ਅੰਮ੍ਰਿਤਸਰ: ਸੰਯੁਕਤ ਕਿਸਾਨ ਮੋਰਚੇ ਵੱਲੋਂ ਹੋਲੀ ਵਾਲੇ ਦਿਨ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਫੂਕਣ ਦਾ ਸੱਦਾ ਦਿੱਤਾ ਗਿਆ ਸੀ, ਜਿਸ ਤਹਿਤ ਜਮਹੂਰੀ ਕਿਸਾਨ ਸਭਾ ਵੱਲੋਂ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਵੱਖ-ਵੱਖ ਪਿੰਡਾਂ ਅੰਦਰ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਫੂਕੀਆਂ ਗਈਆਂ ਅਤੇ ਕੇਂਦਰ ਸਰਕਾਰ ਲੋਕ ਵਿਰੋਧੀ ਦੇ ਨਾਅਰੇ ਲਗਾ ਕੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।
ਇਸ ਮੌਕੇ ਕਿਸਾਨ ਮਜ਼ਦੂਰ ਕਾਰਕੁੰਨਾਂ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ ਨੇ ਕਿਹਾ ਕਿ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸੰਯੁਕਤ ਮੋਰਚੇ ਵੱਲੋਂ ਦਿੱਤੇ ਗਏ ਹਰ ਸੱਦੇ ਨੂੰ ਲਾਗੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦੇਸ਼ ਦੇ ਕਿਸਾਨ ਮਜ਼ਦੂਰ ਇਹਨਾਂ ਕਾਲੇ ਕਾਨੂੰਨਾਂ ਦੇ ਮਾੜੇ ਪ੍ਰਭਾਵਾਂ ਤੋਂ ਲਗਾਤਾਰ ਜਾਣੂੰ ਹੋ ਰਹੇ ਹਨ ਅਤੇ ਕਿਸਾਨਾਂ ਮਜ਼ਦੂਰਾਂ ਦਾ ਸੰਘਰਸ਼ ਉਚੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਾਨੂੰਨ ਰੱਦ ਕਰਵਾਉਣ ਤੱਕ ਲਗਾਤਾਰ ਸੰਘਰਸ਼ ਜਾਰੀ ਰਹੇਗਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਦਿੱਲੀ ਦੀਆਂ ਸਰਹੱਦਾਂ ਉੱਪਰ ਚੱਲ ਰਹੇ ਮੋਰਚਿਆਂ ਵਿੱਚ ਵੱਡੀ ਸ਼ਮੂਲੀਅਤ ਕੀਤੀ ਜਾਵੇ।
ਇਹ ਵੀ ਪੜ੍ਹੋ: ਭਾਜਪਾ ਵਿਧਾਇਕ ਆਵੇ ਤਾਂ ਨੰਗਾ ਕਰਕੇ ਖੰਭੇ ਨਾਲ ਬੰਨ ਲਓ: ਚੌਟਾਲਾ