ਅੰਮ੍ਰਿਤਸਰ: ਨਸ਼ਾ ਤਸਕਰੀ ਮਾਮਲੇ ਵਿੱਚ ਬਿਕਰਮ ਮਜੀਠੀਆ ਨੂੰ ਮੁਹਾਲੀ ਕੋਰਟ ਨੇ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਵਿਰੋਧੀ ਪਾਰਟੀਆਂ ਵੱਲੋਂ ਬਿਕਰਮ ਮਜੀਠੀਆ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਨਿਸ਼ਾਨੇ ’ਤੇ ਲੈ ਰਹੀਆਂ ਹਨ।
ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਬਿਕਰਮ ਸਿੰਘ ਮਜੀਠੀਆ ਖਿਲਾਫ਼ ਆਮ ਆਦਮੀ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉੱਤਰੀ ਜੀਵਨਜੋਤ ਕੌਰ ਨੇ ਮਜੀਠੀਆ ’ਤੇ ਜੰਮਕੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜੋ ਬਿਕਰਮ ਮਜੀਠੀਆ ਨੂੰ ਹੁਣ ਪੁਲਿਸ ਨੇ ਹਿਰਾਸਤ ’ਚ ਲਿਆ ਹੈ। ਜੀਵਨਜੋਤ ਨੇ ਕਿਹਾ ਕਿ ਇਹ ਐਕਸ਼ਨ ਬਹੁਤ ਦੇਰ ਪਹਿਲਾਂ ਲੈ ਲੈਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਅਸੀਂ ਅਦਾਲਤ ਦਾ ਧੰਨਵਾਦ ਕਰਦੇ ਹਾਂ ਕਿਉਂਕਿ ਲੱਖਾਂ ਹੀ ਮਾਵਾਂ ਦੇ ਪੁੱਤ ਮਜੀਠੀਆ ਦੀ ਵਜ੍ਹਾ ਨਾਲ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ।
ਇਸ ਦੇ ਨਾਲ ਹੀ ਬੋਲਦੇ ਉਨ੍ਹਾਂ ਨੇ ਕਿਹਾ ਕਿ ਬਿਕਰਮ ਮਜੀਠੀਆ ਨੂੰ ਆਪਣਾ ਖ਼ੁਦ ਦਾ ਭਵਿੱਖ ਨਹੀਂ ਸੀ ਪਤਾ, ਪਰ ਵਿਧਾਨ ਸਭਾ ਹਲਕਾ ਪੂਰਬੀ ਅੰਮ੍ਰਿਤਸਰ ਚ ਆ ਕੇ ਲੋਕਾਂ ਨੂੰ ਵੱਡੇ ਵੱਡੇ ਵਾਅਦੇ ਕਰ ਰਿਹਾ ਸੀ। ਆਪ ਉਮੀਦਵਾਰ ਨੇ ਕਿਹਾ ਕਿ ਮਜੀਠੀਆ ਅਤੇ ਨਵਜੋਤ ਸਿੱਧੂ ਦੀ ਆਪਸੀ ਲੜਾਈ ਸੀ ਜਿਸ ਕਰਕੇ ਮਜੀਠੀਆ ਇਸ ਹਲਕੇ ਤੋਂ ਚੋਣ ਲੜ ਰਿਹਾ ਸੀ। ਉਨ੍ਹਾਂ ਕਿਹਾ ਕਿ ਮਜੀਠੀਆ ਨੂੰ ਅੰਮ੍ਰਿਤਸਰ ਪੂਰਬੀ ਹਲਕੇ ਦੇ ਲੋਕਾਂ ਦੇ ਮਸਲਿਆਂ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਸਰੋਕਾਰ ਨਹੀਂ ਹੈ।
ਜੀਵਨਜੋਤ ਕੌਰ ਨੇ ਦਾਅਵਾ ਕਰਦਿਆਂ ਕਿਹਾ ਕਿ ਮਜੀਠੀਆ ਵਿਧਾਨ ਸਭਾ ਹਲਕਾ ਪੂਰਬੀ ਤੋਂ ਕਿਸੇ ਵੀ ਹਾਲਤ ਵਿਚ ਨਹੀਂ ਜਿੱਤ ਸਕਦਾ। ਨਾਲ ਹੀ ਉਨ੍ਹਾਂ ਦੱਸਿਆ ਕਿ ਮਜੀਠੀਆ ਦੇ ਨਾਲ ਜਿੰਨੇ ਵੀ ਲੋਕ ਚੋਣ ਪ੍ਰਚਾਰ ਦੌਰਾਨ ਰਹੇ ਉਹ ਸਾਰੇ ਬਾਹਰਲੇ ਹਲਕਿਆਂ ਤੋਂ ਆਉਂਦੇ ਰਹੇ ਹਨ। ਇਸਦੇ ਨਾਲ ਹੀ ਮਜੀਠੀਆ ਖਿਲਾਫ਼ ਭੜਾਸ ਕੱਢਦੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ਤੇ ਇਸ ਪੂਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਪੜਤਾਲ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ: Bikram Majithia Drug case: ਬਿਕਰਮ ਮਜੀਠੀਆ ਨੂੰ ਭੇਜਿਆ ਜੇਲ੍ਹ