ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਸ਼ਰਾਬ ਕਾਂਡ ਨੂੰ ਲੈ ਕੇ ਵੀਰਵਾਰ ਨੂੰ ਪ੍ਰੈਸ ਕਾਨਫ਼ਰੰਸ ਕੀਤੀ। ਇਸ ਦੌਰਾਨ ਮਜੀਠੀਆ ਨਾਲ ਜ਼ਹਿਰੀਲੀ ਸ਼ਰਾਬ ਕਾਰਨ ਮਾਰੇ ਗਏ ਤੇ ਅਪਾਹਜ ਹੋਏ ਲੋਕਾਂ ਦੇ ਪੀੜਤ ਪਰਿਵਾਰ ਵੀ ਮੌਜੂਦ ਸਨ।
ਸੂਬਾ ਸਰਕਾਰ 'ਤੇ ਹਮਲਾ ਬੋਲਦਿਆਂ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਸ਼ਰਾਬ ਤ੍ਰਾਸਦੀ ਦੇ ਪੀੜਤਾਂ ਨਾਲ ਕੋਈ ਹਮਦਰਦੀ ਨਹੀਂ ਹੈ ਅਤੇ ਨਾ ਹੀ ਇਨ੍ਹਾਂ ਪਰਿਵਾਰਾਂ ਦੀ ਕੋਈ ਸਾਰ ਲੈ ਰਿਹਾ ਹੈ। ਅਕਾਲੀ ਦਲ ਨੇ ਮੰਗ ਕੀਤੀ ਕਿ ਇਨ੍ਹਾਂ ਪਰਿਵਾਰਾਂ ਨੂੰ ਮੁਆਵਜ਼ੇ ਵਜੋਂ 20-20 ਲੱਖ ਰੁਪਏ ਦਿੱਤੇ ਜਾਣ।
ਮਜੀਠੀਆ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਕਾਰਨ ਤਰਨ ਤਾਰਨ ਜਿਲ੍ਹੇ ਦੇ 10 ਤੋਂ ਵੱਧ ਪੀੜਿਤਾਂ ਨੇ ਅੱਖਾਂ ਦੀ ਰੋਸ਼ਨੀ ਗੁਆਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਮੁੱਖ ਮੰਤਰੀ ਵਲੋਂ ਪੀੜਤ ਪਰਿਵਾਰਾਂ ਨੂੰ ਹਰ ਮਾਲੀ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਅਜੇ ਤੱਕ ਅੱਖਾਂ ਦੀ ਰੋਸ਼ਨੀ ਗੁਆ ਚੁੱਕੇ ਇਨ੍ਹਾਂ ਪੀੜਤਾਂ ਦੀ ਸਾਰ ਨਹੀਂ ਲਈ ਗਈ। ਇਨ੍ਹਾਂ ਵੱਲੋਂ ਸਾਰਾ ਇਲਾਜ ਆਪਣੇ ਖਰਚ 'ਤੇ ਕਰਵਾਇਆ ਜਾ ਰਿਹਾ ਹੈ।