ਅੰਮ੍ਰਿਤਸਰ: ਜ਼ਹਿਰੀਲੀ ਸਰਾਬ ਕਾਂਡ ਨੂੰ ਲੈ ਕੇ ਅੱਜ ਅੰਮ੍ਰਿਤਸਰ ਦੇ ਭੰਡਾਰੀ ਪੁਲ ਉਪਰ ਕਾਂਗਰਸ਼ ਸਰਕਾਰ ਦੇ ਵਿਰੋਧ 'ਚ ਭਾਜਪਾ ਦੇ ਓਬੀਸੀ ਮੋਰਚਾ ਨੇ ਕਾਂਗਰਸ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਅਤੇ ਕੈਪਟਨ ਸਰਕਾਰ ਦਾ ਪੁਤਲਾ ਫੁੱਕਿਆ।
ਸੂਬੇ ਦੇ ਓਬੀਸੀ ਮੋਰਚਾ ਦੇ ਭਾਜਪਾ ਪ੍ਰਧਾਨ ਰਜਿੰਦਰ ਬਿੱਟਾ ਨੇ ਸਰਕਾਰ 'ਤੇ ਦੋਸ਼ ਲਾਏ ਕਿ ਸਰਕਾਰ ਜ਼ਹਿਰੀਲੀ ਸ਼ਰਾਬ ਮਾਮਲੇ ਦੇ ਦੋਸ਼ੀਆਂ ਦਾ ਲਗਾਤਾਰ ਬਚਾਅ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਜ਼ਹਿਰੀਲੀ ਸ਼ਰਾਬ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਬਾ ਸਰਕਾਰ 25-25 ਲੱਖ ਰੁਪਏ ਦੇਵੇ ਤਾਂ ਜੋ ਉਨ੍ਹਾਂ ਪਰਿਵਾਰਾਂ ਦੀ ਘਰ ਦੀ ਹਾਲਤ ਸਹੀ ਹੋ ਸਕੇ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਤੋਂ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਵੀ ਮੰਗ ਕੀਤੀ ਹੈ।
ਮੌਕੇ 'ਤੇ ਮੌਜੂਦ ਅੰਮ੍ਰਿਤਸਰ ਪੁਲਿਸ ਦੇ ਏਐਸਆਈ ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਸਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ।
ਦੱਸਣਯੋਗ ਹੈ ਸੂਬੇ 'ਚ ਜ਼ਹਿਰੀਲੀ ਸ਼ਰਾਬ ਦਾ ਮਾਮਲਾ ਭਖਿਆ ਹੋਇਆ ਹੈ ਅਤੇ ਜ਼ਹਿਰੀਲੀ ਸ਼ਰਾਬ ਕਾਰਨ 120 ਤੋਂ ਵੱਧ ਲੋਕਾਂ ਦੀਆਂ ਜਾਨਾਂ ਵੀ ਗਈਆਂ ਸਨ। ਇਸ ਮਾਮਲੇ ਨੂੰ ਲੈ ਕੇ ਪਾਰਟੀਆਂ ਆਗੂਆਂ 'ਚ ਰੋਸ ਦੀ ਭਾਵਨਾ ਹੈ ਅਤੇ ਹਰ ਰੋਜ਼ ਪਾਰਟੀਆਂ ਵੱਲੋਂ ਪ੍ਰਦਰਸ਼ਨ ਕਰ ਇਸ ਮਾਮਲੇ 'ਤੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।