ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਮਹਾਂਮਾਰੀ ਤੇ ਕਾਬੂ ਪਾਉਣ ਲਈ ਮਿਸ਼ਨ ਫਤਿਹ ਸ਼ੁਰੂ ਕੀਤਾ ਗਿਆ ਹੈ। ਇਸ ਮਿਸ਼ਨ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਕਈ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ।
ਇਸੇ ਲੜੀ ਤਹਿਤ ਮੰਗਲਵਾਰ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਖੇ ਪੰਜਾਬ ਦੇ ਕੈਬਿਨੇਟ ਮੰਤਰੀ ਓ.ਪੀ. ਸੋਨੀ ਨੇ ਕੋਰੋਨਾ ਟੈਸਟਿੰਗ ਲਈ ਅਤਿ ਆਧੁਨਿਕ ਲੈਬ ਦਾ ਉਦਘਾਟਨ ਕੀਤਾ ਜਿਸ ਨਾਲ ਰੋਜ਼ਾਨਾ ਕੋਰੋਨਾ ਮਰੀਜ਼ਾਂ ਦੇ ਲਗਭਗ 3 ਹਜ਼ਾਰ ਟੈਸਟ ਹੋ ਸਕਣਗੇ।
ਇਸ ਮੌਕੇ ਸੋਨੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਨਵੀਂ ਲੈਬ ਦਾ ਉਦਘਾਟਨ ਕੀਤਾ ਗਿਆ ਸੀ ਅਤੇ ਕੱਲ੍ਹ ਉਨਾਂ ਵੱਲੋਂ ਪਟਿਆਲਾ ਮੈਡੀਕਲ ਕਾਲਜ ਵਿਖੇ ਵੀ ਕੋਰੋਨਾ ਮਰੀਜ਼ਾਂ ਦੇ ਟੈਸਟ ਲਈ ਨਵੀਂ ਲੈਬ ਦਾ ਉਦਘਾਟਨ ਕੀਤਾ ਜਾਵੇਗਾ।
ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕੋਰੋਨਾ ਮਹਾਂਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਅਤੇ ਇਸ ਦੀ ਸੈਂਪਲਿੰਗ, ਟੈਸਟਿੰਗ ਅਤੇ ਮਰੀਜ਼ਾਂ ਦੇ ਇਲਾਜ ਲਈ ਵਿਆਪਕ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਰਾਜ ਵਿੱਚ ਕੋਰੋਨਾ ਮਰੀਜ਼ਾਂ ਦੀ ਟੈਸਟ ਦੀ ਸਮਰੱਥਾ ਵਧਾਉਣ ਲਈ ਤਿੰਨੋਂ ਮੈਡੀਕਲ ਕਾਲਜਾਂ ਵਿੱਚ ਅਤਿ ਆਧੁਨਿਕ ਲੈਬਜ਼ ਸਥਾਪਿਤ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਲੱਗਣ ਵਾਲੀਆਂ ਇਹ ਆਪਣੀ ਕਿਸਮ ਦੀਆਂ ਪਹਿਲੀਆਂ ਅਤਿ ਆਧੁਨਿਕ ਕੋਰੋਨਾ ਟੈਸਟਿੰਗ ਲੈਬਜ਼ ਹਨ ਜਿਨ੍ਹਾਂ ਵਿੱਚ ਕੋਰੋਨਾ ਬਿਮਾਰੀ ਦਾ ਟੈਸਟ ਅਤਿ ਆਧੁਨਿਕ ਤਕਨੀਕਾਂ ਨਾਲ ਕੀਤਾ ਜਾਂਦਾ ਹੈ ਅਤੇ ਇਨ੍ਹਾਂ ਸੁਰੱਖਿਅਤ ਲੈਬਜ਼ ਵਿੱਚ ਕੰਮ ਕਰਦੇ ਸਟਾਫ਼ ਨੂੰ ਕੋਰੋਨਾ ਲਾਗ ਲੱਗਣ ਦਾ ਕੋਈ ਖ਼ਤਰਾ ਨਹੀਂ ਰਹਿੰਦਾ।
ਉਨ੍ਹਾਂ ਕਿਹਾ ਕਿ ਇਨ੍ਹਾਂ ਲੈਬਜ਼ ਦੀ ਸਥਾਪਨਾ ਨਾਲ ਸੂਬੇ ਵਿੱਚ ਰੋਜ਼ਾਨਾ ਕੋਰੋਨਾ ਟੈਸਟਿੰਗ ਦੀ ਸਮੱਰਥਾ 9 ਹਜ਼ਾਰ ਤੱਕ ਪੁੱਜ ਜਾਵੇਗੀ। ਉਨ੍ਹਾਂ ਕਿਹਾ ਕਿ ਇੱਕ ਲੈਬ ਵਿੱਚ 3 ਹਜ਼ਾਰ ਟੈਸਟ ਹੋਣਗੇ ਅਤੇ ਤਿੰਨਾਂ ਲੈਬਾਂ ਦੀ ਸਮਰੱਥਾ ਮਿਲਾ ਕੇ ਹੁਣ 9 ਹਜ਼ਾਰ ਹੋ ਜਾਵੇਗੀ। ਜਦਕਿ ਪਹਿਲਾਂ ਇੱਕ ਦਿਨ ਵਿੱਚ 1050 ਟੈਸਟ ਹੁੰਦੇ ਸਨ।