ਜੰਡਿਆਲਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਡੂਰ ਸਾਹਿਬ ਦੇ ਹਲਕਾ ਜੰਡਿਆਲਾ ਵਿੱਚ ਜਸਬੀਰ ਸਿੰਘ ਡਿੰਪਾ ਅਤੇ ਗੁਰਜੀਤ ਸਿੰਘ ਔਜਲਾ ਦੇ ਹੱਕ 'ਚ ਚੋਣ ਰੈਲੀ ਨੂੰ ਸੰਬੋਧਿਤ ਕੀਤਾ। ਇਸ ਮੌਕੇ ਕੈਪਟਨ ਨੇ ਕਿਹਾ ਕਿ ਕਣਕ ਦੀ ਲਿਫਟਿੰਗ ਦੇ ਮਾਮਲੇ ਵਿੱਚ ਦੇਰੀ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਰਿਹਾ ਹੈ ਤੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਕਿਸੇ ਵੀ ਹਾਲਤ ਵਿੱਚ ਰੁਲਣ ਨਹੀਂ ਦਿੱਤਾ ਜਾਵੇਗਾ।
ਇਸ ਦੇ ਨਾਲ ਹੀ ਨਸ਼ੇ ਦੇ ਮਾਮਲੇ 'ਤੇ ਕੈਪਟਨ ਨੇ ਲੋਕਾਂ ਨੂੰ ਸਲਾਹ ਦਿੱਤੀ ਕਿ ਜੋ ਵੀ ਕੋਈ ਮੈਡੀਕਲ ਸਟੋਰ ਤੇ ਨਸ਼ਾ ਵੇਚਦਾ ਹੈ ਉਸਦੀ ਸ਼ਿਕਾਇਤ ਕਰੋ ਤਾਂ ਜੋ ਉਸਦਾ ਸਥਾਈ ਹੱਲ ਕੱਢਿਆ ਜਾ ਸਕੇ।
ਕੈਪਟਨ ਨੇ ਅਕਾਲੀਆਂ 'ਤੇ ਨਿਸ਼ਾਨਾਂ ਲਾਇਆ ਤੇ ਕਿਹਾ ਕਿ ਬੀਬੀ ਹਰਸਿਮਰਤ ਕੌਰ ਬਾਦਲ ਪੰਜਾਬ ਦੀ ਵਜ਼ੀਰ ਹੈ ਤੇ ਕਿਉਂ ਨਹੀਂ ਪ੍ਰਧਾਨ ਮੰਤਰੀ ਨੂੰ ਪੰਜਾਬ ਦੇ ਮੁੱਦੇ ਹੱਲ ਕਰਨ ਲਈ ਕਹਿੰਦੇ। ਉਨ੍ਹਾਂ ਕਿਹਾ ਕਿ ਲੋਕਾਂ ਸਾਹਮਣੇ ਹਰਸਿਮਰਤ ਗੱਲਾਂ ਦਾ ਪਿਟਾਰਾ ਬਣਾਉਂਦੇ ਹਨ, ਤੇ ਫਿਰ ਇਹ ਪਿਟਾਰਾਂ ਖਾਲੀ ਨਿਕਲਦਾ ਹੈ।
ਬਹਿਬਲ ਕਲਾਂ, ਕੋਟਕਪੂਰਾ ਗੋਲੀ ਕਾਂਡ ਅਤੇ ਬੇਅਦਬੀ ਕਾਂਡ 'ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਨੇ ਦਬਾਅ ਪਾ ਕੇ ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਐੱਸਆਈਟੀ ਮੈਂਬਰ ਕੁੰਵਰ ਵਿਜੈ ਪ੍ਰਤਾਪ ਦਾ ਤਬਾਦਲਾ ਕਰਵਾ ਦਿੱਤਾ। ਪਰ ਜਿਸ ਦਿਨ ਚੋਣਾਂ ਖ਼ਤਮ ਹੋਈਆਂ ਉਸੇ ਦਿਨ ਹੀ ਕੁੰਵਰ ਵਿਜੈ ਪ੍ਰਤਾਪ ਨੂੰ ਵਾਪਸ ਐੱਸਆਈਟੀ 'ਚ ਲਿਆਂਦਾ ਜਾਵੇਗਾ ਅਤੇ ਇਨ੍ਹਾਂ ਮਾਮਲਿਆਂ 'ਚ ਦੋਸ਼ੀਆਂ ਨੂੰ ਬਖ਼ਸ਼ੀਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਬਰਗਾੜੀ ਮਾਮਲੇ 'ਤੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਉਸ ਦਿਨ ਤਤਕਾਲੀ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦਾ ਫੋਨ ਆਇਆ ਸੀ ਤੇ ਗੋਲੀ ਚਲਾਉਣ ਦਾ ਹੁਕਮ ਦਿੱਤਾ ਗਿਆ ਸੀ।