ਅੰਮ੍ਰਿਤਸਰ: ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਨੂੰ ਲੈਕੇ ਸ਼੍ਰੋਮਣੀ ਕਮੇਟੀ ਦਾ ਕਹਿਣਾ ਕਿ ਕੋਰੋਨਾ ਦੇ ਚੱਲਦਿਆਂ ਵੱਡੇ ਪ੍ਰੋਗਰਾਮਾਂ ਨੂੰ ਮੁਲਤਵੀ ਕਰ ਦਿੱਤਾ ਜਾਵੇਗਾ, ਜਦਕਿ ਛੋਟੇ ਸਮਾਗਮ ਪਹਿਲਾਂ ਦੀ ਤਰ੍ਹਾਂ ਹੀ ਉਲੀਕੇ ਜਾਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਨੌਂਵੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਲੈਕੇ ਕਰਵਾਏ ਜਾਣ ਵਾਲੇ ਵੱਡੇ ਸਮਾਗਮ ਮੁਲਤਵੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਛੋਟੇ ਸਮਾਗਮ ਪਹਿਲਾਂ ਦੀ ਤਰ੍ਹਾਂ ਹੀ ਕੀਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਦੇਸ਼ਾਂ ਵਿਦੇਸ਼ਾਂ 'ਚ ਬੈਠੀ ਸੰਗਤ ਲਈ ਇਹ ਪ੍ਰੋਗਰਾਮ ਸੋਸ਼ਲ ਮੀਡੀਆ 'ਤੇ ਆਨਲਾਈਨ ਕੀਤੇ ਜਾਣਗੇ ਤਾਂ ਜੋ ਘਰ ਬੈਠੀਆਂ ਸੰਗਤਾਂ ਸਮਾਗਮ ਦਾ ਆਨੰਦ ਮਾਣ ਸਕਣ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਦਰਬਾਰ ਸਾਹਿਬ 'ਚ ਕੋਰੋਨਾ ਦੇ ਚੱਲਦਿਆਂ ਪ੍ਰਸ਼ਾਸਨਿਕ ਹਦਾਇਤਾਂ ਦਾ ਵੀ ਪੂਰਾ ਧਿਆਨ ਰੱਖਿਆ ਜਾਂਦਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜਾਂ ਦਾ ਇਲਜ ਵੀ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਵੈਕਸੀਨੇਸ਼ਨ ਵੀ ਮੁਫ਼ਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ 'ਚ ਆਕਸੀਜਨ ਅਤੇ ਵੈਕਸੀਨੇਸ਼ਨ ਦੀ ਕਮੀ ਆ ਰਹੀ ਹੈ, ਜਿਸ ਸਬੰਧੀ ਉਨ੍ਹਾਂ ਸਰਕਾਰ ਨਾਲ ਗੱਲਬਾਤ ਕੀਤੀ ਹੈ ਅਤੇ ਜਲਦ ਹੀ ਇਸ ਸਮੱਸਿਆ ਦਾ ਵੀ ਹੱਲ ਕੀਤਾ ਜਾਵੇਗਾ।