ਅੰਮ੍ਰਿਤਸਰ: ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸਰਹੱਦੀ ਖ਼ੇਤਰ ਅਜਨਾਲ਼ਾ ਦੀ ਪ੍ਰਮੁੱਖ ਅਨਾਜ ਮੰਡੀ ਅਜਨਾਲਾ ਵਿਖੇ ਕਣਕ ਦੀ ਖਰੀਦ ਰਸਮੀ ਤੌਰ ’ਤੇ ਸ਼ੁਰੂਆਤ ਕਰਵਾਈ ਗਈ। ਉੱਥੇ ਹੀ ਉਨ੍ਹਾਂ ਵੱਲੋਂ ਮੰਡੀਆਂ ਅੰਦਰ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕਰਨ ਦਾਅਵਾ ਕੀਤਾ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੰਡੀਆਂ ਅੰਦਰ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਮੰਡੀਆਂ ਅੰਦਰ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਤਰ੍ਹਾਂ ਦੀ ਕਿਸਾਨਾਂ ਅਤੇ ਆੜ੍ਹਤੀਆ ਨੂੰ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਏਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦੋ ਦਿਨ ਪਹਿਲਾਂ ਹੋਈ ਕੈਬਨਿਟ ਮੀਟਿੰਗ ਦੌਰਾਨ ਸੂਬੇ 'ਚ ਅਨਾਜ ਦੀ ਖ਼ਰੀਦ ’ਤੇ ਇਕੱਠੇ ਕੀਤੇ ਜਾਂਦੇ ਪੇਂਡੂ ਵਿਕਾਸ ਫ਼ੰਡ ਨੂੰ ਦਿਹਾਤੀ ਖੇਤਰ ਦੀਆਂ ਮੰਡੀਆਂ ਨਾਲ ਸਬੰਧਿਤ ਬੁਨਿਆਦੀ ਢਾਂਚੇ 'ਤੇ ਹੀ ਖਰਚਣ ਸਬੰਧੀ ਮੰਤਰੀ ਮੰਡਲ ਵੱਲੋਂ ਪੰਜਾਬ ਪੇਂਡੂ ਵਿਕਾਸ (ਸੋਧ) ਆਰਡੀਨੈਂਸ 2022 ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਇਸ ਦੌਰਾਨ ਉਨ੍ਹਾਂ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਹਰੀ ਕਣਕ ਨਾ ਵੱਢੀ ਜਾਵੇ ਤਾਂ ਕਿ ਉਨ੍ਹਾਂ ਨੂੰ ਮੰਡੀ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਕਣਕ ਨੂੰ ਪਕਾ ਕੇ ਹੀ ਲਿਆਂਦਾ ਜਾਵੇ।
ਇਸ ਮੌਕੇ ਉਨ੍ਹਾਂ ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਸਮੇਂ ਫੈਲੇ ਭ੍ਰਿਸ਼ਟਾਚਾਰ ਨੂੰ ਲੈਕੇ ਸਿਆਸੀ ਪਾਰਟੀਆਂ ਉੱਪਰ ਜੰਮਕੇ ਨਿਸ਼ਾਨੇ ਸਾਧੇ ਹਨ। ਨਾਲ ਹੀ ਮੰਤਰੀ ਕੁਲਦੀਪ ਧਾਲੀਵਾਲ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਮੁੱਖ ਮੰਤਰੀ ਤੇ ਮੰਤਰੀਆਂ ਦਾ ਦਿੱਲੀ ਦੌਰਾ ਮੁਲਤਵੀ, ਸਿਹਤ ਤੇ ਸਿੱਖਿਆ ਸਹੂਲਤਾਂ ਦਾ ਲੈਣਾ ਸੀ ਜਾਇਜ਼ਾ