ਅੰਮ੍ਰਿਤਸਰ: ਕਿਰਤੀ ਕਿਸਾਨ ਯੂਨੀਅਨ ਵੱਲੋਂ ਅੰਮ੍ਰਿਤਸਰ ਦੇ ਡੀਸੀ ਦਫ਼ਤਰ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਲਾਇਆ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕਿਹਾ ਸੀ ਕਿ ਕਿਸਾਨਾਂ ਦੇ ਕਰਜੇ ਮਾਫ਼ ਕੀਤੇ ਜਾਣਗੇ ਤੇ ਕਈ ਹੋਰ ਵੀ ਵੱਡੇ-ਵੱਡੇ ਵਾਅਦੇ ਕੀਤੇ ਗਏ ਸੀ। ਉਨ੍ਹਾਂ ਨੇ ਕਿਹਾ ਕਿ ਨਾ ਤਾਂ ਉਨ੍ਹਾਂ ਨੇ ਆਪਣੇ ਬਾਕੀ ਵਾਅਦੇ ਪੂਰੇ ਕੀਤੇ ਹਨ ਤੇ ਨਾ ਹੀ ਉਨ੍ਹਾਂ ਨੇ ਕਿਸਾਨਾਂ ਦਾ ਕਰਜਾ ਮਾਫ਼ ਕੀਤਾ ਹੈ।
ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਸਾਨਾਂ ਨੇ ਕਿਹਾ ਕਿ ਜਦ ਤੱਕ ਸਾਡੇ ਕਰਜੇ ਮਾਫ਼ ਨਹੀਂ ਕੀਤੇ ਜਾਣਗੇ ਅਸੀਂ ਇਸ ਤਰ੍ਹਾਂ ਹੀ ਪ੍ਰਦਰਸ਼ਨ ਕਰਦੇ ਰਹਾਂਗੇ। ਉਨ੍ਹਾਂ ਕਿਹਾ ਸਰਕਾਰ ਨੇ ਸੱਤਾ ਵਿਚ ਆਓਣ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕੀਤੇ ਸੀ ਪਰ ਉਹ ਆਪਣੇ ਵਾਅਦਿਆਂ ਤੇ ਖਰੀ ਨਹੀਂ ਉੱਤਰੀ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅੰਮ੍ਰਿਤਸਰ ਦੇ ਡੀਸੀ ਸ਼ਿਵ ਦੁਲਾਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਇਹ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੰਗਾਂ ਦਾ ਪਤਾ ਲਗਾਇਆ ਜਾਵੇਗਾ ਤਾਂ ਜੋ ਉਹ ਪੂਰੀਆਂ ਕੀਤੀਆਂ ਜਾ ਸਕਣ।
ਇਹ ਵੀ ਪੜ੍ਹੋ: ਕਰਜ਼ ਮਾਫ਼ੀ ਨੂੰ ਲੈ ਕੇ ਕਿਸਾਨਾਂ ਨੇ ਕੀਤਾ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ
ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਜਤਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਅੱਜ ਅਸੀਂ ਕਰਜ ਮਾਫ਼ੀ ਦੇ 1000 ਤੋਂ ਵੀ ਵੱਧ ਫਾਰਮ ਭਰ ਕੇ ਡੀਸੀ ਦਫ਼ਤਰ ਦਿੱਤੇ ਹਨ। ਅਸੀਂ ਸਰਕਾਰ ਕੋਲ ਮੰਗ ਕਰਦੇ ਹਾਂ ਕਿ ਸਾਡੇ ਕਿਸਾਨਾਂ ਨੂੰ ਦੋ ਲੱਖ ਦੀ ਕਰਜ ਰਾਸ਼ੀ ਦਿੱਤੀ ਜਾਵੇ। ਸਾਡੀ ਇਸ ਮੰਗ ਨੂੰ ਲੈ ਕੇ 11 ਜ਼ਿਲ੍ਹਿਆਂ ਦੇ ਕਿਸਾਨ ਜੱਥੇਬੰਦਿਆਂ ਵਲੋਂ ਧਰਨੇ ਦਿੱਤੇ ਗਏ ਹਨ।