ਅੰਮ੍ਰਿਤਸਰ: ਦੇਵੀਦਾਸ ਰੇਲਵੇ ਲਾਈਨਾਂ 'ਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਲਾਇਆ ਧਰਨਾ 11ਵੇਂ ਦਿਨ ਵੀ ਜਾਰੀ ਰਿਹਾ। ਕਿਸਾਨ ਲਗਾਤਾਰ ਡੱਟੇ ਹੋਏ ਹਨ ਅਤੇ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ ਨੇ ਗੱਲਬਾਤ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਵਿਰੁੱਧ ਸਾਰੀਆਂ ਜਥੇਬੰਦੀਆਂ ਇਕਜੁਟ ਹੋ ਰਹੀਆਂ ਹਨ ਅਤੇ ਲੋਕ ਵੀ ਭਰਵਾਂ ਸਾਥ ਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਦਾ ਲਗਾਤਾਰ ਕਿਸਾਨਾਂ ਵੱਲੋਂ ਘਿਰਾਉ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਹ ਹੁਣ ਛੁਪ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਇਕੱਲੀ ਪਾਰਟੀ ਹੈ ਜਿਹੜੀ ਕਿਸਾਨ ਮਾਰੂ ਕਾਨੂੰਨਾਂ ਦੇ ਹੱਕ ਵਿੱਚ ਗੁਮਰਾਹਕੁਨ ਪ੍ਰਚਾਰ ਕਰ ਰਹੀ ਹੈ, ਪਰ ਕਿਸਾਨਾਂ ਨੇ ਭਾਜਪਾ ਪ੍ਰਧਾਨ ਤਰੁਣ ਚੁੱਘ ਨੂੰ ਵੀ ਪ੍ਰੋਗਰਾਮ ਵਿੱਚ ਭਜਾਇਆ ਹੈ ਅਤੇ ਦੱਸਿਆ ਹੈ ਕਿ ਉਹ ਗੁਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣਗੇ।
ਰਾਹੁਲ ਗਾਂਧੀ ਦੀ ਐਤਵਾਰ ਨੂੰ ਪੰਜਾਬ ਫੇਰੀ ਬਾਰੇ ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਪਹਿਲਾਂ ਨਹੀਂ ਪਤਾ ਸੀ, ਜਦੋਂ ਬਿੱਲ ਪਾਸ ਹੋਣਾ ਸੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਚਾਹੀਦਾ ਸੀ ਕਿ ਉਹ ਰਾਜ ਸਭਾ ਵਿੱਚ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ, ਉਸ ਵੇਲੇ ਇਹ ਬਾਹਰ ਭੱਜ ਗਏ। ਹੁਣ ਇਹ ਲੋਕਾਂ ਦਾ ਵਿਰੋਧ ਵੇਖ ਕੇ ਅੱਗੇ ਆਣ ਵਾਲੇ ਸਮੇਂ ਵਿੱਚ ਆਪਣੀ ਪਾਰਟੀ ਦੀ ਸੱਤਾ ਖਿਸਕਦੀ ਵੇਖ ਕੇ ਪੰਜਾਬ ਵੱਲ ਭੱਜੇ ਆਏ ਹਨ। ਇਹ ਸਭ ਪਾਰਟੀਆਂ ਵੱਲੋਂ ਡਰਾਮੇ ਕੀਤੇ ਜਾ ਰਹੇ ਹਨ।
ਕਿਸਾਨ ਆਗੂ ਨੇ ਕਿਹਾ ਕਿ ਇਹ ਧਰਨੇ-ਮੁਜ਼ਾਹਰੇ ਉਦੋਂ ਤੱਕ ਲਗਾਤਾਰ ਜਾਰੀ ਰਹਿਣਗੇ ਜਦ ਤੱਕ ਕੇਂਦਰ ਦੀ ਮੋਦੀ ਸਰਕਾਰ ਇਹ ਕਾਲੇ ਕਾਨੂੰਨ ਵਾਪਸ ਨਹੀਂ ਲੈ ਲੈਂਦੀ।