ਅੰਮ੍ਰਿਤਸਰ: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਕਿਸਾਨਾਂ ਦੀ ਫਸਲ ਨੂੰ ਅੱਗ ਤੋਂ ਬਚਾਉਣ ਲਈ 96461-06836 ਅਤੇ ਵਟਸਐਪ ਨੰਬਰ 96461-06835 ਜਾਰੀ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਫਸਲ ਦੀ ਕਟਾਈ ਸਮੇਂ ਅੱਗ ਤੋਂ ਬਚਣ ਲਈ ਸਾਵਧਾਨ ਵੀ ਕੀਤਾ ਹੈ।
ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਬਾਰਡਰ ਜ਼ੋਨ ਦੇ ਚੀਫ਼ ਇੰਜਨੀਅਰ ਪ੍ਰਦੀਪ ਕਮੁਾਰ ਸੈਣੀ ਨੇ ਕਿਹਾ ਕਿ ਕਿਸਾਨਾਂ ਵੱਲੋਂ ਫਸਲ ਦੀ ਕਟਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਦੇਖਿਆ ਗਿਆ ਸੀ ਕਿ ਕਣਕ ਦੀ ਕਟਾਈ ਸਮੇਂ ਬਿਜਲੀ ਦੀਆਂ ਤਾਰਾਂ ਢਿੱਲੀਆਂ ਹੋਣ, ਬਿਜਲੀ ਦੇ ਟਰਾਂਸਫਾਰਮਰ ਤੋਂ ਨਿਕਲੇ ਚੰਗਿਆੜਿਆਂ ਕਾਰਨ, ਮਜ਼ਦੂਰਾਂ ਦੁਆਰਾ ਸੁੱਟੀ ਸੁਲਗਦੀ ਬੀੜੀ ਸਿਗਰਟ ਕਾਰਨ ਜਾਂ ਕਿਸੇ ਹੋਰ ਅਣਗਹਿਲੀ ਕਾਰਨ ਕਣਕ ਦੀ ਫਸਲ ਜਾਂ ਕਣਕ ਦੇ ਨਾੜ ਨੂੰ ਅੱਗ ਲੱਗ ਜਾਂਦੀ ਹੈ।
ਇਨ੍ਹਾਂ ਅਣਗਹਿਲੀਆਂ ਨਾਲ ਫਸਲ ਦੇ ਨੁਕਸਾਨ ਹੋਣ ਦੇ ਨਾਲ ਨਾਲ ਖੇਤੀ ਮਸ਼ੀਨਰੀ,ਪਸ਼ੂਆਂ ਅਤੇ ਮਨੁੱਖਾਂ ਦਾ ਬਹੁਤ ਨੁਕਸਾਨ ਹੋ ਜਾਂਦਾ ਹੈ। ਇਸ ਲਈ ਖੇਤਾਂ ਵਿੱਚ ਬਿਜਲੀ ਦੀਆਂ ਤਾਰਾਂ ਦੀ ਉੱਚਾਈ ਐਨੀ ਕੁ ਹੋਣੀ ਚਾਹੀਦੀ ਹੈ ਕਿ ਕਣਕ ਦੀ ਕਟਾਈ ਸਮੇਂ ਕੰਬਾਈਨ ਹਾਰਵੈਸਟਰ ਛੱਤਰੀ ਸਮੇਤ ਆਸਾਨੀ ਨਾਲ ਨਿਕਲ ਸਕੇ।
ਉਨਾਂ ਕਿਹਾ ਕਿ ਕੰਬਾਈਨ ਹਾਰਵੈਸਟਰ ਨੂੰ ਚਲਾਉਣ ਤੋਂ ਪਹਿਲਾਂ ਚੰਗੀ ਤਰਾਂ ਮਕੈਨਿਕ ਤੋ ਚੈਕ ਕਰਵਾ ਲਈ ਜਾਵੇ ਤਾਂ ਜੋ ਕੰਬਾਈਨ ਹਾਰਵੈਸਟਰ ਦੇ ਪੁਰਜ਼ਿਆਂ ਤੋਂ ਨਿਕਲਣ ਵਾਲੀਆਂ ਚੰਗਿਆਂੜੀਆਂ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ। ਇਸ ਤੋਂ ਇਲਾਵਾ ਪੀਐਸਪੀਸੀਐਲ ਦੇ ਐਸਈ ਜੀ.ਐਸ.ਖਹਿਰਾ ਨੇ ਦੱਸਿਆ ਕਿ ਬਿਜਲੀ ਦੀਆਂ ਢਿੱਲੀਆਂ ਤਾਰਾਂ, ਟਰਾਂਸਫਰ / ਜੀਓ ਸਵਿੱਚ ਸਪਾਰਕਿੰਗ ਜਾਂ ਬਿਜਲੀ ਦੀ ਸਪਾਰਕਿੰਗ ਦੀ ਤੁਰੰਤ ਸੂਚਨਾ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀ ਜਾਵੇ ਅਤੇ ਢਿੱਲੀਆਂ ਬਿਜਲੀ ਦੀਆਂ ਤਾਰਾਂ ਨੂੰ ਠੀਕ ਕਰਨ ਦਾ ਕੰਮ ਪਹਿਲ ਦੇ ਆਧਾਰ ਤੇ ਕਰਵਾ ਲੈਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਪੰਜਾਬ ’ਚ ਨਹੀਂ ਲੱਗੇਗਾ ਲਾਕਡਾਊਨ: ਸਿਹਤ ਮੰਤਰੀ
ਉਨਾਂ ਕਿਹਾ ਕਿ ਬਚਾਓ ਲਈ ਜਰੂਰੀ ਹੈ ਕਿ ਖੇਤਾਂ ਵਿੱਚ ਮੌਜੂਦ ਟਰਾਂਸਫਰਾਂ ਦੇ ਆਲੇ ਦੁਆਲਿਉਂ ਤਕਰੀਬਨ ਇਕ ਮਰਲੇ ਦੇ ਰਕਬੇ ਵਿਚੋਂ ਕਣਕ ਦੀ ਕਟਾਈ ਕਰਕੇ ਵੱਖਰੀ ਰੱਖ ਲਈ ਜਾਵੇ। ਖਹਿਰਾ ਨੇ ਕਿਹਾ ਕਿ ਅੱਗ ਲੱਗਣ ਜਾਂ ਬਿਜਲੀ ਦੇ ਸਪਾਰਕ ਹੋਣ ਤੇ ਉਸ ਦੀ ਫੋਟੋ ਅਤੇ ਲੋਕੇਸ਼ਨ ਤੁਰੰਤ ਵਟਸਐਪ ਨੰਬਰ ਤੇ ਭੇਜੀ ਜਾ ਸਕਦੀ ਹੈ ਜਾਂ ਨੋਡਲ ਸ਼ਿਕਾਇਤ ਕੇਂਦਰ 1912 ’ਤੇ ਫ਼ੋਨ ਕਰਕੇ ਇਸ ਸਬੰਧੀ ਜਾਣਕਾਰੀ ਵੀ ਦਿੱਤੀ ਜਾ ਸਕਦੀ ਹੈ।