ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। ਆਏ ਦਿਨ ਸਰੂਪਾਂ ਦੀ ਬੇਅਦਬੀ ਦੀਆਂ ਘਟਨਾਵਾਂ ਹੋ ਰਹੀਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਏਅਰਪੋਰਟ ਦਾ ਹੈ ਜਿਥੇ ਦੋ ਵਿਅਕਤੀ ਸੂਟਕੇਸ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਪੂਣੇ ਲੈ ਕੇ ਜਾਣ ਦੀ ਫਿਰਾਕ ਵਿੱਚ ਸਨ ਜਿਨ੍ਹਾਂ ਨੂੰ ਪੁਲਿਸ ਅੰਮ੍ਰਿਤਸਰ ਏਅਰ ਪੋਰਟ ਉੱਤੇ ਹੀ ਗ੍ਰਿਫਤਾਰ ਕਰ ਲਿਆ ਹੈ ਤੇ ਉਨ੍ਹਾਂ ਤੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਲੈ ਕੇ ਉਸ ਨੂੰ ਗੁਰੂਦੁਆਰਾ ਜਗੀਰ ਸਾਹਿਬ ਵਿੱਚ ਸੁਸ਼ੋਭਿਤ ਕਰ ਦਿੱਤਾ ਹੈ। ਦਰਅਸਲ ਇਸ ਬੇਅਦਬੀ ਦੀ ਘਟਨਾ ਸਬੰਧੀ ਜਾਣਕਾਰੀ ਇੱਕ ਆਟੋ ਚਾਲਕ ਨੇ ਪੁਲਿਸ ਨੂੰ ਦਿੱਤੀ ਸੀ।
ਆਟੋ ਚਾਲਕ ਨੇ ਕਿਹਾ ਕਿ ਉਹ ਏਅਰਪੋਰਟ ਉੱਤੇ ਆਟੋ ਚਲਾਉਂਦੇ ਹਨ। ਬੀਤੀ ਦਿਨੀਂ ਉਹ ਏਅਰ ਪੋਰਟ ਉੱਤੇ ਕੁਝ ਆਟੋ ਚਾਲਕਾਂ ਨਾਲ ਗੱਲਬਾਤ ਕਰ ਰਹੇ ਸੀ ਉਸ ਵੇਲੇ ਉਨ੍ਹਾਂ ਨੂੰ ਉਥੇ ਦੇ ਆਟੋ ਚਾਲਕਾਂ ਤੋਂ ਸੂਚਨਾ ਮਿਲੀ ਕਿ ਦੋ ਵਿਅਕਤੀ ਅਟੈਚੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਪੂਣੇ ਲੈ ਕੇ ਜਾ ਰਹੇ ਹਨ। ਇਸ ਸਬੰਧ ਵਿੱਚ ਉਨ੍ਹਾਂ ਨੇ ਉਨ੍ਹਾਂ ਵਿਅਕਤੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਪੂਣੇ ਲੈ ਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਉਨ੍ਹਾਂ ਵਿਅਕਤੀਆਂ ਨੂੰ ਸੁਚੇਤ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਪੰਜ ਸਿੰਘਾਂ ਦੀ ਅਗਵਾਈ ਹੇਠਾਂ ਲੈ ਕੇ ਜਾਇਆ ਜਾਂਦਾ ਹੈ। ਇਸ ਤਰ੍ਹਾਂ ਲੈ ਕੇ ਜਾਣ ਨਾਲ ਬੇਅਦਬੀ ਹੁੰਦੀ ਹੈ ਜਿਸ ਤੋਂ ਬਾਅਦ ਵੀ ਉਹ ਏਅਰਪੋਰਟ ਅੰਦਰ ਦਾਖ਼ਲ ਹੋ ਗਏ।
ਸ਼੍ਰੋਮਣੀ ਕਮੇਟੀ ਦੇ ਮੁੱਖ ਪ੍ਰਚਾਰਕ ਜਗਦੇਵ ਸਿੰਘ ਨੇ ਕਿਹਾ ਕਿ ਉਹ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ ਉੱਤੇ ਅੰਮ੍ਰਿਤਸਰ ਦੇ ਏਅਰਪੋਰਟ ਉੱਤੇ ਪੁੱਜੇ ਹਨ। ਇੱਥੇ ਪਹੁੰਚਣ ਉੱਤੇ ਉੁਨ੍ਹਾਂ ਨੂੰ ਪਤਾ ਲੱਗਾ ਹੈ ਕਿ ਦੋ ਵਿਅਕਤੀ ਸੂਟਕੇਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਇਥੋਂ ਦੀ ਦਿੱਲੀ ਤੇ ਦਿੱਲੀ ਤੋਂ ਪੂਣੇ ਲੈ ਕੇ ਜਾਣ ਵਾਲੇ ਸਨ ਜਿਸ ਉੱਤੇ ਕਾਰਵਾਈ ਕਰਨ ਲਈ ਉਹ ਇੱਥੇ ਆਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋ ਨੋਜਵਾਨਾਂ ਨੇ ਪਾਵਨ ਸਰੂਪ ਨੂੰ ਸਟੂਕੇਸ ਵਿੱਚ ਪਾ ਕੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਹੈ ਜਿਸ ਦੀ ਉਹ ਪੂਰਨਜੋਰ ਨਿੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਜ਼ਿਨ੍ਹਾਂ ਨੇ ਗੁਰੂ ਸਾਹਿਬ ਦੀ ਬੇਅਦਬੀ ਕੀਤੀ ਹੈ ਉਨ੍ਹਾਂ ਦੋਸ਼ੀਆਂ ਦਾ ਨਾਂਅ ਜਸਵੀਰ ਸਿੰਘ ਤੇ ਜਵਾਲਾ ਸਿੰਘ ਹੈ ਜੋ ਕਿ ਪਿਉ ਪੁੱਤ ਹਨ। ਉਹ ਇਨ੍ਹਾਂ ਉੱਤੇ ਧਾਰਾ 205 (A) ਲਗਾਵਾਉਣ ਦਾ ਯਤਨ ਕਰਨਗੇ ਤਾਂ ਜੋ ਕੋਈ ਗ਼ਲਤ ਅਨਸਰ ਮੁੜ ਤੋਂ ਅਜਿਹਾ ਨਾ ਕਰ ਸਕੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਦੀ ਡੁੱਘਾਈ ਨਾਲ ਵੀ ਜਾਂਚ ਕਰਨਗੇ।
ਏਐਸਆਈ ਮੋਹਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਦੋ ਵਿਅਕਤੀ ਏਅਰਪੋਰਟ ਵਿੱਚ ਸੂਟਕੇਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਲੈ ਕੇ ਜਾ ਰਹੇ ਹਨ। ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ ਉੱਤੇ ਪਹੁੰਚ ਕੇ ਐਸਜੀਪੀਸੀ ਨੂੰ ਸੂਚਨਾ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਉਨ੍ਹਾਂ ਉਕਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।