ਅੰਮ੍ਰਿਤਸਰ: ਪੂਰੀ ਦੂਨੀਆ 'ਚ ਫੈਲੇ ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦਿਆਂ ਜਿੱਥੇ ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ ਉੱਥੇ ਹੀ ਇਸ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕਈ ਕਦਮ ਵੀ ਚੁੱਕੇ ਜਾ ਰਹੇ ਹਨ। ਸਰਕਾਰ ਵੱਲੋਂ ਜਿੱਥੇ ਲੋਕਾਂ ਨੂੰ ਬਚਣ ਦੀ ਅਪੀਲ ਕੀਤੀ ਜਾ ਰਹੀ ਹੈ ਉੱਥੇ ਹੀ ਦਰਬਾਰ ਸਾਹਿਬ ਦਰਸ਼ਨਾਂ ਲਈ ਆਉਣ ਵਾਲੀਆਂ ਸੰਗਤਾਂ ਦਾ ਐਸਜੀਪੀਸੀ ਵੱਲੋਂ ਮੁਆਇਨਾ ਕਰ ਉਨ੍ਹਾਂ ਨੂੰ ਇਸ ਵਾਇਰਸ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧਾਂ 'ਚ ਤੇਜ਼ੀ ਲਿਆਉਂਦਿਆਂ ਘੰਟਾਘਰ ਵਾਲੇ ਪਾਸੇ ਸਪੈਸ਼ਲ ਟੈਂਟ ਲਾ ਗੁਰੂ ਰਾਮਦਾਸ ਹਸਪਤਾਲ ਦੀ ਟੀਮ ਵੱਲੋਂ ਸੰਗਤਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਮੌਕੇ 'ਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਐਸਜੀਪੀਸੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਜਿੱਥੇ ਲੋਕਾਂ ਨੂੰ ਹਦਾਇਤਾਂ ਦੀ ਪਾਲਣਾ ਕਰਨ ਦੀ ਬੇਨਤੀ ਕੀਤੀ ਉੱਥੇ ਹੀ ਦਰਬਾਰ ਸਹਿਬ 'ਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਕੀਤੇ ਗਏ ਪ੍ਰਬੰਧਾਂ 'ਤੇ ਵੀ ਚਾਨਣਾ ਪਾਇਆ।
ਇਹ ਵੀ ਪੜ੍ਹੋ- ਸੁਲਤਾਨਪੁਰ ਲੋਧੀ ਦੇ ਗੁ. ਸ੍ਰੀ ਬੇਰ ਸਾਹਿਬ ਵਿਖੇ ਲਗਾਇਆ ਗਿਆ ਅਨੋਖਾ ਲੰਗਰ
ਡਾ. ਰੂਪ ਸਿੰਘ ਨੇ ਦੱਸਿਆ ਕਿ ਦਰਸ਼ਨਾਂ ਲਈ ਆਉਣ ਵਾਲੀ ਸੰਗਤਾਂ ਦਾ ਮਸ਼ੀਨ ਨਾਲ ਮੁਆਇਨਾ ਕਰ ਅਤੇ ਦੋ ਵਾਰ ਸੈਨੀਟਾਇਜ਼ਰ ਨਾਲ ਹੱਥ ਸਾਫ਼ ਕਰਵਾ ਦਰਸ਼ਨਾਂ ਲਈ ਭੇਜਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸੰਗਤਾਂ ਨੂੰ ਕਤਾਰ ਬਣਾ ਅਤੇ ਇੱਕ ਦੂਜੇ ਤੋਂ ਦੂਰੀ ਬਣਾਏ ਰੱਖਣ ਦੀ ਅਪੀਲ ਕੀਤੀ ਗਈ। ਉਨ੍ਹਾਂ ਇਹ ਵੀ ਕਿਹਾ ਕਿ ਦਰਬਾਰ ਸਾਹਿਬ ਅੰਦਰਲੇ ਸਾਰੇ ਗਲੀਚੇ ਹਟਾ ਦਿੱਤੇ ਗਏ ਹਨ ਅਤੇ ਸੰਗਤਾਂ ਨੂੰ ਇੱਕ ਥਾਂ 'ਤੇ ਬਹੁਤਾ ਇਕੱਠ ਨਾ ਕਰਨ ਦੀ ਹਦਾਇਤ ਜਾਰੀ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਖ਼ੌਫ਼ ਨੂੰ ਵੇਖਦਿਆਂ ਸੂਬਾ ਸਰਾਕਰ ਨੇ ਹਦਾਇਤਾਂ ਜਾਰੀ ਕਰ 31 ਮਾਰਚ ਤਕ ਸਾਰੇ ਸਕੂਲ, ਕਲੱਬ, ਸ਼ਾਪਿੰਗ ਮਾਲ ਆਦਿ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉੱਥੇ ਹੀ ਐਸਜੀਪੀਸੀ ਵੱਲੋਂ ਦਰਬਾਰ ਸਾਹਿਬ ਦਰਸ਼ਨਾਂ ਲਈ ਸੰਗਤਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਚੁੱਕੇ ਗਏ ਕਦਮ ਸ਼ਲਾਘਾਯੋਗ ਹਨ।