ਅੰਮ੍ਰਿਤਸਰ: ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ 1 ਅਕਤੂਬਰ ਨੂੰ ਜਲੰਧਰ ਤੋਂ ਸ੍ਰੀ ਵਾਲਮੀਕਿ ਤੀਰਥ ਵਿਖੇ ਪਹੁੰਚੇਗੀ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ਼ਾਮਲ ਹੋਣਗੇ।
ਉਨ੍ਹਾਂ ਦੀ ਆਮਦ ਨੂੰ ਧਿਆਨ ਵਿੱਚ ਰਖਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਬਿਜਲੀ ਮੰਤਰੀ ਪੰਜਾਬ ਵਲੋਂ ਸ੍ਰੀ ਵਾਲਮੀਕਿ ਤੀਰਥ ਦਾ ਦੌਰਾ ਕੀਤਾ ਗਿਆ ਅਤੇ ਉਥੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਭਗਵਾਨ ਵਾਲਮੀਕਿ ਮੰਦਰ ਵਿਖੇ ਪਹੁੰਚੇ ਅਤੇ ਮੱਥਾ ਟੇਕਿਆ। ਜਿਥੇ ਮੰਦਰ ਕਮੇਟੀ ਵਲੋਂ ਸਿਰੋਪਾਓ ਦੇ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਮੰਤਰੀ ਈ.ਟੀ.ਓ. ਨੇ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਦਾ ਦਿਹਾੜਾ ਹਰ ਸਾਲ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਅਤੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 9 ਅਕਤੂਬਰ ਨੂੰ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਹਾੜਾ ਮਨਾਇਆ ਜਾ ਰਿਹਾ ਹੈ।
ਇਸ ਵਿਚ ਵੱਡੀ ਗਿਣਤੀ ਵਿੱਚ ਦੇਸ਼ਾਂ-ਵਿਦੇਸ਼ਾਂ ਤੋਂ ਸੰਗਤਾਂ ਸ਼ਾਮਲ ਹੁੰਦੀਆਂ ਹਨ। ਕੈਬਨਿਟ ਮੰਤਰੀ ਈ.ਟੀ.ਓ. ਵਲੋਂ ਭਗਵਾਨ ਵਾਲਮੀਕਿ ਤੀਰਥ ਦਾ ਦੌਰਾ ਕਰਕੇ ਪੀ.ਡਬਲਯੂ.ਡੀ. ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਅਤੇ ਸਰੋਵਰ 'ਚ ਔਰਤਾਂ ਦੇ ਇਸ਼ਨਾਨ ਵਾਲੇ ਸਥਾਨ 'ਤੇ ਵਿਊ ਕਟਰ ਲਗਾਏ ਜਾਣ।
ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਦਰ ਦੀ ਮੁਰੰਮਤ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ। ਕੈਬਨਿਟ ਮੰਤਰੀ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਥੇ ਆਉਂਦੇ ਹਨ। ਜਲਦ ਹੀ ਇਸ ਰਸਤੇ 'ਤੇ ਆਉਂਦੀਆਂ ਸਾਰੀਆਂ ਸੜ੍ਹਕਾਂ ਦੀ ਮੁਰੰਮਤ ਕੀਤੀ ਜਾਵੇ।
ਉਨਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਮੰਦਰ ਵਿਚ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ। ਮੰਤਰੀ ਹਰਭਜਨ ਸਿੰਘ ਈ.ਟੀ. ਓ ਨੇ ਜਨਰਲ ਮੈਨੇਜਰ ਸ੍ਰੀ ਵਾਲਮੀਕਿ ਟ੍ਰਸਟ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੰਦਰ ਦੇ ਅੰਦਰ ਤੇ ਬਾਹਰ ਸਫ਼ਾਈ ਵਿਵਸਥਾ ਕਰਵਾਈ ਜਾਵੇ।
ਇਹ ਵੀ ਪੜ੍ਹੋ: ਜਲੰਧਰ ਤੋਂ ਬਾਅਦ ਹੁਣ ਕਪੂਰਥਲਾ ਵਿੱਚ ਵੀ ਆਪ ਨੇਤਾ ਦੇ ਪੁਲਿਸ ਨੂੰ ਦਬਕੇ