ਅੰਮ੍ਰਿਤਸਰ: ਹੌਟ ਸਪੌਟ ਜ਼ਿਲ੍ਹਿਆ ਦੀ ਲਿਸਟ ਵਿੱਚ ਸ਼ਾਮਲ ਹੋ ਚੁੱਕੇ ਜ਼ਿਲ੍ਹਾ ਅੰਮ੍ਰਿਤਸਰ 'ਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵੱਧ ਤੋਂ ਵੱਧ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਕੋਰੋਨਾ ਦੀ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅੱਜ ਰਈਆ ਡਿਸਪੈਂਸਰੀ ਵਿੱਚ ਉਚੇਚੇ ਤੌਰ 'ਤੇ ਪੁੱਜੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਲਈ ਸ਼ਲਾਘਾ ਕੀਤੀ।
ਉਨ੍ਹਾਂ ਸਿਵਲ ਹਸਪਤਾਲ ਬਾਬਾ ਬਕਾਲਾ 'ਚ ਵੈਕਸੀਨੇਸ਼ਨ ਲਗਵਾਉਣ ਲਈ ਵੱਧ ਰਹੀ ਲੋਕਾਂ ਦੀ ਗਿਣਤੀ ਨੂੰ ਦੇਖਦਿਆਂ ਰਈਆ ਡਿਸਪੈਂਸਰੀ ਵਿੱਚ ਵੈਕਸੀਨੇਸ਼ਨ ਦੀ ਸ਼ੁਰੂਆਤ ਸਾਬਕਾ ਕੌਂਸਲਰ ਗੁਰਦੀਪ ਸਿੰਘ ਨੂੰ ਲਗਵਾ ਕੇ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਧਾਇਕ ਭਲਾਈਪੁਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਵੀ ਕੁੱਝ ਦਿਨ ਪਹਿਲਾਂ ਮੀਆਂਵਿੰਡ ਡਿਸਪੈਂਸਰੀ ਵਿੱਚ ਜਾ ਕੇ ਪਹਿਲ ਦੇ ਅਧਾਰ 'ਤੇ ਵੈਕਸੀਨ ਲਗਵਾਈ ਸੀ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਦੀ ਵੈਕਸੀਨ ਲਗਵਾਉਣੀ ਜ਼ਰੂਰੀ ਹੈ ਤਾਂ ਜੋ ਇਸ ਮਹਾਂਮਾਰੀ ਤੋਂ ਬਚਿਆ ਜਾ ਸਕੇ।
ਜ਼ਿਕਰਯੋਗ ਹੈ ਕਿ ਚਾਹੇ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਲੋਕਾਂ ਨੂੰ ਵੈਕਸੀਨ ਲਗਵਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਪਰ ਬੀਤੇ ਦਿਨੀ ਵੈਕਸੀਨੇਸ਼ਨ ਤੋਂ ਬਾਅਦ ਵੀ ਸਿਹਤ ਵਿਭਾਗ ਨਾਲ ਸਬੰਧਿਤ ਅਧਿਕਾਰੀ ਦੇ ਕਥਿਤ ਤੌਰ 'ਤੇ ਪੌਜ਼ੀਟਿਵ ਪਾਏ ਜਾਣ ਬਾਰੇ ਛਪੀਆਂ ਖਬਰਾਂ ਕਾਰਨ ਲੋਕਾਂ 'ਚ ਦੁਚਿੱਤੀ ਦਾ ਆਲਮ ਹੈ।