ਅੰਮ੍ਰਿਤਸਰ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਿੱਲੀ ਦੀਆਂ ਹੱਦਾਂ ’ਤੇ 9 ਮਹੀਨਿਆਂ ਤੋਂ ਜਾਰੀ ਹੈ। ਇਸ ਸੰਘਰਸ਼ ਦਰਮਿਆਨ ਸੰਯੁਕਤ ਕਿਸਾਨ ਮੋਰਚੇ ਵੱਲੋਂ 5 ਸਤੰਬਰ ਨੂੰ ਮਿਸ਼ਨ ਯੂਪੀ ਤਹਿਤ ਉੱਤਰ ਪ੍ਰਦੇਸ਼ ਦੇ ਮੁਜੱਫ਼ਰਨਗਰ ਵਿਖੇ ਕਿਸਾਨ ਮਹਾਪੰਚਾਇਤ ਕੀਤੀ ਜਾ ਰਹੀ ਹੈ। ਇਸ ਮਹਾਪੰਚਾਇਤ ਵਿੱਚ ਸ਼ਾਮਿਲ ਹੋਣ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਬੱਸਾਂ ਭਰ ਕੇ ਕਿਸਾਨਾਂ ਦੇ ਕਾਫ਼ਲੇ ਰਵਾਨਾ ਹੋਏ ਹਨ। ਇਸ ਦੇ ਤਹਿਤ ਅੰਮ੍ਰਿਤਸਰ ਤੋਂ ਵੀ ਕਿਸਾਨਾਂ ਦਾ ਵੱਡਾ ਜੱਥਾ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਤੋਂ ਰੇਲ ਰਾਹੀਂ ਰਵਾਨਾ ਹੋਇਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਪਰਮਜੀਤ ਸਿੰਘ ਤੇ ਅਮਰੀਕ ਸਿੰਘ ਰਾਜੂ ਨੇ ਕਿਹਾ ਕਿ 5 ਸਤੰਬਰ ਦੀ ਮਹਾਪੰਚਾਇਤ ਯੂਪੀ ਵਿੱਚ ਬੀਜੇਪੀ ਦਾ ਸਫਾਇਆ ਕਰਨ ਅਤੇ ਕਿਸਾਨ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਦੇ ਇਰਾਦੇ ਨਾਲ ਕੀਤੀ ਜਾ ਰਹੀ ਹੈ। ਇਸ ਮਹਾਪੰਚਾਇਤ ਵਿੱਚ ਪੰਜਾਬ ਸਮੇਤ ਦੇਸ਼ ਭਰ ਤੋਂ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋ ਰਹੇ ਹਨ। ਇਸ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ ਆਜ਼ਾਦ ਸੰਘਰਸ਼ ਕਮੇਟੀ ਵੱਲੋਂ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਔਰਤਾਂ ਔਰਤਾਂ ਰਵਾਨਾ ਹੋਈਆਂ ਹਨ। ਅੱਗੇ ਬੋਲਦੇ ਹੋਏ ਕਿਸਾਨਾਂ ਨੇ ਕਿਹਾ ਕਿ ਉਹ ਕਿਸੇ ਵੀ ਹਾਲ 'ਚ ਹਾਰ ਨਹੀਂ ਮੰਨਣਗੇ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਮਹਿਜ਼ ਕਾਰਪੋਰੇਟ ਘਰਾਣਿਆਂ ਲਈ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਕਿਸਾਨਾਂ 'ਤੇ ਥੋਪਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ਦੇ ਕਿਸਾਨ ਅਜਿਹਾ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਮਹਿਜ਼ ਕਿਸਾਨਾਂ ਦਾ ਹੀ ਨਹੀਂ ਸਗੋਂ ਹਰ ਵਰਗ ਦੇ ਲੋਕਾਂ ਲਈ ਹੈ। ਕਿਉਂਕਿ ਇਨ੍ਹਾਂ ਕਾਨੂੰਨਾਂ ਰਾਹੀਂ ਆਮ ਵਿਅਕਤੀ ਨੂੰ ਮਹਿੰਗਾਈ ਦੀ ਮਾਰ ਝੱਲਣੀ ਪਵੇਗੀ ਤੇ ਆਮ ਲੋਕ ਰੋਟੀ ਤੋਂ ਵਾਂਝੇ ਹੋ ਜਾਣਗੇ।
ਇਹ ਵੀ ਪੜ੍ਹੋ:ਖੇਤੀ ਕਾਨੂੰਨਾਂ ‘ਤੇ ਕੈਪਟਨ ਦਾ ਸੁਖਬੀਰ ਨੂੰ ਠੋਕਵਾਂ ਜਵਾਬ