ਅੰਮ੍ਰਿਤਸਰ : ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਲੋਂ ਅੱਜ ਅੰਮ੍ਰਿਤਸਰ ਦਿਹਾਤੀ ਅਧੀਨ ਪੈਂਦੇ ਗਹਿਰੀ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਸਾਨਾਂ ਮਜ਼ਦੂਰਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਮੰਡੀ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਪੇਸ਼ ਆਉਣ ਦਾ ਭਰੋਸਾ ਦਿੱਤਾ।
ਕਿਸਾਨਾਂ ਨੂੰ ਮੰਡੀਆਂ ਵਿੱਚ ਪਰੇਸ਼ਾਨੀ ਨਹੀਂ ਆਉਣ ਦੇਵੇਗੀ ਸਰਕਾਰ : ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿਚ ਫ਼ਸਲ ਵੇਚਣ ਲਈ ਕੋਈ ਪ੍ਰੇਸ਼ਾਨੀ ਨਹੀਂ ਆਉਣ ਦੇਵੇਗੀ। ਕਿਸਾਨਾਂ ਦੀ ਜਿਣਸ ਦੀ ਅਦਾਇਗੀ ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ ਨਿਯਮਤ ਤੌਰ ਉਤੇ ਨਾਲੋਂ-ਨਾਲ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਕੇਂਦਰ ਵੱਲੋਂ ਮੌਸਮ ਦੀ ਖਰਾਬੀ ਕਾਰਨ ਹੋ ਰਹੇ ਕਣਕ ਦੇ ਟੋਟੇ ਉਤੇ ਜੋ ਰਕਮ ਦਾ ਕੱਟ ਲਗਾਇਆ ਗਿਆ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਹ ਪੈਸਾ ਵੀ ਆਪਣੇ ਕੋਲੋਂ ਕਿਸਾਨਾਂ ਨੂੰ ਦੇਣ ਦਾ ਵੱਡਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਕਣਕ ਦੇ ਖਰਾਬੇ ਦੀ ਰਕਮ ਵੀ ਕਿਸਾਨਾਂ ਨੂੰ ਦੇਣੀ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ACP ਦੇ ਡਰਾਈਵਰ 'ਤੇ 2 ਸਾਲ ਦੇ ਬੱਚੇ ਨੂੰ ਕੁਚਲਣ ਦੇ ਲੱਗੇ ਇਲਜ਼ਾਮ, ਲੁਧਿਆਣਾ ਦੇ ਏਸੀਪੀ ਨੇ ਦਿੱਤੀ ਸਫਾਈ
ਮੰਡੀਆਂ ਵਿੱਚ ਕਣਕ ਦੀ ਸੁਚਾਰੂ ਖਰੀਦ ਲਈ ਨੋਡਲ ਅਫ਼ਸਰ ਤਾਇਨਾਤ : ਉਨ੍ਹਾਂ ਦੱਸਿਆ ਕਿ ਮੰਡੀਆਂ 'ਚ ਕਣਕ ਦੀ ਸੁਚਾਰੂ ਖ਼ਰੀਦ ਲਈ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ । ਉਨ੍ਹਾਂ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਮੰਡੀਆਂ ਵਿਚ ਕਿਸਾਨਾਂ ਦੀ ਬਿਲਕੁਲ ਵੀ ਖੱਜਲ-ਖ਼ੁਆਰੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਮੰਡੀਆਂ ’ਚ ਹਰੇਕ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਸਮਾਂ ਰਹਿੰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਹਦਾਇਤ ਕੀਤੀ ਕਿ ਮੰਡੀਆਂ 'ਚ ਬਾਰਦਾਣੇ ਸਮੇਤ ਬਰਸਾਤਾਂ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਲੋੜ ਮੁਤਾਬਕ ਤਰਪਾਲਾਂ ਦੀ ਉਪਲਬਧਤਾ, ਕਿਸਾਨਾਂ, ਮਜ਼ਦੂਰਾਂ ਆਦਿ ਦੇ ਬੈਠਣ ਸਮੇਤ ਹੋਰ ਬੁਨਿਆਦੀ ਲੋੜਾਂ ਨੂੰ ਯਕੀਨੀ ਵੀ ਬਣਾਇਆ ਜਾਵੇ। ਉਨ੍ਹਾਂ ਸਮੂਹ ਕਿਸਾਨਾਂ, ਆੜ੍ਹਤੀਆਂ ਨੂੰ ਸੁਖਾਵੇਂ ਮਾਹੌਲ ’ਚ ਖ਼ਰੀਦ ਪ੍ਰਕਿਰਿਆ ਦੇ ਕੰਮ ਨੂੰ ਨੇਪਰੇ ਚੜ੍ਹਾਉਣ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : ਸ਼ਹੀਦ ਡਿਪਟੀ ਕਮਾਂਡੈਂਟ ਸੁਭਾਸ਼ ਸ਼ਰਮਾ ਨੂੰ ਸ਼ਰਧਾਂਜਲੀ ਭੇਟ, ਸ਼ਹੀਦ ਦੇ ਨਾਂ ਉਤੇ ਰੱਖਿਆ ਪਠਾਨਕੋਟ ਦੇ ਬਮਿਆਲ ਸੈਕਟਰ ਦੀ ਢੀਂਡਾ ਪੋਸਟ ਦਾ ਨਾਮ
ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ 'ਚ ਸੁੱਕੀ ਹੋਈ ਕਣਕ ਹੀ ਲੈ ਕੇ ਆਉਣ ਤਾਂ ਜੋ ਮੰਡੀ 'ਚ ਆਈ ਕਣਕ ਦੀ ਨਾਲੋਂ ਨਾਲ ਖ਼ਰੀਦ ਕਰਕੇ ਅਦਾਇਗੀ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਰੀਦੀ ਜਿਣਸ ਦੀ ਅਦਾਇਗੀ ਨਾਲੋਂ ਨਾਲ ਕੀਤੀ ਜਾਵੇਗੀ।