ਅੰਮ੍ਰਿਤਸਰ : ਕੋਰੋਨਾ ਵਾਇਰਸ ਨੂੰ ਮਹਾਂਮਾਰੀ ਐਲਾਨੇ ਜਾਣ ਤੋਂ ਬਾਦ ਭਾਰਤ ਸਰਕਾਰ ਵਲੋਂ ਸਲਾਹ ਜਾਰੀ ਕੀਤੀ ਗਈ ਹੈ ਜਿਸ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਗੁਰੂ ਨਗਰੀ ਵਿੱਚ ਖ਼ਾਸ ਚੌਕਸੀ ਵਰਤੀ ਜਾ ਰਹੀ ਹੈ।
ਅੰਮ੍ਰਿਤਸਰ ਦੀ ਸਿਵਲ ਸਰਜਨ ਡਾ.ਪ੍ਰਭਦੀਪ ਕੌਰ ਜੌਹਲ ਅਨੁਸਾਰ ਭਾਰਤ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਚੀਨ, ਇਟਲੀ, ਸਪੇਨ, ਸਾਊਥ ਕੋਰੀਆ, ਜਪਾਨ, ਜਰਮਨੀ ਅਤੇ ਫਰਾਂਸ ਤੋਂ ਆਉਣ ਵਾਲੇ ਯਾਤਰੀਆਂ ਨੂੰ ਘਰ ਨਹੀਂ ਭੇਜਿਆ ਜਾਵੇਗਾ, ਸਗੋਂ ਉਨ੍ਹਾਂ ਨੂੰ 14 ਦਿਨਾਂ ਲਈ ਅੰਮ੍ਰਿਤਸਰ ਦੇ ਸਵਾਮੀ ਵਿਵੇਕਾਨੰਦ ਨਸ਼ਾ ਛਡਾਓ ਅਤੇ ਮੁੜ ਵਸੇਬਾ ਕੇਂਦਰ ਨਿਗਰਾਨੀ ਹੇਠ ਰੱਖਿਆ ਜਾਵੇਗਾ ਅਤੇ ਜੇਕਰ ਉਨ੍ਹਾਂ ਵਿਚੋਂ ਕਿਸੇ ਵਿੱਚ ਕੋਰੋਨਾ ਵਾਇਰਸ ਦਾ ਲੱਛਣ ਪਾਇਆ ਜਾਂਦਾ ਹੈ ਤਾਂ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਤੋੜੀ ਚੁੱਪੀ, "ਜਿੱਤੇਗਾ ਪੰਜਾਬ" ਰਾਹੀਂ ਟਟੋਲਣਗੇ ਲੋਕਾਂ ਦੀ ਨਬਜ਼
ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਉੱਤੇ ਸਿਹਤ ਵਿਭਾਗ ਦੀਆਂ 4 ਟੀਮਾਂ ਅਤੇ ਅਟਾਰੀ ਸਰਹੱਦ ਉੱਤੇ 2 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਲੋਕਾਂ ਨੂੰ ਇਸ ਖ਼ਤਰਨਾਕ ਵਾਇਰਸ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ।
ਅੰਮ੍ਰਿਤਸਰ ਦੇ ਸਿਵਲ ਸਰਜਨ ਡਾਕਟਰ ਪ੍ਰਭਦੀਪ ਕੌਰ ਜੌਹਲ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖ਼ਲ ਕੋਰੋਨਾ ਵਾਇਰਸ ਤੋਂ ਪੀੜਿਤ ਇੱਕੋ-ਇੱਕ ਮਰੀਜ ਦੀ ਹਾਲਤ ਵਿੱਚ ਕਾਫ਼ੀ ਸੁਧਾਰ ਹੈ ਅਤੇ ਇਸ ਤੋਂ ਇਲਾਵਾ ਦਾਖ਼ਲ 2 ਸ਼ੱਕੀ ਮਰੀਜਾਂ ਦੀ ਰਿਪੋਰਟ ਨਾਕਾਰਾਤਮਕ ਆਉਣ ਤੋਂ ਬਾਅਦ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਹੈ।