ਅੰਮ੍ਰਿਤਸਰ: ਭਾਰਤੀ ਜਨਤਾ ਪਾਰਟੀ ਦੇ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ 11 ਮਹੀਨਿਆਂ ਵਿੱਚ ਦੂਜੇ ਸੂਬਿਆਂ ਨਾਲੋਂ ਵੀ ਮਾੜੇ ਹਾਲਾਤ ਚੱਲ ਰਹੇ ਹਨ। ਉਹ ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਰ ਥਾਂ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰ, ਅਪਰਾਧੀ, ਵੱਖਵਾਦੀ ਆਗੂ ਅਤੇ ਉਨ੍ਹਾਂ ਦੇ ਸਮਰਥਕ ਸਰਕਾਰ ਨੂੰ ਲਗਾਤਾਰ ਚੁਣੌਤੀ ਦੇ ਰਹੇ ਹਨ।
ਅੰਮ੍ਰਿਤਪਾਲ ਸਿੰਘ ਉੱਤੇ ਨਹੀਂ ਕੀਤੀ ਕਾਰਵਾਈ : ਭਾਜਪਾ ਦੇ ਕੌਮੀ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੇ ਕਿਹਾ ਕਿ ਸੂਬੇ ਵਿੱਚ ਗੈਰ ਸਮਾਜੀ ਲੋਕ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਨੇ ਹਥਿਆਰਾਂ ਦੇ ਜ਼ੋਰ 'ਤੇ ਅਜਨਾਲਾ ਥਾਣੇ 'ਤੇ ਕਬਜ਼ਾ ਕੀਤਾ ਸੀ ਪਰ ਪੰਜਾਬ ਸਰਕਾਰ ਵਲੋਂ ਇਨ੍ਹਾਂ ਸਾਰਿਆਂ ਖ਼ਿਲਾਫ਼ ਕੋਈ ਵੀ ਸਖ਼ਤ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪੁਲਿਸ ਮੁਖੀ ਨੇ ਖੁਦ ਦੱਸਿਆ ਕਿ ਅੰਮ੍ਰਿਤਪਾਲ ਅਤੇ ਹੋਰ ਸਾਥੀਆਂ ਨੇ ਥਾਣੇ 'ਤੇ ਕਬਜ਼ਾ ਕੀਤਾ ਸੀ ਅਤੇ ਪੁਲਿਸ ਨਾਲ ਵੀ ਕੁੱਟਮਾਰ ਕੀਤੀ ਪਰ ਇਸਦੇ ਮੁਲਜਮਾ ਉੱਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵਲੋਂ ਕਾਨੂੰਨ ਦੀਆਂ ਧੱਜੀਆਂ ਉਡਾਈਆ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਅੰਮ੍ਰਿਤਸਰ ਦੌਰੇ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਦੀਵਾਰਾਂ ਉੱਤੇ ਖਾਲਿਸਤਾਨ ਪੱਖੀ ਪੋਸਟਰ ਲਾਏ ਗਏ। ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਪੰਜਾਬ ਵਿੱਚ ਆਪ ਸਰਕਾਰ ਬਣਾਉਣ ਲਈ ਆਮ ਆਦਮੀ ਪਾਰਟੀ ਦੀ ਮਦਦ ਕਰਨ ਬਾਰੇ ਮੀਡੀਆ ਨੂੰ ਕਈ ਵਾਰ ਇਹ ਗੱਲ ਕਹਿ ਚੁੱਕਾ ਹੈ।
ਰਾਣਾ ਸੋਢੀ ਨੇ ਕਿਹਾ ਕਿ ਸਰਕਾਰ ਵੱਲੋਂ 2023-24 ਲਈ ਪੇਸ਼ ਕੀਤਾ ਗਿਆ ਬਜਟ ਵੀ ਸ਼ੇਖਚਿੱਲੀ ਦੇ ਸੁਪਨਿਆਂ ਵਰਗਾ ਹੈ।
ਇਹ ਵੀ ਪੜ੍ਹੋ : Pratap Bajwa letter CM Mann: ਪੰਜਾਬ ਦੇ ਸਾਹਿਤ, ਸਾਹਿਤਕਾਰਾਂ ਅਤੇ ਕਲਾ ਲਈ ਪ੍ਰਤਾਪ ਬਾਜਵਾ ਦੀ ਵੱਡੀ ਮੰਗ, ਸੀਐੱਮ ਮਾਨ ਨੂੰ ਲਿਖੀ ਚਿੱਠੀ
ਇਸ ਮੌਕੇ ਮਨੋਰੰਜਨ ਕਾਲੀਆ ਨੇ ਕਿਹਾ ਕਿ ਸੂਬੇ ਦਾ ਕਾਨੂੰਨ ਪ੍ਰਬੰਧ ਬਰਕਰਾਰ ਰੱਖਣਾ ਅਤੇ ਇਸ ਵਿੱਚ ਸੁਧਾਰ ਕਰਨਾ ਸਰਕਾਰ ਦਾ ਫਰਜ ਹੈ ਪਰ ਪਿਛਲੇ ਇੱਕ ਸਾਲ ਵਿੱਚ ਕਾਨੂੰਨ ਦੀ ਸਥਿਤੀ ਮਾੜੀ ਹੋ ਚੁੱਕੀ ਹੈ। ਇੱਕ ਸਾਲ ਦੇ ਸਰਕਾਰ ਦੇ ਸ਼ਾਸਨ ਵਿੱਚ ਪੈਟਰੋਲ ਪੰਪ ਲੁੱਟ, ਬੈਂਕ ਲੁੱਟ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ। ਸਰਕਾਰ ਨੂੰ ਇਸ ਪਾਸੇ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਵਾਰਦਾਤਾਂ ਨੂੰ ਠੱਲ੍ਹ ਪਾਈ ਜਾਵੇ।