ਅੰਮ੍ਰਿਤਸਰ: ਇੰਟਰਨੈਸ਼ਨਲ ਪੰਥਕ ਦਲ ਕਿਸਾਨ ਬਚਾੳ ਮੋਰਚਾ ਵੱਲੋਂ ਬੁੱਧਵਾਰ ਖੇਤੀ ਆਰਡੀਨੈਂਸ ਦੇ ਵਿਰੋਧ ਵਿੱਚ ਅੰਮ੍ਰਿਤਸਰ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਸ਼ਵੇਤ ਮਲਿਕ ਦੀ ਕੋਠੀ ਦਾ ਘਿਰਾਉ ਕੀਤਾ ਗਿਆ। ਇਸ ਮੌਕੇ ਇਕੱਤਰ ਧਰਨਾਕਾਰੀਆਂ ਵੱਲੋਂ ਜੰਮ ਕੇ ਮੋਦੀ ਸਰਕਾਰ ਵਿਰੁੱਧ ਨਾਹਰੇਬਾਜ਼ੀ ਕੀਤੀ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਇੰਟਰਨੈਸ਼ਨਲ ਪੰਥਕ ਦਲ ਕਿਸਾਨ ਬਚਾਓ ਮੋਰਚਾ ਦੇ ਆਗੂ ਕਿਰਪਾ ਸਿੰਘ ਨੇ ਦਸਿਆ ਕਿ ਅੱਜ ਦਾ ਧਰਨਾ ਲਗਾਉਂਦਿਆਂ ਉਨ੍ਹਾਂ ਨੇ ਭਾਜਪਾ ਦੇ ਮੈਂਬਰ ਪਾਰਲੀਮੈਂਟ ਸ਼ਵੇਤ ਮਲਿਕ ਦੀ ਕੋਠੀ ਦਾ ਘਿਰਾਉ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਘਿਰਾਉ ਰਾਹੀਂ ਉਹ ਪੰਜਾਬ ਭਾਜਪਾ ਦੇ ਆਗੂਆਂ ਨੂੰ ਇਹ ਦੱਸਣਾ ਚਾਹੁੰਦੇ ਹਨ ਕਿ ਉਹ ਕੇਂਦਰ ਦੀ ਮੋਦੀ ਸਰਕਾਰ ਦਾ ਮੋਹ ਛੱਡ ਦੇਣ ਅਤੇ ਆਪਣੇ ਪੰਜਾਬੀ ਹੋਣ ਦਾ ਪ੍ਰਮਾਣ ਦਿੰਦੇ ਹੋਏ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ। ਖੇਤੀ ਆਰਡੀਨੈਂਸ ਦਾ ਕਿਸੇ ਨੂੰ ਵੀ ਕੋਈ ਫ਼ਾਇਦਾ ਨਹੀਂ ਹੈ ਅਤੇ ਜ਼ਬਰਦਸਤੀ ਕਿਸਾਨਾਂ ਉਪਰ ਥੋਪਿਆ ਜਾ ਰਿਹਾ ਹੈ।
ਮੋਰਚੇ ਦੇ ਆਗੂ ਲਖਵਿੰਦਰ ਸਿੰਘ ਨੇ ਕਿਹਾ ਕਿ ਇਸ ਸਬੰਧੀ 31 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿੱਚ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਸ਼ਵਾਸ ਦੁਆਇਆ ਹੈ ਕਿ ਇੱਕ ਇਜਲਾਸ ਕਰਕੇ ਇਸ ਸੰਬਧੀ ਮਤਾ ਪਾਇਆ ਜਾਵੇਗਾ।
ਆਗੂਆਂ ਨੇ ਕਿਹਾ ਕਿ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਹਰ ਵਰਗ ਹਰ ਰਾਜਨੀਤਕ ਪਾਰਟੀ ਕਿਸਾਨਾਂ ਦੇ ਸਮਰਥਨ ਵਿੱਚ ਖੜੀ ਹੈ ਅਤੇ ਹੁਣ ਭਾਜਪਾ ਨੂੰ ਵੀ ਚਾਹੀਦਾ ਹੈ ਕਿ ਉਹ ਕਿਸਾਨਾਂ ਦੀ ਆਵਾਜ਼ ਦਾ ਸਮਰਥਨ ਕਰਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨ ਲੈਂਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।