ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਜਾਣ ਵਾਲੇ ਕੌਮਾਂਤਰੀ ਨਗਰ ਕੀਰਤਨ ਨੂੰ ਫ਼ਿਲਹਾਲ ਕੁਝ ਸਮੇਂ ਲਈ ਮੁਲਤਵੀ ਕੀਤਾ ਗਿਆ ਹੈ।
ਦੱਸ ਦਈਏ, ਕਿ ਇਸ ਤੋਂ ਪਹਿਲਾਂ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਆਪਣੇ ਤੌਰ 'ਤੇ ਨਗਰ ਕੀਰਤਨ ਦਿੱਲੀ ਤੋ ਸ੍ਰੀ ਨਨਕਾਣਾ ਸਾਹਿਬ ਤੱਕ ਕੱਢਣ ਦੀ ਗੱਲ ਕਹੀ ਸੀ। ਇਸ ਦੇ ਨਾਲ ਹੀ ਦਾਅਵਾ ਕੀਤਾ ਕਿ ਪਾਕਿਸਤਾਨ ਸਰਕਾਰ ਨੇ ਕੇਵਲ ਉਨ੍ਹਾਂ ਨੂੰ ਇੱਕ ਹੀ ਨਗਰ ਕੀਰਤਨ ਲਿਆਉਣ ਦੀ ਇਜ਼ਾਜ਼ਤ ਦਿੱਤੀ ਹੈ ਨਾਂ ਕਿ ਵੱਖ-ਵੱਖ ਨਗਰ ਕੀਰਤਨ ਦੀ ਇਜ਼ਾਜ਼ਤ ਦਿੱਤੀ ਗਈ ਸੀ।
ਇਸ ਬਾਰੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਮਾਮਲੇ 'ਤੇ ਦੋਹਾਂ ਧਿਰਾਂ ਵਿਚਾਲੇ ਇਕ ਸਾਂਝੀ ਕਮੇਟੀ ਬਣਾਈ ਗਈ ਸੀ ਪਰ ਉਹਨਾਂ ਵਿੱਚ ਕੋਈ ਸਹਿਮਤੀ ਨਹੀਂ ਬਣ ਸਕੀ। ਇਸ ਕਾਰਨ ਪਾਕਿਸਤਾਨ ਸਰਕਾਰ ਕੋਲੋਂ ਹੋਰ ਨਗਰ ਕੀਰਤਨ ਸਜਾਉਣ ਦੀ ਸਹਿਮਤੀ ਲੈਣ ਤੋਂ ਬਾਅਦ ਹੀ ਨਗਰ ਕੀਰਤਨ ਸਜਾਇਆ ਜਾਵੇਗਾ।
ਜਥੇਦਾਰ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਭੇਟ ਕੀਤੀ ਜਾਣ ਵਾਲੀ ਸੋਨੇ ਦੀ ਪਾਲਕੀ ਬਣਾਉਣ ਤੇ ਮਾਇਆ ਇਕੱਠੀ ਕਰਨ ਲਈ ਗੋਲਕਾਂ ਤੁਰੰਤ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਜਥੇਦਾਰ ਨੇ ਕਿਹਾ ਕਿ ਹੁਣ ਤੱਕ ਪਾਲਕੀ 'ਤੇ ਕਿੰਨਾ ਸੋਨਾ ਤੇ ਕਿੰਨੀ ਮਾਇਆ ਇਕੱਠੀ ਕੀਤੀ ਗਈ ਹੈ ਇਹ ਇਕ ਬੋਰਡ ਲਿਖ ਤੇ ਲਿਖ ਕੇ ਲਾਇਆ ਜਾਵੇ। ਜਥੇਦਾਰ ਨੇ ਕਿਹਾ ਕਿ ਕੁਝ ਲੋਕ ਸਿਆਸੀ ਲਾਹਾ ਲੈਣ ਤੇ ਆਪਣੀ ਹੋਂਦ ਬਚਾਉਣ ਲਈ ਸਿਆਸਤ ਕਰ ਰਹੇ ਹਨ।