ਅੰਮ੍ਰਿਤਸਰ: ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਵੱਡਾ ਯੋਗਦਾਨ ਪਾਉਣ ਵਾਲੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਨੂੰ 100 ਸਾਲ ਪੂਰੇ ਹੋਣ ‘ਤੇ ਸ਼ਤਾਬਦੀ ਸਮਾਗਮ ਕਰਵਾਇਆ ਜਾ ਰਿਹਾ ਹੈ।ਜ਼ਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਸ਼ਤਾਬਦੀ ਸਮਾਗਮ ਨੂੰ ਮਨਾਉਣ ਲਈ ਦੇਸ਼ ਭਰ ਵਿੱਚ ਜ਼ੋਰਦਾਰ ਤਿਆਰੀਆਂ ਚੱਲ ਰਹੀਆਂ ਹਨ।
ਜਿਸ ਦੇ ਚੱਲਦਿਆਂ ਅੱਜ ਜਲ੍ਹਿਆਂਵਾਲਾ ਬਾਗ ਦੇ ਖ਼ੂਨੀ ਸਾਕੇ ਦੇ ਸ਼ਹੀਦਾਂ ਦੇ ਪਰਿਵਾਰ ਜਲ੍ਹਿਆਂਵਾਲਾ ਬਾਗ ਪਹੁੰਚੇ ਹਨ।ਜਿਥੇ ਸ਼ਹੀਦਾਂ ਦੇ ਪਰਿਵਾਰਾਂ ਨੇ ਕੈਂਡਲ ਮਾਰਚ ਕੱਢਿਆ ਗਿਆ ਹੈ।ਉਨ੍ਹਾਂ ਵੱਲੋਂ ਦੇਸ਼ ਦੇ ਮਹਾਨ ਸ਼ਹੀਦਾਂ ਦੀ ਯਾਦਗਾਰ ‘ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਭਾਰਤ ਦੇ ਆਜ਼ਾਦੀ ਸੰਗਰਾਮ ਵਿਚ ਜਲ੍ਹਿਆਂਵਾਲਾ ਬਾਗ ਵਿਚ ਵਿਸਾਖੀ ਵਾਲੇ ਦਿਨ 13 ਅਪ੍ਰੈਲ 1919 ਨੂੰ ਹੋਏ ਖੂਨੀ ਸਾਕੇ ਦੀ ਬੜੀ ਵੱਡੀ ਭੂਮਿਕਾ ਹੈ।ਸ੍ਰੀ ਅੰਮ੍ਰਿਤਸਰ ਵਿਖੇ ਸਥਿਤ ਸਿੱਖਾਂ ਦੇ ਰੂਹਾਨੀ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਨਜ਼ਦੀਕ ਇਕ ਛੋਟੀ ਜਿਹੀ ਜਗ੍ਹਾ ਵਿਚ ਜਲ੍ਹਿਆਂਵਾਲਾ ਬਾਗ ਸਥਿਤ ਹੈ।
ਜਿਥੇ 13 ਅਪ੍ਰੈਲ 1919 ਨੂੰ ਵਾਪਰੀ ਇਸ ਘਟਨਾ ਵਿਚ ਅੰਗਰੇਜ਼ ਸਰਕਾਰ ਵੱਲੋਂ ਨਿਹੱਥੇ ਭਾਰਤੀਆਂ ਉਪਰ ਅੰਨ੍ਹੇਵਾਹ ਗੋਲੀ ਚਲਾਉਣ ਨਾਲ ਸੈਂਕੜੇ ਲੋਕ ਮੌਤ ਦੇ ਘਾਟ ਉਤਾਰ ਦਿੱਤੇ ਗਏ ਸਨ।