ਅੰਮ੍ਰਿਤਸਰ:ਸਿੱਖ ਕੌਮ ਦੇ ਸਰਬਉੱਚ ਤਖ਼ਤ,ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ 2 ਜੁਲਾਈ ਨੂੰ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ 2 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕੀਤੇ ਜਾ ਰਹੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੱਲਬਾਤ ਦੌਰਾਨ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਹਮੇਸ਼ਾਂ ਹੀ ਖਾਲਸਾ ਪੰਥ ਦੀ ਅਗਵਾਈ ਕੀਤੀ ਹੈ ਜਿਸ ਦੀ ਸਥਾਪਨਾ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਆਪਣੀ ਨਿਗਰਾਨੀ ਹੇਠ ਕਰਵਾਈ ਸੀ।
ਸਿੰਘ ਸਾਹਿਬ ਨੇ ਕਿਹਾ ਕਿ ਵਿਗੜੇ ਸਮਿਆਂ ਵਿੱਚ ਅਕਾਲ ਤਖ਼ਤ ਸਾਹਿਬ ਨੇ ਅਗਵਾਈ ਕਰਦੇ ਹੋਏ ਖਾਲਸਾ ਪੰਥ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਕਿਹਾ ਹੈ ਕਿ ਇਹੋ ਕਾਰਨ ਹੈ ਕਿ ਵਕਤ ਦੇ ਸਾਮਰਾਜ ਨੇ ਹਮੇਸ਼ਾ ਹੀ ਅਕਾਲ ਤਖ਼ਤ ਸਾਹਿਬ ਨੂੰ ਖਤਮ ਕਰਨ ਦੀ ਨੀਤੀ ਬਣਾਈ ਹੈ।
ਜਥੇਦਾਰ ਨੇ ਕਿਹਾ ਕਿ ਅੱਜ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨੀਵਾਂ ਦਿਖਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਸਿੱਖ ਚਿਹਰਿਆਂ ਦੀ ਵਰਤੋਂ ਕਰ ਅਜਿਹਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 2 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸੰਗਤਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਦੌਰਾਨ ਪੁੱਜਣ ਦੀ ਅਪੀਲ ਕੀਤੀ ਹੈ।