ ਪ੍ਰਤਾਪ ਸਿੰਘ, ਸਕੱਤਰ ਸੁਖਦੇਵ ਸਿੰਘ ਭੂਰਾ ਕੋਨਾ, ਪਬਲਿਸਿਟੀ ਅਫ਼ਸਰ ਹਰਭਜਨ ਸਿੰਘ ਆਦਿ ਹਾਜ਼ਰ ਸਨ।