ਅੰਮ੍ਰਿਤਸਰ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈਕੇ ਪੰਜਾਬ ਸਰਕਾਰ ਵਲੋਂ ਸੂਬੇ 'ਚ ਸਖ਼ਤੀ ਕੀਤੀ ਗਈ ਹੈ। ਇਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਸੂਬੇ 'ਚ ਐਤਵਾਰ ਨੂੰ ਮੁਕੰਮਲ ਤਾਲਾਬੰਦੀ ਦੇ ਹੁਕਮ ਦਿੱਤੇ ਗਏ ਹਨ। ਸਰਕਾਰ ਵਲੋਂ ਐਤਵਾਰ ਨੂੰ ਐਮਰਜੈਂਸੀ ਸੇਵਾਵਾਂ ਤੋਂ ਇਲਾਵਾ ਬਾਕੀ ਸਭ ਚੀਜਾਂ ਨੂੰ ਬੰਦ ਕੀਤਾ ਗਿਆ ਹੈ। ਇਸ ਦੇ ਚੱਲਦਿਆਂ ਅੰਮ੍ਰਿਤਸਰ 'ਚ ਵੀ ਸਰਕਾਰੀ ਹੁਕਮਾਂ ਦੀ ਪਾਲਣਾ ਹੁੰਦੀ ਦਿਖੀ, ਜਿਥੇ ਐਮਰਜੈਂਸੀ ਸੇਵਾਵਾਂ ਤੋਂ ਇਲਾਵਾ ਮੁਕੰਮਲ ਬੰਦ ਦੇਖਣ ਨੂੰ ਮਿਲਿਆ। ਇਸ ਤੋਂ ਇਲਾਵਾ ਐਤਵਾਰ ਤਾਲਾਬੰਦੀ ਦਾ ਅਸਰ ਦਰਬਾਰ ਸਾਹਿਬ ਵੀ ਦੇਖਣ ਨੂੰ ਮਿਲਿਆ ਜਿਥੇ ਸੰਗਤਾਂ ਦੀ ਆਮਦ ਘੱਟ ਨਜ਼ਰ ਆਈ।
ਇਸ ਮੌਕੇ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਹਾਲ ਗੇਟ ਦੇ ਚੌਂਕੀ ਇੰਚਾਰਜ ਅਰੁਣ ਕੁਮਾਰ ਨੇ ਦੱਸਿਆ ਕਿ ਸਰਕਾਰ ਵਲੋਂ ਐਤਵਾਰ ਨੂੰ ਮੁਕੰਮਲ ਬੰਦ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਬੰਦ 'ਚ ਸਿਰਫ਼ ਐਮਰਜੈਂਸੀ ਸੇਵਾਵਾਂ ਨੂੰ ਹੀ ਛੋਟ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਛੋਟ 'ਚ ਮੈਡੀਕਲ ਸੇਵਾਵਾਂ, ਦੁੱਧ ਪਦਾਰਥਾਂ ਦੀ ਸਪਲਾਈ ਆਦਿ ਸ਼ਾਮਲ ਹਨ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਵੀ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਅਤੇ ਬਿਨ੍ਹਾਂ ਕਿਸੇ ਜ਼ਰੂਰੀ ਕੰਮ ਤੋਂ ਘਰੋਂ ਨਾ ਨਿਕਲਿਆ ਜਾਵੇ।