ਪੰਜਾਬੀ ਵਿਆਖਿਆ: ਸੋਰਠਿ ਮਹਲਾ ੫ ਘਰੁ ੧ ਅਸਟਪਦੀਆ, ੴ ਸਤਿਗੁਰ ਪ੍ਰਸਾਦਿ ॥ ਹੇ ਭਾਈ, ਜਿਸ ਪ੍ਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ ਮਨੁੱਖ ਦੀ ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ ਤਾਂ ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ, ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ । ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ।੧। ਹੇ ਮੇਰੇ ਮਨ! ਸਦਾ ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ । ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦਿੰਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ।ਰਹਾਉ। ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ।
ਹੇ ਭਾਈ, ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ ਸਭ ਜੀਵਾਂ ਦੀ ਸੰਭਾਲ ਕਰਦਾ ਹੈ । ਉਸ ਦਾ ਦਰਸਨ ਕਰਨ ਲਈ, ਹੇ ਭਾਈ, ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, ਗੁਰੂ ਹੀ ਆਪਣੇ ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ ।੨। ਹੇ ਭਾਈ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ। ਇਸ ਤਰ੍ਹਾਂ ਮਨ ਦੀ ਭਟਕਣਾ ਦਾ, ਹਰੇਕ ਕਿਸਮ ਦੇ ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ, ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ। ਇਸ ਤਰ੍ਹਾਂ ਪ੍ਰਮਾਤਮਾ ਦੇ ਨਾਮ ਵਿੱਚ ਮਨ ਦਾ ਨਿਵਾਸ ਹੋ ਜਾਂਦਾ ਹੈ। ਸਾਧ ਸੰਗਤਿ ਦੀ ਬਰਕਤਿ ਨਾਲ।
ਹੇ ਭਾਈ, ਆਤਮਿਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ ਮਨੁੱਖ ਦੇ ਅੰਦਰੋਂ ਮਿਟ ਜਾਂਦਾ ਹੈ, ਹਿਰਦੇ ਦੇ ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ । ਹੇ ਭਾਈ, ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ ।੩। ਹੇ ਭਾਈ, ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ । ਹੇ ਭਾਈ, ਪ੍ਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ ਸਭ ਦੇ ਕੰਮਾਂ ਨੂੰ ਵੇਖਦਾ ਹੈ। ਸਭਨਾਂ ਦੀਆਂ ਗੱਲਾਂ ਸੁਣਦਾ ਹੈ। ਹੇ ਭਾਈ, ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ, ਇਹ ਯਾਦ ਰੱਖੋ ਕਿ ਪ੍ਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ ਜੀਵਾਂ ਪਾਸੋਂ ਕਰਾ ਸਕਣ ਵਾਲਾ ਹੈ । ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ ।੪।
ਹੇ ਭਾਈ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ, ਉਸ ਦੇ ਅੰਦਰੋਂ ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ । ਹੇ ਭਾਈ! ਉਸ ਪ੍ਰਮਾਤਮਾ ਨੂੰ ਜਦੋਂ ਚੰਗਾ ਲੱਗੇ ਤਦੋਂ ਉਹ ਜਿਸ ਨੂੰ ਆਪਣੇ ਚਰਨਾਂ ਵਿੱਚ ਮਿਲਾ ਲੈਂਦਾ ਹੈ। ਉਸ ਦੇ ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ । ਹੇ ਭਾਈ! ਗੁਰੂ ਦੇ ਸਨਮੁਖ ਹੋਇਆ ਹਿਰਦੇ ਦਾ ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ ਆਤਮਿਕ ਜੀਵਨ ਦੀ ਸੋਝੀ ਦਾ ਚਾਨਣ ਹੋ ਜਾਂਦਾ ਹੈ । ਹੇ ਭਾਈ! ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ ਪ੍ਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ। ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪ੍ਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ ।੫। ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, ਉਸ ਦੇ ਅੰਦਰ ਦਿਨ ਰਾਤ ਪ੍ਰਭੂ-ਚਰਨਾਂ ਦਾ ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਸਦਾ ਆਪਣੀ ਜੀਭ ਨਾਲ ਪ੍ਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ । ਨਾਮ ਜਪਣ ਦਾ ਇਹ ਸੁਆਦ ਇਹ ਨਿਸ਼ਾਨਾ ਉਸ ਦੇ ਅੰਦਰ ਸਦਾ ਕਾਇਮ ਰਹਿੰਦਾ ਹੈ।
- ਲਾੜੇ 'ਤੇ ਦੋਸਤਾਂ ਦੀ ਇਹ ਹਰਕਤ ਦੇਖ ਲਾੜੀ ਨੂੰ ਆਇਆ ਗੁੱਸਾ, ਤੋੜ ਦਿੱਤਾ ਵਿਆਹ
- ਕਿਸਾਨ ਯੂਨੀਅਨ ਵੱਲੋਂ ਐਸਐਸਪੀ ਦਫ਼ਤਰ ਮੂਹਰੇ ਧਰਨਾ ਜਾਰੀ, ਕਿਸਾਨ ਦੀ ਜ਼ਮੀਨ ਜ਼ਬਰੀ ਨੱਪਣ ਦਾ ਧਨਾਢਾ ਉੱਤੇ ਲਾਇਆ ਇਲਜ਼ਾਮ
- BJP Mega Plan: ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ 'ਤੇ ਬੀਜੇਪੀ ਕਰੇਗੀ ਉਪਲੱਬਧੀਆਂ ਦੀ ਗੱਲ, PM ਕਰਨਗੇ ਵੱਡੀ ਰੈਲੀ
ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ ਪ੍ਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ ਸੁਣ ਕੇ ਆਤਮਿਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿੱਚ ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ। ਪਰ, ਹੇ ਭਾਈ, ਜਿਸ ਮਨੁੱਖ ਨੂੰ (ਗੁਰੂ ਉੱਤੇ) ਇਤਬਾਰ ਨਹੀਂ ਬੱਝਦਾ ਉਸ ਦੀ ਨਿਭਾਗੀ ਜਿੰਦ ਵਿਕਾਰਾਂ ਵਿੱਚ ਸੜ ਜਾਂਦੀ ਹੈ, ਆਤਮਿਕ ਮੌਤ ਸਹੇੜ ਲੈਂਦੀ ਹੈ। ।੬। ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ। ਹੇ ਭਾਈ ! ਉਹ ਮਾਲਕ ਗੁਣ-ਹੀਨ ਨੂੰ (ਵੀ) ਪਾਲਦਾ ਹੈ, ਉਹ ਨਿਆਸਰੇ ਮਨੁੱਖ ਨੂੰ ਸਹਾਰਾ ਦਿੰਦਾ ਹੈ। ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ ਗੂੜ੍ਹਾ ਰੰਗ ਚਾੜ੍ਹ ਦਿੰਦਾ ਹੈ।
ਹੇ ਭਾਈ, ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ, ਉਸ ਨੂੰ ਪ੍ਰਭੂ ਮਿਲ ਪੈਂਦਾ ਹੈ। ਉਸ ਦੀ ਕਿਸਮਤ ਜਾਗ ਪੈਂਦੀ ਹੈ।੭। ਹੇ ਭਾਈ, ਉਹ ਪ੍ਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ। ਉਸ ਦੀ ਯਾਦ ਤੋਂ ਬਿਨਾਂ ਇਕ ਘੜੀ ਭਰ ਵੀ ਮਨੁੱਖ ਦਾ ਆਤਮਿਕ ਜੀਵਨ ਕਾਇਮ ਨਹੀਂ ਰਹਿ ਸਕਦਾ। ਹੇ ਭਾਈ, ਮੈਂ ਤਾਂ ਉਸ ਪ੍ਰਮਾਤਮਾ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਵੀ ਨਹੀਂ ਭੁੱਲਦਾ।
ਹੇ ਭਾਈ, ਜਿਸ ਮਨੁੱਖ ਨੂੰ ਪ੍ਰਮਾਤਮਾ ਨੇ ਗੁਰੂ ਦੀ ਸੰਗਤਿ ਵਿੱਚ ਮਿਲਾ ਦਿੱਤਾ। ਉਸ ਨੂੰ ਉਹ ਪ੍ਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ। ਪਰ, ਹੇ ਭਾਈ, ਜਿਨ੍ਹਾਂ ਦੇ ਅੰਦਰ ਪ੍ਰਮਾਤਮਾ ਦਾ ਪਿਆਰ ਪੈਦਾ ਨਹੀਂ ਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਿਕ ਮੌਤ ਸਹੇੜਦੇ ਰਹਿੰਦੇ ਹਨ।੮। ਹੇ ਭਾਈ, ਸ਼ਰਨ ਪਏ ਮਨੁੱਖ ਨੂੰ ਆਪਣੇ ਪੱਲੇ ਲਾ ਕੇ ਪ੍ਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ। ਪਭੂ ਉਸ ਉੱਤੇ ਕਿਰਪਾ ਕਰ ਕੇ ਉਸ ਨੂੰ ਮਿਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ। ਹੇ ਭਾਈ, ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ ਆਪਣੇ ਆਤਮਿਕ ਜੀਵਨ ਵਾਸਤੇ ਨਾਮ ਦੀ ਖ਼ੁਰਾਕ ਖਾਂਦਾ ਹੈ, ਨਾਮ ਦਾ ਸਹਾਰਾ ਲੈਂਦਾ ਹੈ। ਹੇ ਨਾਨਕ, (ਆਖ—) ਹੇ ਭਾਈ! ਉਸ ਪ੍ਰਮਾਤਮਾ ਦੀ ਸ਼ਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ ।੯।੧। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)