ਅੰਮ੍ਰਿਤਸਰ: ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਰਹੇ ਗੁਰਦੇਵ ਸਿੰਘ ਕਾਉਂਕੇ ਦੀ ਯਾਦ ਵਿੱਚ 1 ਜਨਵਰੀ ਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਸਨ ਅਤੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਹਰਪ੍ਰੀਤ ਸਿੰਘ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਹੁੰਚੇ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਬਿਆਨ ਦਿੱਤਾ। ਇਸ ਦੌਰਾਨ ਜਦੋਂ ਜਥੇਦਾਰ ਨੂੰ ਸਵਾਲ ਕੀਤਾ ਗਿਆ ਕਿ ਸੁਖਬੀਰ ਸਿੰਘ ਬਾਦਲ ਨੇ ਸਿੱਖ ਕੌਮ ਕੋਲੋਂ ਮੁਆਫੀ ਮੰਗੀ ਹੈ ਤਾਂ ਉਨ੍ਹਾਂ ਕਿਹਾ ਕਿ ਮੈਂ ਕਿਸੇ ਵਿਵਾਦ ਵਿੱਚ ਨਹੀਂ ਪੈਣਾ ਚਾਹੁੰਦਾ।
ਰਿਹਾਅ ਹੋਣੇ ਚਾਹੀਦੇ ਬੰਦੀ ਸਿੰਘ: ਇਸ ਮੌਕੇ ਉਨ੍ਹਾਂ ਬੰਦੀ ਸਿੰਘਾਂ 'ਤੇ ਬੋਲਦਿਆਂ ਕਿਹਾ ਕਿ ਕਾਫੀ ਸਮੇਂ ਤੋਂ ਆਪਣੀਆਂ ਸਜ਼ਾਵਾਂ ਤੋਂ ਵੱਧ ਦੀ ਸਜ਼ਾ ਉਹ ਪੂਰੀ ਕਰ ਚੁੱਕੇ ਹਨ। ਉਹਨਾਂ ਨੂੰ ਰਿਹਾਅ ਕਰ ਦੇਣਾ ਚਾਹੀਦਾ, ਪਰ ਕੇਂਦਰ ਦੀ ਸਰਕਾਰ ਉਹਨਾਂ ਨੂੰ ਹੁਣ ਤੱਕ ਰਿਹਾਅ ਨਹੀਂ ਕਰ ਰਹੀ। ਉਹਨਾਂ ਕਿਹਾ ਕਿ ਜਿਹੜਾ ਬਲਵੰਤ ਸਿੰਘ ਰਾਜੋਆਣਾ ਵਲੋਂ ਆਪਣੀ ਸਜ਼ਾ ਮੁਆਫੀ ਕਰਵਾਉਣ ਦੀ ਅਪੀਲ ਤੋਂ ਇਨਕਾਰ ਕਰ ਦਿੱਤਾ ਗਿਆ ਹੈ, ਇਹ ਬਹੁਤ ਵਧੀਆ ਗੱਲ ਹੈ। ਉਨ੍ਹਾਂ ਕਿਹਾ ਕਿ ਮੁਆਫੀ ਕਿਉਂ ਮੰਗਣ ਜਦ ਕਿ ਉਹ ਆਪਣੀਆਂ ਸਜ਼ਾਵਾਂ ਤੋਂ ਵੱਧ ਵੀ ਸਜ਼ਾ ਭੁਗਤ ਚੁੱਕੇ ਹਨ।
ਸਰਕਾਰੀ ਅੱਤਵਾਦੀਆਂ ਨੂੰ ਨਹੀਂ ਮਿਲੀ ਸਜ਼ਾ: ਉਥੇ ਹੀ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਿਹੜੇ ਬੰਦੀ ਸਿੰਘਾਂ ਦੇ ਉੱਤੇ ਬਿਆਨ ਦਿੱਤਾ ਹੈ, ਉਨ੍ਹਾਂ ਨੂੰ ਇਸ ਤਰ੍ਹਾਂ ਦਾ ਅਗ੍ਰਸਿਵ ਹੋ ਕੇ ਬਿਆਨ ਦੇਣਾ ਸ਼ੋਭਾ ਨਹੀਂ ਦਿੰਦਾ। ਰਾਜੋਆਣਾ ਨੇ ਜੋ ਚਿੱਠੀ ਅਮਿਤ ਸ਼ਾਹ ਨੂੰ ਲਿਖੀ ਹੈ ਬਿਲਕੁਲ ਠੀਕ ਲਿਖੀ ਹੈ। ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ 80 ਦੇ ਦੌਰ ਦਾ ਇਹ ਇੱਕ ਕਿਸਮ ਦਾ ਸਰਕਾਰੀ ਅੱਤਵਾਦ ਸੀ। ਉਨ੍ਹਾਂ ਕਿਹਾ ਕਿ ਇਸ ਸਰਕਾਰੀ ਅੱਤਵਾਦ 'ਚ ਪੰਜਾਬ ਦੇ ਲੱਖਾਂ ਹੀ ਨੌਜਵਾਨਾਂ ਨੂੰ ਸ਼ਹੀਦ ਕਰ ਦਿੱਤਾ ਗਿਆ। ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਡੀ ਸਭ ਤੋਂ ਵੱਧ ਬਦਕਿਸਮਤੀ ਰਹੀ ਹੈ ਕਿ ਕਿਸੇ ਸਰਕਾਰ ਨੇ ਸਰਕਾਰੀ ਅੱਤਵਾਦੀਆਂ ਨੂੰ ਸਜ਼ਾ ਦੇਣ ਦਾ ਯਤਨ ਨਹੀਂ ਕੀਤਾ।
ਜੱਥੇਦਾਰ ਕਾਉਂਕੇ ਨੂੰ ਇਨਸਾਫ਼ ਦੇਵੇ ਸਰਕਾਰ: ਇਸ ਦੇ ਨਾਲ ਹੀ ਸਾਬਕਾ ਕਾਰਜਕਾਰੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਬਾਰੇ ਬੋਲਦਿਆਂ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਫਾਈਲ ਨੂੰ 25 ਸਾਲ ਤੋਂ ਸਰਕਾਰੀ ਅਲਮਾਰੀਆਂ 'ਚ ਦਬਾ ਕੇ ਰੱਖਿਆ ਗਿਆ ਹੈ। ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੌਜੂਦਾ ਸਰਕਾਰ ਨੂੰ ਚਾਹੀਦਾ ਕਿ 25 ਸਾਲ ਬਾਅਦ ਨਸ਼ਰ ਹੋਈ ਇਸ ਰਿਪੋਰਟ ਦੇ ਅਧਾਰ 'ਤੇ ਦੋਸ਼ੀਆਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ ਤੇ ਉਨ੍ਹਾਂ ਨੂੰ ਸਜ਼ਾਵਾਂ ਦਿੱਤੀਆਂ ਜਾਣ।