ਅੰਮ੍ਰਿਤਸਰ: ਉੱਤਰ ਪ੍ਰਦੇਸ਼ ਦੀ ਸਰਕਾਰ ਵੱਲੋਂ ਪਿਛਲੀਆਂ ਤਿੰਨ ਪੀੜ੍ਹੀਆਂ ਤੋਂ ਰਹਿ ਰਹੇ ਪੰਜਾਬੀ ਕਿਸਾਨਾਂ ਨੂੰ ਉਜਾੜਨ ਦੀਆਂ ਖ਼ਬਰਾਂ ਨਸ਼ਰ ਹੋ ਰਹੀਆਂ ਹਨ, ਜਿਸ ਕਾਰਨ ਸਿੱਖ ਭਾਈਚਾਰੇ ਵਿੱਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ।
ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਮਨਜੀਤ ਸਿੰਘ ਦਾ ਕਹਿਣਾ ਹੈ ਕਿ ਪਹਿਲਾਂ ਸਿੱਖ ਪਾਕਿਸਤਾਨ ਵਿੱਚੋਂ ਉੱਜੜ ਕੇ ਭਾਰਤ ਆਏ ਤੇ ਉਨ੍ਹਾਂ ਨੇ ਭਾਰਤੀ ਤਰੱਕੀ ਵਿੱਚ ਹਿੱਸਾ ਪਾਇਆ। ਫਿਰ ਹੋਰ ਰਾਜਾਂ ਸਮੇਤ ਉੱਤਰ ਪ੍ਰਦੇਸ਼ ਵਿੱਚ ਵੀ ਪੰਜਾਬੀ ਕਿਸਾਨਾਂ ਵੱਲੋਂ ਜੰਗਲਾਂ ਵਾਲੀ ਥਾਂ ਉੱਪਰ ਮਿਹਨਤ ਕਰਕੇ ਖੇਤੀ ਕਰਨੀ ਸ਼ੁਰੂ ਕੀਤੀ ਅਤੇ ਪੰਜਾਬੀ ਕਿਸਾਨਾਂ ਦੀ ਤੀਜੀ ਪੀੜ੍ਹੀ ਉੱਥੇ ਰਹਿ ਰਹੀ ਹੈ, ਜਿਨ੍ਹਾਂ ਦੇ ਰਾਸ਼ਨ ਕਾਰਡ, ਆਧਾਰ ਕਾਰਡ ਉੱਥੋਂ ਦੇ ਬਣੇ ਹਨ।
ਭਾਈ ਮਨਜੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਵਫਦ ਵੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ ਅਤੇ ਵਿਕਾਸ ਵਿੱਚ ਹਿੱਸਾ ਪਾਉਣ ਵਾਲੇ ਸਿੱਖ ਭਾਈਚਾਰੇ ਨੂੰ ਇਸ ਤਰ੍ਹਾਂ ਉਜਾੜਨਾ ਮੰਦਭਾਗਾ ਹੈ।
ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਭਾਵੇਂ ਕਿ ਉਥੋਂ ਦੇ ਪ੍ਰਸ਼ਾਸਨ ਤੇ ਸਰਕਾਰ ਨੂੰ ਪੰਜਾਬੀ ਕਿਸਾਨਾਂ ਲੰਮੇ ਸਮੇਂ ਤੋਂ ਰਹਿਣ ਬਾਰੇ ਪੂਰੀ ਜਾਣਕਾਰੀ ਹੈ, ਪਰ ਕੁਝ ਲੋਕ ਸਮਾਜ ਵਿੱਚ ਦਰਾਰ ਪਾਉਣ ਦਾ ਕੰਮ ਕਰ ਰਹੇ ਹਨ, ਇਸ ਲਈ ਉੱਤਰ ਵਿਦੇਸ਼ ਦੇ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਪੰਜਾਬੀ ਕਿਸਾਨਾਂ ਦਾ ਉਜਾੜਾ ਬੰਦ ਕਰੇ ਤਾਂ ਜੋ ਸਿੱਖ ਭਾਈਚਾਰੇ ਨੂੰ ਇਹ ਮਹਿਸੂਸ ਹੋਵੇ ਕਿ ਉਹ ਭਾਰਤ ਵਿੱਚ ਮਹਿਫੂਜ਼ ਹਨ।
ਇੱਥੇ ਵੀ ਜ਼ਿਕਰਯੋਗ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਗੁਜਰਾਤ ਵਿੱਚ ਰਹਿ ਰਹੇ ਪੰਜਾਬੀ ਕਿਸਾਨਾਂ ਨੂੰ ਵੀ ਉਥੋਂ ਦੀ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਜ਼ਮੀਨਾਂ ਨੂੰ ਲੈ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਇਸ ਸਬੰਧੀ ਸੁਪਰੀਮ ਕੋਰਟ ਵਿੱਚ ਕੇਸ ਵਿਚਾਰ ਅਧੀਨ ਹੈ।