ਅੰਮ੍ਰਿਤਸਰ: ਕੋਰੋਨਾ ਵਾਇਰਸ ਨੂੰ ਲੈ ਕੇ ਲੋਕਾਂ ਵਿੱਚ ਕਾਫ਼ੀ ਡਰ ਬਣਿਆ ਹੋਇਆ ਹੈ। ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਕੋਰੋਨਾ ਪੌਜ਼ੀਟਿਵ ਮਰੀਜ਼ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ।
ਜਾਂਚ ਅਧਿਕਾਰੀ ਜਸਪਾਲ ਸਿੰਘ ਨੇ ਦੱਸਿਆ ਕਿ ਇੱਕ 40 ਸਾਲਾ ਸਵਰਨ ਸਿੰਘ ਨਾਂਅ ਦੇ ਵਿਅਕਤੀ ਨੇ ਹਸਪਤਾਲ ਦੀ ਦੂਸਰੀ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਸਵਰਨ ਸਿੰਘ ਕੋਰੋਨਾ ਪੌਜ਼ੀਟਿਵ ਸੀ, ਜੋ ਕਿ ਇੱਥੇ ਕੋਰੋਨਾ ਕੇਅਰ ਵਾਰਡ ਵਿੱਚ ਭਰਤੀ ਸੀ।
ਜਾਣਕਾਰੀ ਮੁਤਾਬਕ ਸਵਰਨ ਸਿੰਘ ਵਾਰਡ ਸਟਾਫ਼ ਨੂੰ ਬਾਥਰੂਮ ਦਾ ਕਹਿ ਕੇ ਗਿਆ ਸੀ। ਇਸ ਮਗਰੋਂ ਉਸ ਨੇ ਹਸਪਤਾਲ ਦੀ ਦੂਸਰੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਸੂਤਰਾਂ ਮੁਤਾਬਕ ਸਵਰਨ ਸਿੰਘ ਮਾਨਸਿਕ ਤੌਰ 'ਤੇ ਵੀ ਪ੍ਰੇਸ਼ਾਨ ਸੀ।
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਡਾਕਟਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।