ਅੰਮ੍ਰਿਤਸਰ: ਸਾਲ 2018 ਦੁਸ਼ਹਿਰੇ ਵਾਲੇ ਦਿਨ ਸ਼ਹਿਰ ਵਿੱਚ ਹੋਏ ਰੇਲ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕੈਂਡਲ ਮਾਰਚ ਕੱਢਿਆ ਤੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।
ਦੱਸ ਦਈਏ ਕਿ 2018 ਵਿੱਚ ਸ਼ਹਿਰ 'ਚ ਇੱਕ ਦੁੱਖਦਾਈ ਹਾਦਸਾ ਵਾਪਰਿਆ ਸੀ ਜਿਸ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ ਸੀ। ਇਸ ਹਾਦਸੇ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਕਈ ਵਾਅਦੇ ਕੀਤੇ ਗਏ, ਖੇਤਰ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ ਵੱਲੋਂ ਪਰਿਵਾਰ ਦੇ ਹਰ ਮੈਂਬਰ ਨੂੰ ਨੌਕਰੀ ਦੇਣ ਦਾ ਵਾਅਦਾ ਵੀ ਕੀਤਾ ਗਿਆ ਸੀ।
ਹਾਦਸੇ ਨੂੰ ਦੋ ਸਾਲ ਬੀਤ ਗਏ ਹਨ ਪਰ ਹੁਣ ਤੱਕ ਉਹ ਵਾਅਦਾ ਪੂਰਾ ਨਹੀਂ ਹੋਇਆ। ਮ੍ਰਿਤਕਾਂ ਦੇ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਅਜੇ ਤੱਕ ਸਰਕਾਰੀ ਨੌਕਰੀ ਨਹੀਂ ਮਿਲੀ ਹੈ। ਇਨ੍ਹਾਂ ਦੁਖੀ ਪਰਿਵਾਰਾਂ ਵੱਲੋਂ ਸਰਕਾਰ ਖ਼ਿਲਾਫ਼ ਇੱਕ ਕੈਂਡਲ ਮਾਰਚ ਕੱਢਿਆ ਗਿਆ।
ਇਸ ਸਬੰਧੀ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਬੇਸ਼ੱਕ ਨੌਕਰੀ ਮਿਲਣ ਨਾਲ ਉਨ੍ਹਾਂ ਦਾ ਦਰਦ ਖ਼ਤਮ ਨਹੀਂ ਹੋ ਸਕਦਾ, ਪਰ ਪਰਿਵਾਰ ਨੂੰ ਸਹਾਇਤਾ ਮਿਲ ਸਕਦੀ ਹੈ, ਕਿਉਂਕਿ ਮਰਨ ਵਾਲੇ ਬਹੁਤ ਸਾਰੇ ਲੋਕ ਆਪਣੇ ਪਰਿਵਾਰ ਵਿੱਚ ਇਕੱਲੇ ਸਨ। ਇਸ ਦੌਰਾਨ ਉਨ੍ਹਾਂ ਸਰਕਾਰ ਨੂੰ ਅਲਟੀਮੇਟਮ ਵੀ ਦਿੱਤਾ ਕਿ ਜੇਕਰ ਨੂੰ ਨੌਕਰੀ ਨਾ ਦਿੱਤੀ ਗਈ ਤਾਂ ਉਹ ਅਣਮਿੱਥੇ ਸਮੇਂ ਲਈ ਧਰਨਾ ਦੇਣਗੇ।