ਅੰਮ੍ਰਿਤਸਰ: ਕੋਰੋਨਾ ਵਾਇਰਸ ਤੋਂ ਬਚਾਅ ਲਈ ਸੂਬੇ ਵਿੱਚ ਲੱਗੇ ਕਰਫਿਊ ਦੌਰਾਨ ਆਮ ਲੋਕਾਂ ਨੂੰ ਕਈ ਪ੍ਰਕਾਰ ਦੀਆਂ ਦਿੱਕਤਾਂ ਨਾਲ ਦੋ-ਚਾਰ ਹੋਣਾ ਪੈ ਰਿਹਾ ਹੈ। ਖ਼ਾਸ ਕਰ ਦਿਹਾੜੀਦਾਰ ਕਾਮਿਆਂ ਅਤੇ ਗਰੀਬ ਪਰਿਵਾਰਾਂ ਨੂੰ ਖਾਣ-ਪੀਣ ਦੇ ਸਮਾਨ ਦੀਆਂ ਭਾਰੀ ਦਿੱਕਤਾਂ ਆ ਰਹੀਆਂ ਹਨ। ਇਸੇ ਦੌਰਾਨ ਹੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਮਜੀਠਾ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਹੈ।
ਮਜੀਠੀਆ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਰਾਸ਼ਨ ਦੇ ਪੈਕਟ ਵੰਡੇ, ਜਿਨ੍ਹਾਂ ਵਿੱਚ ਘਰ ਦੇ ਲਈ ਜ਼ਰੂਰ ਵਸਤੂਆਂ ਸਨ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਸਾਹਮਣੇ ਕਿਸੇ ਵੀ ਤਰ੍ਹਾਂ ਦੀ ਸਿਆਸੀ ਟਿਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ 'ਚ ਸਾਨੂੰ ਸਭ ਨੂੰ ਇੱਕ-ਮੁਠ ਹੋ ਕੇ ਲੜਣ ਦੀ ਜ਼ਰੂਰਤ ਹੈ।
ਉਨ੍ਹਾਂ ਨੇ ਮੁੱਖ ਮੰਤਰੀ ਨੂੰ ਅਪੀਲ ਕਰਦਿਆਂ ਆਖਿਆ ਕਿ ਉਹ ਸੂਬੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਲੋੜਵੰਦ ਲੋਕਾਂ ਦੇ ਘਰਾਂ ਤੱਕ ਰਾਸ਼ਨ ਪਹੁੰਚਦਾ ਕਰਨ। ਉਨ੍ਹਾਂ ਕਿਹਾ ਕਿ ਪਿੰਡ ਅਤੇ ਮੁਹੱਲਾ ਪੱਧਰ 'ਤੇ ਕਮੇਟੀਆਂ ਬਣਾ ਕੇ ਲੋੜਵੰਦ ਲੋਕਾਂ ਤੱਕ ਰਾਸ਼ਨ ਪਹੁੰਚਦਾ ਕੀਤਾ ਜਾਵੇ।
ਪੁਲਿਸ ਵੱਲੋਂ ਲੋਕਾਂ ਦੀ ਕੀਤੀ ਗਈ ਕੁੱਟਮਾਰ ਬਾਰੇ ਉਨ੍ਹਾਂ ਕਿਹਾ ਇਸ ਤਰ੍ਹਾਂ ਕਰਨਾ ਗਲਤ ਹੈ, ਪਰ ਆਮ ਲੋਕਾਂ ਨੂੰ ਵੀ ਘਰਾਂ ਵਿੱਚ ਰਹਿਣਾ ਚਾਹੀਦਾ ਹੈ। ਇਸੇ ਨਾਲ ਹੀ ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਸੰਸਥਾਵਾਂ ਨੂੰ ਇਸ ਔਖੇ ਸਮੇਂ ਲੋਕਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ।